ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਨਵੇਂ ਭਰਤੀ ਕੀਤੇ ਅਧਿਆਪਕਾਂ ਲਈ ਪ੍ਰੋਗਰਾਮ ਨੂੰ ਸੰਬੋਧਨ ਕੀਤਾ
"ਕੇਂਦਰ ਸਰਕਾਰ ਨੇ ਆਧੁਨਿਕ ਅਤੇ ਵਿਕਸਤ ਭਾਰਤ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕੀਤੀ ਹੈ"
"ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਹੁਨਰ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ"
"ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਮੱਧ ਪ੍ਰਦੇਸ਼ ਨੇ ਸਿੱਖਿਆ ਦੀ ਗੁਣਵੱਤਾ ਵਿੱਚ ਵੱਡੀ ਛਾਲ ਮਾਰੀ"
“ਤੁਹਾਨੂੰ ਹਮੇਸ਼ਾ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਤੁਹਾਡੀ ਸਿੱਖਿਆ ਨਾ ਸਿਰਫ਼ ਵਰਤਮਾਨ, ਸਗੋਂ ਦੇਸ਼ ਦੇ ਭਵਿੱਖ ਨੂੰ ਵੀ ਸੰਵਾਰੇਗੀ”
Posted On:
12 APR 2023 12:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਮੱਧ ਪ੍ਰਦੇਸ਼ ਵਿੱਚ ਨਵੇਂ ਭਰਤੀ ਕੀਤੇ ਅਧਿਆਪਕਾਂ ਲਈ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ।
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਮੱਧ ਪ੍ਰਦੇਸ਼ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਜ਼ਗਾਰ ਮੇਲੇ ਲਗਾ ਕੇ ਹਜ਼ਾਰਾਂ ਨੌਜਵਾਨਾਂ ਨੂੰ ਵੱਖ-ਵੱਖ ਅਸਾਮੀਆਂ 'ਤੇ ਭਰਤੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਦੇ ਅਹੁਦਿਆਂ ਲਈ 22,400 ਤੋਂ ਵੱਧ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ ਅਤੇ ਉਨ੍ਹਾਂ ਅਧਿਆਪਨ ਵਰਗੇ ਮਹੱਤਵਪੂਰਨ ਕੰਮ ਵਿੱਚ ਸ਼ਾਮਲ ਹੋਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਆਧੁਨਿਕ ਅਤੇ ਵਿਕਸਤ ਭਾਰਤ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਲਾਗੂ ਕੀਤੀ ਹੈ। ਸ਼੍ਰੀ ਮੋਦੀ ਨੇ ਇਸ ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਨੂੰ ਨੋਟ ਕਰਦੇ ਹੋਏ ਕਿਹਾ, "ਇਹ ਨੀਤੀ ਬੱਚਿਆਂ ਦੇ ਸਰਵਪੱਖੀ ਵਿਕਾਸ, ਗਿਆਨ, ਹੁਨਰ, ਸੱਭਿਆਚਾਰ ਅਤੇ ਭਾਰਤੀ ਕਦਰਾਂ-ਕੀਮਤਾਂ ਦੇ ਪ੍ਰਚਾਰ 'ਤੇ ਜ਼ੋਰ ਦਿੰਦੀ ਹੈ।" ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਵਿਆਪਕ ਅਧਿਆਪਕ ਭਰਤੀ ਮੁਹਿੰਮ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਨਿਯੁਕਤ ਕੀਤੇ ਗਏ ਲਗਭਗ ਅੱਧੇ ਅਧਿਆਪਕਾਂ ਨੂੰ ਆਦਿਵਾਸੀ ਖੇਤਰਾਂ ਵਿੱਚ ਤੈਨਾਤ ਕੀਤਾ ਜਾਵੇਗਾ, ਜਿਸ ਨਾਲ ਬੱਚਿਆਂ ਨੂੰ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਮੱਧ ਪ੍ਰਦੇਸ਼ ਸਰਕਾਰ ਨੇ ਇਸ ਸਾਲ 60 ਹਜ਼ਾਰ ਅਧਿਆਪਕਾਂ ਸਮੇਤ 1 ਲੱਖ ਤੋਂ ਵੱਧ ਸਰਕਾਰੀ ਅਸਾਮੀਆਂ ਦੀ ਭਰਤੀ ਦਾ ਟੀਚਾ ਰੱਖਿਆ ਹੈ ਅਤੇ ਨਤੀਜੇ ਵਜੋਂ ਰਾਜ ਨੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਵੱਡੀ ਛਾਲ ਮਾਰੀ ਹੈ। ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਰਾਜ ਇਸ਼ਤਿਹਾਰਾਂ 'ਤੇ ਪੈਸਾ ਖਰਚ ਕੀਤੇ ਬਿਨਾਂ 17ਵੇਂ ਰੈਂਕ ਤੋਂ 5ਵੇਂ ਨੰਬਰ 'ਤੇ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮੱਧ ਪ੍ਰਦੇਸ਼ ਸਰਕਾਰ ਨੂੰ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਸਰਕਾਰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਹੁਨਰ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਦੇਸ਼ ਭਰ ਵਿੱਚ ਹੁਨਰ ਵਿਕਾਸ ਕੇਂਦਰ ਖੋਲ੍ਹੇ ਗਏ ਹਨ। ਇਸ ਸਾਲ ਦੇ ਬਜਟ ਵਿੱਚ ਪ੍ਰਧਾਨ ਮੰਤਰੀ ਨੇ ਦੱਸਿਆ ਕਿ 30 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰ ਖੋਲ੍ਹੇ ਜਾਣਗੇ, ਜਿੱਥੇ ਨੌਜਵਾਨਾਂ ਨੂੰ ਨਿਊ ਏਜ ਟੈਕਨਾਲੋਜੀ ਰਾਹੀਂ ਸਿਖਲਾਈ ਦਿੱਤੀ ਜਾਵੇਗੀ ਅਤੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਰਾਹੀਂ ਛੋਟੇ ਕਾਰੀਗਰਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਐੱਮਐੱਸਐੱਮਈ ਨਾਲ ਜੋੜਨ ਦੀ ਪਹਿਲ ਕੀਤੀ ਗਈ ਹੈ।
ਅੱਜ ਨਿਯੁਕਤ ਕੀਤੇ ਗਏ ਹਜ਼ਾਰਾਂ ਅਧਿਆਪਕਾਂ ਨੂੰ ਆਪਣੇ ਸੰਬੋਧਨ ਰਾਹੀਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ ਵਿਦਿਆਰਥੀਆਂ ਲਈ ਉਨ੍ਹਾਂ ਜੀਵਨ ਵਿੱਚ ਮਾਂ ਦੀ ਤਰ੍ਹਾਂ ਜਾਂ ਅਧਿਆਪਕ ਵਾਂਗ ਦਿਲਾਂ ਵਿੱਚ ਜਗ੍ਹਾ ਬਣਾਉਣ। ਸ਼੍ਰੀ ਮੋਦੀ ਨੇ ਕਿਹਾ, “ਤੁਹਾਨੂੰ ਹਮੇਸ਼ਾ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਤੁਹਾਡੀ ਸਿੱਖਿਆ ਨਾ ਸਿਰਫ ਵਰਤਮਾਨ, ਸਗੋਂ ਦੇਸ਼ ਦੇ ਭਵਿੱਖ ਨੂੰ ਵੀ ਸੰਵਾਰੇਗੀ।” ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸਮਾਪਤੀ ਇਹ ਕਹਿ ਕੇ ਕੀਤੀ ਕਿ ਅਧਿਆਪਕਾਂ ਦੁਆਰਾ ਦਿੱਤੀ ਜਾਂਦੀ ਸਿੱਖਿਆ ਨਾ ਸਿਰਫ਼ ਵਿਦਿਆਰਥੀ ਵਿੱਚ ਸਗੋਂ ਸਮਾਜ ਵਿੱਚ ਵੀ ਸਕਾਰਾਤਮਕ ਤਬਦੀਲੀ ਲਿਆਵੇਗੀ। ਪ੍ਰਧਾਨ ਮੰਤਰੀ ਨੇ ਅੰਤ ਵਿੱਚ ਕਿਹਾ, "ਤੁਹਾਡੇ ਵਲੋਂ ਵਿਕਸਤ ਕਦਰਾਂ-ਕੀਮਤਾਂ ਨਾ ਸਿਰਫ਼ ਅੱਜ ਦੀ ਪੀੜ੍ਹੀ 'ਤੇ, ਸਗੋਂ ਆਉਣ ਵਾਲੀਆਂ ਕਈ ਪੀੜ੍ਹੀਆਂ 'ਤੇ ਸਕਾਰਾਤਮਕ ਪ੍ਰਭਾਵ ਪਾਉਣਗੀਆਂ।
***
ਡੀਐੱਸ/ਟੀਐੱਸ
(Release ID: 1915874)
Visitor Counter : 132
Read this release in:
Bengali
,
English
,
Urdu
,
Hindi
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam