ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਸਵੱਛ ਭਾਰਤ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ

Posted On: 02 OCT 2022 4:47PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (2 ਅਕਤੂਬਰ, 2022) ਨਵੀਂ ਦਿੱਲੀ ’ਚ ‘ਸਵੱਛ ਭਾਰਤ ਦਿਵਸ’ ਮਨਾਉਣ ਲਈ ਜਲ ਸ਼ਕਤੀ ਮੰਤਰਾਲੇ ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਸਵੱਛ ਸਰਵੇਕਸ਼ਣ ਗ੍ਰਾਮੀਣ ਪੁਰਸਕਾਰ ਪ੍ਰਦਾਨ ਕੀਤੇ।

ਇਸ ਮੌਕੇ ਰਾਸ਼ਟਰਪਤੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਵਿਚਾਰ ਸਦੀਵੀ ਹਨ। ਉਨ੍ਹਾਂ ਨੇ ਸਚਾਈ ਅਤੇ ਅਹਿੰਸਾ ਵਰਗੇ ਸਵੱਛਤਾ 'ਤੇ ਵੀ ਜ਼ੋਰ ਦਿੱਤਾ। ਸਵੱਛਤਾ ਬਾਰੇ ਉਨ੍ਹਾਂ ਦੇ ਸੰਕਲਪ ਦਾ ਉਦੇਸ਼ ਸਮਾਜਿਕ ਵਿਗਾੜਾਂ ਨੂੰ ਦੂਰ ਕਰਨਾ ਅਤੇ ਨਵੇਂ ਭਾਰਤ ਦਾ ਨਿਰਮਾਣ ਕਰਨਾ ਸੀ। ਇਸ ਲਈ ਉਨ੍ਹਾਂ ਦੇ ਜਨਮ ਦਿਨ ਨੂੰ ‘ਸਵੱਛ ਭਾਰਤ ਦਿਵਸ’ ਵਜੋਂ ਮਨਾਉਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ 2014 ਵਿੱਚ 'ਸਵੱਛ ਭਾਰਤ ਮਿਸ਼ਨ-ਗ੍ਰਾਮੀਣ' ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 11 ਕਰੋੜ ਤੋਂ ਵੱਧ ਪਖਾਨੇ ਬਣਾਏ ਜਾ ਚੁੱਕੇ ਹਨ ਅਤੇ ਲਗਭਗ 60 ਕਰੋੜ ਲੋਕਾਂ ਨੇ ਖੁੱਲ੍ਹੇ ਵਿੱਚ ਸ਼ੌਚ ਕਰਨ ਦੀ ਆਦਤ ਨੂੰ ਬਦਲਿਆ ਹੈ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਇਸ ਮਿਸ਼ਨ ਰਾਹੀਂ ਭਾਰਤ ਨੇ 2030 ਦੀ ਸਮਾਂ ਸੀਮਾ ਤੋਂ 11 ਸਾਲ ਪਹਿਲਾਂ ਸੰਯੁਕਤ ਰਾਸ਼ਟਰ ਦੇ ਟਿਕਾਊ ਵਿਕਾਸ ਟੀਚਾ ਨੰਬਰ–6 ਨੂੰ ਹਾਸਲ ਕਰ ਲਿਆ ਹੈ।

