ਸਿੱਖਿਆ ਮੰਤਰਾਲਾ

ਕੇਂਦਰੀ ਸਿੱਖਿਆ ਮੰਤਰੀ ਨੇ ਸਿੱਖਿਆ ਮੰਤਰਾਲੇ ਦੀਆਂ ਵੱਖ ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ

Posted On: 26 NOV 2020 2:55PM by PIB Chandigarh

ਕੇਂਦਰੀ ਸਿੱਖਿਆ ਮੰਤਰੀ ਸ੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ ਨੇ ਅੱਜ ਸਿੱਖਿਆ ਮੰਤਰਾਲੇ ਦੀਆਂ ਵੱਖ ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ। ਸੱਕਤਰ, ਉੱਚ ਸਿੱਖਿਆ ਸ਼੍ਰੀ ਅਮਿਤ ਖਰੇ, ਸਕੱਤਰ ਸਕੈਂਡਰੀ ਸਿੱਖਿਆ ਸ਼੍ਰੀਮਤੀ ਅਨੀਤਾ ਕਰਵਲ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਏ।

ਕੇਂਦਰੀ ਮੰਤਰੀ ਸ਼੍ਰੀ ਪੋਖਰਿਯਾਲ ਨੇ ਯੂਜੀਸੀ ਨੂੰ ਹਦਾਇਤ ਦਿੱਤੀ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਾਰੀਆਂ ਸਕਾਲਰਸ਼ਿਪਾਂ, ਫੈਲੋਸ਼ਿਪਾਂ ਸਮੇਂ ਸਿਰ ਵੰਡੀਆਂ ਜਾਣ ਅਤੇ ਇਸ ਲਈ ਹੈਲਪਲਾਈਨ ਸ਼ੁਰੂ ਕੀਤੀ ਜਾਵੇ। ਉਨ੍ਹਾਂ ਇਹ ਹਦਾਇਤ ਵੀ ਦਿੱਤੀ ਕਿ ਵਿਦਿਆਰਥੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਅਗਲੇ ਵਿੱਦਿਅਕ ਸਾਲ ਤੋਂ ਤਕਨੀਕੀ ਸਿੱਖਿਆ ਦੀ ਸ਼ੁਰੂਆਤ, ਵਿਸ਼ੇਸ਼ ਤੌਰ ਤੇ ਮਾਤ ਭਾਸ਼ਾ ਵਿਚ ਸਿੱਖਿਆ ਦੇਣ ਵਾਲੇ ਇੰਜੀਨੀਅਰਿੰਗ ਕੋਰਸ ਸ਼ੁਰੂ ਕਰਨ ਬਾਰੇ ਮੌਲਿਕ ਫੈਸਲਾ ਵੀ ਲਿਆ ਗਿਆ।  ਇਸ ਲਈ ਕੁਝ ਆਈਆਈਟੀ ਅਤੇ ਐਨਆਈਟੀ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। 

 ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਦੇਸ਼ ਵਿਚ ਸਿੱਖਿਆ ਪ੍ਰਣਾਲੀ ਵਿੱਚ ਤਬਦੀਲੀ ਦੇ ਉਦੇਸ਼ ਨੂੰ ਹਾਸਲ ਕਰਨ ਲਈ ਰਾਸ਼ਟਰੀ ਸਿੱਖਿਆ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕੀਤੇ ਜਾਣ ਦੇ ਕੰਮ ਨੂੰ ਯਕੀਨੀ ਬਣਾਉਣ ਲਈ ਮੰਤਰਾਲਾ ਦੇ ਅਧਿਕਾਰੀ ਕੰਮ ਕਰ ਰਹੇ ਹਨ। 

 ਇਹ ਫੈਸਲਾ ਲਿਆ ਗਿਆ ਕਿ ਰਾਸ਼ਟਰੀ ਟੈਸਟਿੰਗ ਏਜੰਸੀ ਵੱਖ-ਵੱਖ ਬੋਰਡਾਂ ਦੀ ਮੌਜੂਦਾ ਸਥਿਤੀ ਦੇ ਮੁਲਾਂਕਣ ਤੋਂ ਬਾਅਦ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਿਲੇਬਸ ਲਿਆਵੇਗੀ। ਇਹ ਫੈਸਲਾ ਵੀ ਲਿਆ ਗਿਆ ਕਿ ਸਿੱਖਿਆ ਮੰਤਰਾਲੇ ਵੱਲੋਂ ਅਗਲੇ ਸਾਲ ਇਮਤਿਹਾਨ ਕਿਵੇਂ ਅਤੇ ਕਦੋਂ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ, ਬਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਤੋਂ ਵਿਚਾਰ ਲੈਣ ਲਈ ਇੱਕ ਮੁਹਿੰਮ ਚਲਾਵੇਗੀ।

---------------------------------------------------------------- 

ਐਮਸੀ / ਕੇਪੀ / ਏਕੇ


(Release ID: 1676163) Visitor Counter : 171