ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਅਤੇ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ

ਕਰਤਾਰਪੁਰ ਲਾਂਘੇ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਹੋਏ ਸਮਾਗਮ ਵਿੱਚ ਸ਼ਿਰਕਤ ਕੀਤੀ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ ਕੀਤਾ

Posted On: 09 NOV 2019 2:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਅਤੇ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਉਹ ਡੇਰਾ ਬਾਬਾ ਨਾਨਕ ਵਿਖੇ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਅਤੇ ਕਾਰਤਾਰਪੁਰ ਲਾਂਘੇ ਦੇ ਉਦਘਾਟਨ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਨੇ ਇਸ ਮੌਕੇ ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿ ਉਹ ਪਵਿੱਤਰ ਸਥਾਨ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਲਾਂਘਾ ਰਾਸ਼ਟਰ ਨੂੰ ਸਮਰਪਿਤ ਕਰਕੇ ਮਨਮਾਨ ਮਹਿਸੂਸ ਕਰ ਰਹੇ ਹਨ।

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਦਾ ਕੌਮੀ ਸੇਵਾ ਐਵਾਰਡ ਨਾਲ ਸਨਮਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਕਮਲਾਂ ਨੂੰ ਸਮਰਪਿਤ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਉਨ੍ਹਾਂ ਦੀ ਅਪਾਰ ਬਖ਼ਸ਼ਿਸ਼ ਹੋਈ ਹੈ ਜਿਸ ਰਾਹੀਂ ਹੁਣ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੀ ਯਾਤਰਾ ਕਰਨਾ ਸੌਖਾ ਹੋ ਗਿਆ ਹੈ।

ਪ੍ਰਧਾਨ ਮੰਤਰੀ ਨੇ ਐੱਸਜੀਪੀਸੀ, ਪੰਜਾਬ ਸਰਕਾਰ ਅਤੇ ਇਸ ਨਾਲ ਸਬੰਧਿਤਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਰਿਕਾਰਡ ਸਮੇਂ ਵਿੱਚ ਤੀਰਥ ਯਾਤਰੀਆਂ ਦੇ ਸਰਹੱਦ ਪਾਰ ਜਾਣ ਲਈ ਇਸ ਲਾਂਘੇ ਦਾ ਨਿਰਮਾਣ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਰਹੱਦੋਂ ਪਾਰ ਇਸ ਲਾਂਘੇ ਨੂੰ ਸੰਪੂਰਨ ਕਰਵਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਭਾਰਤ ਲਈ ਹੀ ਨਹੀਂ, ਬਲਕਿ ਸਮੁੱਚੀ ਦੁਨੀਆ ਲਈ ਇੱਕ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਸਿਰਫ਼ ਗੁਰੂ ਹੀ ਨਹੀਂ ਹਨ, ਬਲਕਿ ਉਹ ਇੱਕ ਫਲਸਫ਼ਾ ਹਨ ਅਤੇ ਸਾਡੇ ਜੀਵਨ ਜਿਉਣ ਦਾ ਇੱਕ ਅਧਾਰ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸੱਚੀਆਂ ਕਦਰਾਂ ਕੀਮਤਾਂ ਨਾਲ ਜਿਉਣ ਦਾ ਮਹੱਤਵ ਸਿਖਾਇਆ ਹੈ ਅਤੇ ਇਮਾਨਦਾਰੀ ਅਤੇ ਆਤਮ ਵਿਸ਼ਵਾਸ ਦੇ ਅਧਾਰ ਤੇ ਇੱਕ ਆਰਥਿਕ ਪ੍ਰਣਾਲੀ ਵੀ ਪ੍ਰਦਾਨ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਸਮਾਨਤਾ, ਭਾਈਚਾਰਾ ਅਤੇ ਏਕਤਾ ਦੀ ਸਿੱਖਿਆ ਦਿੱਤੀ ਅਤੇ ਉਨ੍ਹਾਂ ਨੇ ਵਿਭਿੰਨ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਲਈ ਸੰਘਰਸ਼ ਕੀਤਾ।

ਕਰਤਾਰਪੁਰ ਨੂੰ ਨਾਨਕ ਦੇਵ ਜੀ ਦੀ ਰੂਹਾਨੀ ਆਭਾ ਨਾਲ ਭਰਪੂਰ ਪਵਿੱਤਰ ਸਥਾਨ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲਾਂਘਾ ਹਜ਼ਾਰਾਂ ਤੀਰਥ ਯਾਤਰੀਆਂ ਦੀ ਮਦਦ ਕਰੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਸਰਕਾਰ ਨੇ ਦੇਸ਼ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕੀਤੀ ਹੈ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਦੇਸ਼ ਅਤੇ ਵਿਸ਼ਵ ਪੱਧਰ ਤੇ ਸਫਾਰਤਖਾਨਿਆਂ ਰਾਹੀ ਕਈ ਪ੍ਰੋਗਰਾਮ ਕੀਤੇ ਗਏ ਹਨ।

ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮੁੱਚੇ ਦੇਸ਼ ਵਿੱਚ ਮਨਾਉਣ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਵਿੱਚ ਗੁਜਰਾਤ ਦੇ ਜਾਮਨਗਰ ਵਿੱਚ 750 ਬਿਸਤਰਿਆਂ ਦਾ ਹਸਪਤਾਲ ਬਣਾਇਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਨੈਸਕੋ ਦੀ ਮਦਦ ਨਾਲ ਗੁਰਬਾਣੀ ਨੂੰ ਵਿਸ਼ਵ ਦੀਆਂ ਵਿਭਿੰਨ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਜਾ ਰਿਹਾ ਹੈ ਜਿਸ ਨਾਲ ਨਵੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਮਹੱਤਵਪੂਰਨ ਸਥਾਨਾਂ ਨੂੰ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ, ਦਮਦਮਾ ਸਾਹਿਬ, ਕੇਸਗੜ੍ਹ ਸਾਹਿਬ, ਪਟਨਾ ਸਾਹਿਬ ਅਤੇ ਹਜ਼ੂਰ ਸਾਹਿਬ ਦਾ ਰੇਲਵੇ ਅਤੇ ਹਵਾਈ ਸੰਪਰਕ ਮਜ਼ਬੂਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਅਤੇ ਨਾਂਦੇੜ ਵਿਚਕਾਰ ਵਿਸ਼ੇਸ਼ ਉਡਾਣਾਂ ਦੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤਰ੍ਹਾਂ ਹੀ ਅੰਮ੍ਰਿਤਸਰ ਤੋਂ ਲੰਡਨ ਤੱਕ ਦਾ ਸੰਦੇਸ਼ ਦਿੰਦੀ ਏਅਰ ਇੰਡੀਆ ਦੀ ਹਵਾਈ ਉਡਾਣ ਚੱਲ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲਿਆ ਹੈ ਜਿਸ ਨਾਲ ਸਮੁੱਚੇ ਵਿਸ਼ਵ ਵਿੱਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਲਾਭ ਹੋਇਆ ਹੈ। ਵਿਦੇਸ਼ ਰਹਿ ਰਹੇ ਲੋਕਾਂ ਨੂੰ ਭਾਰਤ ਆਉਣ ਮੌਕੇ ਆਉਂਦੀਆਂ ਮੁਸ਼ਕਲਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਬਹੁਤ ਸਾਰੇ ਪਰਿਵਾਰ ਵੀਜਾ ਅਤੇ ਓਸੀਆਈ ਕਾਰਡਾਂ ਲਈ ਅਰਜ਼ੀਆਂ ਦੇ ਸਕਦੇ ਹਨ। ਉਹ ਭਾਰਤ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਸੌਖਾ ਹੀ ਮਿਲ ਸਕਦੇ ਹਨ ਅਤੇ ਤੀਰਥ ਸਥਾਨਾਂ ਦੀ ਯਾਤਰਾ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਦੋ ਹੋਰ ਫੈਸਲਿਆਂ ਨਾਲ ਵੀ ਸਿੱਖਾਂ ਨੂੰ ਮਦਦ ਮਿਲੀ ਹੈ। ਇਨ੍ਹਾਂ ਵਿਚੋਂ ਇੱਕ ਧਾਰਾ 370 ਨੂੰ ਖਤਮ ਕਰਨਾ ਹੈ। ਇਸ ਨਾਲ ਜੰਮੂ ਅਤੇ ਕਸ਼ਮੀਰ ਅਤੇ ਲੇਹ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਮਦਦ ਮਿਲੇਗੀ ਅਤੇ ਉਹ ਦੇਸ਼ ਦੇ ਹੋਰ ਨਾਗਰਿਕਾਂ ਵਾਂਗ ਹੀ ਸਮਾਨ ਅਧਿਕਾਰ ਪ੍ਰਾਪਤ ਕਰ ਸਕਣਗੇ। ਇਸ ਤਰ੍ਹਾਂ ਹੀ ਨਾਗਰਿਕਤਾ ਸੋਧ ਬਿੱਲ ਨਾਲ ਸਿੱਖਾਂ ਨੂੰ ਦੇਸ਼ ਦੇ ਨਾਗਰਿਕ ਬਣਨ ਵਿੱਚ ਆਸਾਨੀ ਹੋਵੇਗੀ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਗੁਰੂ ਗੋਬਿੰਦ ਸਿੰਘ ਜੀ ਤੱਕ ਕਈ ਅਧਿਆਤਮਕ ਗੁਰੂਆਂ ਨੇ ਭਾਰਤ ਦੀ ਏਕਤਾ ਅਤੇ ਸੁਰੱਖਿਆ ਲਈ ਆਪਣਾ ਜੀਵਨ ਸਪਰਪਣ ਕਰ ਦਿੱਤਾ। ਦੇਸ਼ ਦੇ ਅਜ਼ਾਦੀ ਸੰਗਰਾਮ ਵਿੱਚ ਕਈ ਸਿੱਖਾਂ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੇਂਦਰ ਨੇ ਇਨ੍ਹਾਂ ਨੂੰ ਮਾਨਤਾ ਦੇਣ ਲਈ ਕਈ ਕਦਮ ਉਠਾਏ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਲਿਆਂਵਾਲਾ ਬਾਗ ਯਾਦਗਾਰ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਦਿਆਰਥੀਆਂ ਦੇ ਹੁਨਰ ਅਤੇ ਸਵੈ ਰੋਜ਼ਗਾਰ ਤੇ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਦਰਭ ਵਿੱਚ ਲਗਭਗ 27 ਲੱਖ ਸਿੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਹੈ।

ਵੀਆਰਆਰਕੇ
 



(Release ID: 1591221) Visitor Counter : 89


Read this release in: English