ਰਾਸ਼ਟਰਪਤੀ ਨੇ ਕਿਹਾ ਕਿ 'ਸਵੱਛ ਭਾਰਤ ਮਿਸ਼ਨ-ਗ੍ਰਾਮੀਣ' ਇੱਕ ਵਿਵਹਾਰ-ਪਰਿਵਰਤਨ ਅੰਦੋਲਨ ਹੈ। ਕੋਵਿਡ ਮਹਾਂਮਾਰੀ ਦੌਰਾਨ, ਸਾਰਿਆਂ ਨੇ ਮਹਿਸੂਸ ਕੀਤਾ ਕਿ ਪਖਾਨੇ, ਸਾਬਣ ਨਾਲ ਹੱਥ ਧੋਣ ਦੀ ਆਦਤ ਅਤੇ ਟੂਟੀਆਂ ਰਾਹੀਂ ਪਾਣੀ ਦੀ ਸਪਲਾਈ ਇਸ ਆਪਦਾ ’ਚ ਇੱਕ ਢਾਲ ਵਜੋਂ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ‘ਸਵੱਛ ਭਾਰਤ ਮਿਸ਼ਨ-ਗ੍ਰਾਮੀਣ’ ਦੇ ਦੂਸਰੇ ਪੜਾਅ ਨੂੰ ਲਾਗੂ ਕਰ ਰਹੀ ਹੈ, ਜਿਸ ਦਾ ਟੀਚਾ ਦੇਸ਼ ਦੇ ਸਾਰੇ ਛੇ ਲੱਖ ਪਿੰਡਾਂ ਨੂੰ ਓਡੀਐੱਫ ਪਲੱਸ ਬਣਾਉਣਾ ਹੈ। ਖੁੱਲੇ ਵਿੱਚ ਸ਼ੌਚ ਵਿਰੁੱਧ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ, ਸਾਨੂੰ ਹੁਣ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧ ਵਰਗੀਆਂ ਹੋਰ ਗੁੰਝਲਦਾਰ ਅਤੇ ਤਕਨੀਕੀ ਸਮੱਸਿਆਵਾਂ ਨੂੰ ਹੱਲ ਕਰਨਾ ਹੋਵੇਗਾ। ਉਨ੍ਹਾਂ ਨੂੰ ਇਹ ਨੋਟ ਕਰਦਿਆਂ ਖੁਸ਼ੀ ਹੋਈ ਕਿ 'ਸਵੱਛ ਭਾਰਤ ਮਿਸ਼ਨ-ਗ੍ਰਾਮੀਣ' ਦੇ ਦੂਸਰੇ ਪੜਾਅ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1.16 ਲੱਖ ਤੋਂ ਵੱਧ ਪਿੰਡਾਂ ਨੇ ਆਪਣੇ ਆਪ ਨੂੰ ਓਡੀਐੱਫ ਪਲੱਸ ਐਲਾਨਿਆ ਹੈ ਅਤੇ ਕਰੀਬ ਤਿੰਨ ਲੱਖ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਸਰਕਾਰ ਸਫਾਈ ਦੇ ਨਾਲ-ਨਾਲ ਹਰ ਘਰ ਤੱਕ ਪੀਣ ਵਾਲਾ ਮਿਆਰੀ ਪਾਣੀ ਮੁਹੱਈਆ ਕਰਵਾਉਣ ਦੇ ਲਕਸ਼ 'ਤੇ ਕੰਮ ਕਰ ਰਹੀ ਹੈ। 'ਜਲ ਜੀਵਨ ਮਿਸ਼ਨ' ਨੇ ਸਾਲ 2024 ਤੱਕ ਹਰ ਘਰ ਨੂੰ ਨਿਯਮਤ ਅਤੇ ਮਿਆਰੀ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ 2019 ਵਿੱਚ ਜਲ ਜੀਵਨ ਮਿਸ਼ਨ ਦੀ ਸ਼ੁਰੂਆਤ ਦੇ ਸਮੇਂ ਸਿਰਫ਼ 3.23 ਕਰੋੜ ਪੇਂਡੂ ਘਰਾਂ ਵਿੱਚ ਨਲਕੇ ਦੀ ਸਪਲਾਈ ਸੀ, ਜੋ ਪਿਛਲੇ ਤਿੰਨ ਸਾਲਾਂ ਵਿੱਚ ਵੱਧ ਕੇ ਕਰੀਬ 10.27 ਕਰੋੜ ਹੋ ਗਈ ਹੈ। ਉਨ੍ਹਾਂ ਕਿਹਾ ਕਿ ਓਡੀਐੱਫ ਦੇ ਨਾਲ ਟੂਟੀ ਦੇ ਪਾਣੀ ਤੱਕ ਪਹੁੰਚ ਨਾਲ ਹਾਲ ਹੀ ਦੇ ਸਾਲਾਂ ਵਿੱਚ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਮਹੱਤਵਪੂਰਨ ਕਮੀ ਆਈ ਹੈ। ਪਰ ਸਾਡਾ ਟੀਚਾ ਬਹੁਤ ਵੱਡਾ ਹੈ। ਸਾਨੂੰ ਜਲ ਪ੍ਰਬੰਧਨ ਅਤੇ ਸੈਨੀਟੇਸ਼ਨ ਦੇ ਖੇਤਰ ਵਿੱਚ ਦੁਨੀਆ ਦੇ ਸਾਹਮਣੇ ਇੱਕ ਮਿਸਾਲ ਕਾਇਮ ਕਰਨੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਅੱਜ ਜਦੋਂ ਅਸੀਂ ਅੰਮ੍ਰਿਤ-ਕਾਲ ਵਿੱਚ ਪ੍ਰਵੇਸ਼ ਕਰ ਰਹੇ ਹਾਂ, ਸਾਡਾ ਸੰਕਲਪ ਹੋਣਾ ਚਾਹੀਦਾ ਹੈ - ਇੱਕ ਸਿਹਤਮੰਦ, ਸਵੱਛ ਅਤੇ ਆਤਮਨਿਰਭਰ ਭਾਰਤ ਦਾ ਨਿਰਮਾਣ ਕਰਨਾ। ਇਸ ਲਕਸ਼ ਨੂੰ ਪ੍ਰਾਪਤ ਕਰਨ ਲਈ ਸਾਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇੰਨੀ ਵੱਡੀ ਆਬਾਦੀ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਆਧੁਨਿਕ ਟੈਕਨੋਲੋਜੀ ਅਤੇ ਭਰਪੂਰ ਸਰੋਤਾਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਡੀ ਸਿਆਸੀ ਲੀਡਰਸ਼ਿਪ, ਵਿਗਿਆਨੀਆਂ, ਡਾਕਟਰਾਂ, ਇੰਜਨੀਅਰਾਂ, ਅਧਿਆਪਕਾਂ ਅਤੇ ਸਾਰੇ ਜਾਗਰੂਕ ਨਾਗਰਿਕਾਂ ਦੇ ਸਾਂਝੇ ਯਤਨਾਂ ਨਾਲ ਅਸੀਂ ਭਾਰਤ ਨੂੰ ਇੱਕ ਵਿਕਸਿਤ ਅਤੇ ਆਤਮਨਿਰਭਰ ਰਾਸ਼ਟਰ ਬਣਾਉਣ ਵਿੱਚ ਸਫ਼ਲ ਹੋਵਾਂਗੇ।

 

ਕਿਰਪਾ ਕਰਕੇ ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਇੱਥੇ ਕਲਿੱਕ ਕਰੋl

 

*****

 

ਡੀਐੱਸ/ਬੀਐੱਮ



(Release ID: 1864778) Visitor Counter : 74