ਖੇਤੀਬਾੜੀ ਮੰਤਰਾਲਾ

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੀ 100 ਦਿਨਾਂ ਦੀ ਕਾਰਜ ਯੋਜਨਾ ਨੂੰ ਲੈ ਕੇ ਬੈਠਕ ਕੀਤੀ


ਕਿਸਾਨ ਪੱਖੀ ਕੰਮਾਂ 'ਤੇ ਪੂਰੀ ਤਰ੍ਹਾਂ ਨਾਲ ਧਿਆਨ ਕੇਂਦਰਿਤ ਕਰੋ -ਸ਼੍ਰੀ ਚੌਹਾਨ

ਖੇਤੀ ਉਤਪਾਦਨ, ਉਤਪਾਦਕਤਾ ਅਤੇ ਗੁਣਵੱਤਾ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿਓ- ਕੇਂਦਰੀ ਖੇਤੀਬਾੜੀ ਮੰਤਰੀ

ਕਿਸਾਨਾਂ ਅਤੇ ਖੇਤੀਬਾੜੀ ਖੇਤਰ ਦੇ ਨਿਰੰਤਰ ਵਿਕਾਸ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦੇ ਅਨੁਸਾਰ ਤੇਜ਼ੀ ਨਾਲ ਕੰਮ ਕਰੋ

Posted On: 12 JUN 2024 5:18PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਕਲਪ ਅਨੁਸਾਰ 100 ਦਿਨਾਂ ਦੀ ਖੇਤੀ ਕਾਰਜ ਯੋਜਨਾ ਦੇ ਸਬੰਧ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ। ਸ਼੍ਰੀ ਚੌਹਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣਾ ਪੂਰਾ ਧਿਆਨ ਕਿਸਾਨ ਪੱਖੀ ਕੰਮਾਂ 'ਤੇ ਕੇਂਦਰਿਤ ਕਰਨ ਤਾਂ ਜੋ ਪ੍ਰਧਾਨ ਮੰਤਰੀ ਦੇ ਸੰਕਲਪ ਅਨੁਸਾਰ ਕੰਮ ਤੇਜ਼ੀ ਨਾਲ ਹੋ ਸਕਣ।

ਕੇਂਦਰੀ ਮੰਤਰੀ ਨੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੀ ਵਿਭਾਗੀ ਕਾਰਜ ਯੋਜਨਾ ਦੇ ਸਾਰੇ ਪਹਿਲੂਆਂ ਨੂੰ ਸਮਝਦੇ ਹੋਇਆਂ ਦੇਸ਼ ਦੇ ਖੇਤੀ ਸੈਕਟਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਦੁੱਖ-ਦਰਦ ਨੂੰ ਘੱਟ ਕਰਨ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਮਿਆਰੀ ਖਾਦਾਂ, ਬੀਜਾਂ ਅਤੇ ਹੋਰ ਸਮੱਗਰੀਆਂ ਦੀ ਉਪਲਬਧਤਾ ਨੂੰ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਵਿੱਚ ਖੇਤੀ ਉਤਪਾਦਨ ਅਤੇ ਉਤਪਾਦਕਤਾ ਵਿੱਚ ਵਾਧਾ ਹੋਣਾ ਚਾਹੀਦਾ ਹੈ ਅਤੇ ਸਾਨੂੰ ਇੱਕ ਠੋਸ ਕਾਰਜ ਯੋਜਨਾ ਲਾਗੂ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਆਪਣੀਆਂ ਘਰੇਲੂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਗੁਣਵੱਤਾ ਵਾਲੇ ਖੇਤੀ ਉਤਪਾਦਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਦੁਨੀਆ ਦੇ ਦੂਜੇ ਦੇਸ਼ਾਂ ਨੂੰ ਬਰਾਮਦ ਕਰ ਸਕੀਏ। ਬੈਠਕ ਵਿੱਚ ਸੀਨੀਅਰ ਅਧਿਕਾਰੀਆਂ ਨੇ ਵਿਭਾਗ ਆਧਾਰ ਤੇ ਯੋਜਨਾਵਾਂ ਦੀ ਪੇਸ਼ਕਾਰੀ ਦਿੱਤੀ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼੍ਰੀ ਰਾਮ ਨਾਥ ਠਾਕੁਰ ਅਤੇ ਸ਼੍ਰੀ ਭਾਗੀਰਥ ਚੌਧਰੀ, ਖੇਤੀਬਾੜੀ ਸਕੱਤਰ ਸ਼੍ਰੀ ਮਨੋਜ ਆਹੂਜਾ ਅਤੇ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ (ਡੀਏਆਰਈ) ਦੇ ਸਕੱਤਰ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈਸੀਏਆਰ) ਦੇ ਡਾਇਰੈਕਟਰ ਜਨਰਲ ਡਾ. ਹਿਮਾਂਸ਼ੂ ਪਾਠਕ ਵੀ ਮੀਟਿੰਗ ਵਿੱਚ ਹਾਜ਼ਰ ਸਨ।

************

ਐੱਸਕੇ/ਐੱਸਐੱਸ 



(Release ID: 2024960) Visitor Counter : 21