Posted On:
28 SEP 2022 2:53PM by PIB Chandigarh
ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਅੱਜ ਏਅਰਪੋਰਟ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ ਗਿਆ। ਮਾਣਯੋਗ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਹਰਿਆਣਾ ਦੇ ਮਾਣਯੋਗ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ; ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀਲਾਲ ਪੁਰੋਹਿਤ; ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ; ਹਰਿਆਣਾ ਦੇ ਮਾਣਯੋਗ ਉਪ ਮੁੱਖ ਮੰਤਰੀ ਸ਼੍ਰੀ ਦੁਸ਼ਯੰਤ ਚੌਟਾਲਾ ਅਤੇ ਰੋਡ ਟ੍ਰਾਂਸਪੋਰਟ ਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਨਰਲ (ਡਾ.) ਵਿਜੈ ਕੁਮਾਰ ਸਿੰਘ; ਚੰਡੀਗੜ੍ਹ ਤੋਂ ਸਾਂਸਦ ਸ਼੍ਰੀਮਤੀ ਕਿਰਨ ਖੇਰ, ਹਰਿਆਣਾ ਦੇ ਗ੍ਰਹਿ ਮੰਤਰੀ ਸ਼੍ਰੀ ਅਨਿਲ ਵਿਜ ਦੀ ਮੌਜੂਦਗੀ ਵਿੱਚ ਤਖ਼ਤੀ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ।
ਨਾਮਕਰਣ ਸਮਾਗਮ ਦੌਰਾਨ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਨੇ ਕਿਹਾ, “ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਅੱਜ ਦੇਸ਼ ਦੇ ਕੋਨੇ-ਕੋਨੇ ਵਿੱਚ ਪਹੁੰਚ ਰਿਹਾ ਹੈ। ਜਦੋਂ ਵੀ ਅਸੀਂ ਆਪਣੇ ਸਨਮਾਨਯੋਗ ਆਜ਼ਾਦੀ ਘੁਲਾਟੀਆਂ ਦੇ ਚਿਹਰਿਆਂ ਨੂੰ ਦੇਖਦੇ ਹਾਂ, ਸਾਡੀਆਂ ਜਨਤਕ ਇਮਾਰਤਾਂ 'ਤੇ ਉਨ੍ਹਾਂ ਦੇ ਨਾਮ ਦੇਖਦੇ ਹਾਂ, ਸਾਨੂੰ ਉਨ੍ਹਾਂ ਦੀਆਂ ਪੀੜ੍ਹੀਆਂ ਦੀਆਂ ਕੁਰਬਾਨੀਆਂ ਯਾਦ ਆਉਂਦੀਆਂ ਹਨ। ਅਸੀਂ ਆਪਣੀ ਆਜ਼ਾਦੀ ਨੂੰ ਘੱਟ ਨਹੀਂ ਸਮਝਦੇ।"
ਹਰਿਆਣਾ ਮਾਣਯੋਗ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਅਤੇ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਬਨਵਾਰੀਲਾਲ ਪੁਰੋਹਿਤ ਨੇ ਇਸ ਮੌਕੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਾਤ ਭੂਮੀ ਪ੍ਰਤੀ ਸੱਚੀ ਸ਼ਰਧਾ ਹਮੇਸ਼ਾ ਪ੍ਰੇਰਨਾ ਸਰੋਤ ਬਣੀ ਰਹੇਗੀ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰੋਡ ਟ੍ਰਾਂਸਪੋਰਟ ਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਨਰਲ (ਡਾ.) ਵਿਜੈ ਕੁਮਾਰ ਸਿੰਘ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਮ 'ਤੇ ਰੱਖਣਾ ਪੂਰੇ ਦੇਸ਼ ਲਈ ਇੱਕ ਮਾਣ ਵਾਲੀ ਗੱਲ ਹੈ। ਭਗਤ ਸਿੰਘ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੀ ਯਾਦ ਨੂੰ ਇਹ ਢੁੱਕਵੀਂ ਸ਼ਰਧਾਂਜਲੀ ਹੈ।
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਣ ਦੇ ਫੈਸਲੇ ਦਾ ਸਵਾਗਤ ਕੀਤਾ।
ਹਰਿਆਣਾ ਦੇ ਮਾਣਯੋਗ ਉਪ ਮੁੱਖ ਮੰਤਰੀ ਸ਼੍ਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਭਗਤ ਸਿੰਘ ਦੇ ਬਲਿਦਾਨ ਅਤੇ ਸਥਾਪਿਤ ਕਦਰਾਂ-ਕੀਮਤਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।
ਚੰਡੀਗੜ੍ਹ ਏਅਰਪੋਰਟ ਭਾਰਤੀ ਹਵਾਈ ਸੈਨਾ (ਆਈਏਐੱਫ) ਨਾਲ ਸਬੰਧਤ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ, ਏਏਆਈ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਸਾਂਝਾ ਉੱਦਮ ਸਿਵਲ ਐਨਕਲੇਵ ਦਾ ਰੱਖ-ਰਖਾਅ ਕਰਦਾ ਹੈ। ਵਰਤਮਾਨ ਵਿੱਚ, ਏਅਰਪੋਰਟ ਦੇਸ਼ ਵਿੱਚ ਅਹਿਮਦਾਬਾਦ, ਬੰਗਲੁਰੂ, ਚੇਨਈ, ਦਿੱਲੀ, ਗੋਆ, ਹੈਦਰਾਬਾਦ, ਜੈਪੁਰ, ਕਾਂਗੜਾ, ਕੋਲਕਾਤਾ, ਕੁੱਲੂ, ਲੇਹ, ਲਖਨਊ, ਮੁੰਬਈ, ਪਟਨਾ, ਪੁਣੇ, ਸ਼੍ਰੀਨਗਰ ਨਾਲ ਹਵਾਈ ਮਾਰਗ ਰਾਹੀਂ ਜੁੜਿਆ ਹੋਇਆ ਹੈ। ਅੰਤਰਰਾਸ਼ਟਰੀ ਤੌਰ 'ਤੇ, ਇਹ ਸ਼ਹਿਰ ਦੁਬਈ ਅਤੇ ਸ਼ਾਰਜਾਹ ਨਾਲ ਜੁੜਿਆ ਹੋਇਆ ਹੈ।
ਏਅਰਪੋਰਟ ਨੇ ਸਾਲ 2021-2022 ਵਿੱਚ 17,936 ਅੰਤਰਰਾਸ਼ਟਰੀ ਯਾਤਰੀਆਂ ਅਤੇ 2,271,233 ਘਰੇਲੂ ਯਾਤਰੀਆਂ ਨੂੰ ਸਹੂਲਤ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਏਅਰਪੋਰਟ ਨੇ ਵਿੱਤੀ ਸਾਲ 2021-2022 ਵਿੱਚ ਲਗਭਗ 11,000 ਮੀਟਰਕ ਟਨ ਘਰੇਲੂ ਹਵਾਈ ਕਾਰਗੋ ਦਾ ਪ੍ਰਬੰਧਨ ਕੀਤਾ ਹੈ।
ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 25 ਸਤੰਬਰ, 2022 ਨੂੰ ਆਪਣੇ 'ਮਨ ਕੀ ਬਾਤ' ਦੇ ਮਹੀਨਾਵਾਰ ਰੇਡੀਓ ਪ੍ਰਸਾਰਣ ਦੌਰਾਨ ਕਿਹਾ ਸੀ ਕਿ ਮਹਾਨ ਸੁਤੰਤਰਤਾ ਸੈਨਾਨੀ ਨੂੰ ਸ਼ਰਧਾਂਜਲੀ ਵਜੋਂ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ ਅਤੇ ਸਰਕਾਰ ਦੀ ਰਫ਼ਤਾਰ ਇਸ ਤੋਂ ਦਿਖਾਈ ਦੇ ਰਹੀ ਹੈ ਕਿ ਐਲਾਨ ਦੇ ਤਿੰਨ ਦਿਨਾਂ ਦੇ ਅੰਦਰ ਹੀ ਉਹ ਮੁਕਾਮ ਹਾਸਲ ਕਰ ਲਿਆ ਹੈ।
*****
ਐੱਚਐੱਨ/ਪੀਐੱਸ