ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲਾ

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅਸਾਮ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਅਤੇ ਹੜ੍ਹ ਸਹਾਇਤਾ ਲਈ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਤੋਂ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ

Posted On: 26 JUL 2020 2:08PM by PIB Chandigarh

ਕੇਂਦਰੀ ਉੱਤਰ-ਪੂਰਬੀ  ਖੇਤਰ ਵਿਕਾਸ  ਰਾਜ ਮੰਤਰੀ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਲੋਕ ਸ਼ਿਕਾਇਤਾਂ, ਪੈਨਸ਼ਨ, ਪਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ  ਡਾ. ਜਿਤੇਂਦਰ ਸਿੰਘ ਨੇ ਅੱਜ ਅਸਾਮ ਦੇ ਮੁੱਖ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਨਾਲ ਟੈਲੀਫੋਨ 'ਤੇ ਗੱਲ ਕੀਤੀ ਅਤੇ ਲਗਾਤਾਰ ਵਰਖਾ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਮੁਰੰਮਤ ਲਈ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਤੋਂ ਹਰ ਸੰਭਵ ਹੜ੍ਹ ਸਹਾਇਤਾ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ।   

 

ਬਾਅਦ ਵਿੱਚ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲੇ ਦੀ ਸਰਪ੍ਰਸਤੀ ਤਹਿਤ ਉੱਤਰ-ਪੂਰਬੀ ਪਰਿਸ਼ਦ (ਐੱਨਈਸੀ) ਲਗਾਤਾਰ ਵਰਖਾ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ ਬੁਨਿਆਦੀ ਢਾਂਚਿਆਂ ਦੀ ਬਹਾਲੀ ਅਤੇ ਮੁਰੰਮਤ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗੀ।  

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਉੱਤਰ-ਪੂਰਬੀ ਖੇਤਰ ਵਿਕਾਸ ਮੰਤਰਾਲਾ ਸਰਕਾਰ ਦੀਆਂ ਦੂਜੀਆਂ ਏਜੰਸੀਆਂ ਅਤੇ ਹੋਰਨਾਂ ਸਰੋਤਾਂ ਨਾਲ ਵੀ ਸਬੰਧਿਤ ਕਾਰਜਾਂ ਲਈ ਵਿੱਤੀ ਅਤੇ ਹੋਰ ਸਹਾਇਤਾ ਲਈ ਤਾਲਮੇਲ ਕਰੇਗਾ। ਉਨ੍ਹਾਂ ਕਿਹਾ ਕਿ ਉੱਤਰ-ਪੂਰਬ ਦੇ ਲੋਕਾਂ ਦੀ ਭਲਾਈ ਅਤੇ ਚਿੰਤਾ  ਮੋਦੀ ਸਰਕਾਰ ਦੀ ਸਰਬਉੱਚ  ਤਰਜੀਹ ਹੈ।

 

ਉੱਤਰ-ਪੂਰਬੀ ਖੇਤਰ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਅਸਾਮ, ਅਰੁਣਾਚਲ ਪ੍ਰਦੇਸ਼ ਅਤੇ ਉੱਤਰ-ਪੂਰਬ ਦੇ ਹੋਰ ਪ੍ਰਭਾਵਿਤ ਰਾਜਾਂ ਵਿੱਚ ਹੜ੍ਹਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ  ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਿਜੀ ਤੌਰ 'ਤੇ ਇਸ ਬਾਰੇ ਪੁੱਛਗਿੱਛ ਕਰ ਰਹੇ ਹਨ ਅਤੇ ਬਾਕਾਇਦਾ ਤੌਰ 'ਤੇ ਅੱਪਡੇਟ ਲੈ ਰਹੇ ਹਨ।

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਉਹ ਸਬੰਧਿਤ ਮੁੱਖ ਮੰਤਰੀਆਂ ਅਤੇ ਰਾਜ ਸਰਕਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

 

ਉੱਤਰ-ਪੂਰਬੀ ਖੇਤਰ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਅਸਾਮ ਰਾਜ ਵਿੱਚ ਇਸ ਸਾਲ ਆਏ ਹੜ੍ਹਾਂ ਨੇ 30 ਜ਼ਿਲ੍ਹਿਆਂ ਵਿੱਚ ਤਕਰੀਬਨ 56 ਲੱਖ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਹੜ੍ਹਾਂ ਕਾਰਨ ਹੁਣ ਤੱਕ 120 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅਸਾਮ ਨੂੰ ਪਹਿਲਾਂ ਹੀ ਤਿੰਨ ਵਾਰ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨਾਲ ਭਾਰੀ ਨੁਕਸਾਨ ਪੁੱਜਾ ਅਤੇ ਆਮ ਜਨਜੀਵਨ ਵਿਆਪਕ ਤੌਰ ’ਤੇ ਅਸਤ-ਵਿਅਸਤ ਹੋਇਆ ਤੇ ਵਿਘਨ ਪਿਆ ਅਤੇ ਅਸਾਮ ਰਾਜ ਉੱਪਰ ਭਾਰੀ ਬੋਝ ਪਿਆ ਹੈ, ਜੋ ਇਸ ਵੇਲੇ ਕੋਵਿਡ-19 ਮਹਾਮਾਰੀ ਦੇ ਨਾਲ-ਨਾਲ ਹੜ੍ਹਾਂ ਦੀ ਚੁਣੌਤੀ ਦਾ ਵੀ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਮਾਨਵ ਜੀਵਨ ਅਤੇ ਸਮ੍ਰਿੱਧ ਵਣ ਜੀਵਨ, ਦੋਹਾਂ ਨੂੰ ਪ੍ਰਭਾਵਿਤ ਕੀਤਾ ਹੈ। 

 

 

ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਬਚਾਅ ਅਤੇ ਰਾਹਤ ਕਾਰਜ ਪੂਰੇ ਜ਼ੋਰਾਂ ’ਤੇ ਹਨ। ਕਾਜ਼ੀਰੰਗਾ ਵਣ ਜੀਵਨ ਰੱਖ (Kaziranga Wildlife Sanctuary) ਵਿੱਚ ਪਸ਼ੂਆਂ ਨੂੰ ਬਚਾਉਣ ਲਈ ਬਿਹਤਰ ਤਕਨੀਕਾਂ ਅਤੇ ਸੰਸਾਧਨਾਂ ਦੇ ਨਾਲ ਰਾਜ ਹਰ ਸੰਭਵ ਯਤਨ ਕਰ ਰਿਹਾ ਹੈ। 

 

ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਦੋਵੇਂ ਸਰਕਾਰਾਂ ਇਸ ਕੁਦਰਤੀ ਆਪਦਾ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲਾ ਵੀ ਰੋਜ਼ਾਨਾ ਦੇ ਅਧਾਰ ‘ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ।  

 

 

******

 

 

ਐੱਸਐੱਨਸੀ



(Release ID: 1641445) Visitor Counter : 96