ਖੇਤੀਬਾੜੀ ਮੰਤਰਾਲਾ

ਪ੍ਰਧਾਨ ਮੰਤਰੀ ਵਾਰਾਣਸੀ ਵਿੱਚ 18 ਜੂਨ, 2024 ਨੂੰ ਪੀਐੱਮ-ਕਿਸਾਨ ਦੇ ਤਹਿਤ ਲਗਭਗ 20,000 ਕਰੋੜ ਰੁਪਏ ਦੀ 17ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨਗੇ


ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਇਹ ਜਾਣਕਾਰੀ ਦਿੱਤੀ

ਪ੍ਰਧਾਨ ਮੰਤਰੀ 30,000 ਤੋਂ ਵੱਧ ਐੱਸਐੱਚਜੀਜ਼ ਨੂੰ ਕ੍ਰਿਸ਼ੀ ਸਖ਼ੀਆਂ ਵਜੋਂ ਸਰਟੀਫਿਕੇਟ ਪ੍ਰਦਾਨ ਕਰਨਗੇ

Posted On: 15 JUN 2024 3:10PM by PIB Chandigarh

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਪ੍ਰਧਾਨ ਮੰਤਰੀ-ਕਿਸਾਨ ਦੇ ਤਹਿਤ ਲਗਭਗ 20,000 ਕਰੋੜ ਰੁਪਏ ਦੀ 17ਵੀਂ ਕਿਸ਼ਤ ਜਾਰੀ ਕਰਨ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਅਤੇ 30,000 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਨੂੰ ਕ੍ਰਿਸ਼ੀ ਸਖ਼ੀਆਂ ਵਜੋਂ ਪ੍ਰਮਾਣ-ਪੱਤਰ ਦੇਣ ਲਈ 18 ਜੂਨ, 2024 ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਪ੍ਰੋਗਰਾਮ ਵਿੱਚ ਉੱਤਰ ਪ੍ਰਦੇਸ਼ ਦੇ ਰਾਜਪਾਲ, ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆਨਾਥ ਅਤੇ ਉੱਤਰ ਪ੍ਰਦੇਸ਼ ਸਰਕਾਰ ਦੇ ਹੋਰ ਮੰਤਰੀਆਂ ਸਮੇਤ ਕਈ ਪਤਵੰਤੇ ਮੌਜੂਦ ਹੋਣਗੇ।

ਪ੍ਰੈੱਸ ਕਾਨਫ਼ਰੰਸ ਦੌਰਾਨ ਆਪਣੇ ਸੰਬੋਧਨ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਵੱਲੋਂ ਖੇਤੀਬਾੜੀ ਵਰਗੇ ਮਹੱਤਵਪੂਰਨ ਵਿਭਾਗ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਖੇਤੀਬਾੜੀ ਸਭ ਤੋਂ ਮਹੱਤਵਪੂਰਨ ਆਧਾਰ ਹੈ। ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਖੇਤੀਬਾੜੀ ਭਾਰਤੀ ਅਰਥਵਿਵਸਥਾ ਦੀ ਨੀਂਹ ਹੈ। ਅੱਜ ਵੀ ਖੇਤੀ ਰਾਹੀਂ ਰੋਜ਼ਗਾਰ ਦੇ ਸਭ ਤੋਂ ਵੱਧ ਮੌਕੇ ਪੈਦਾ ਹੁੰਦੇ ਹਨ। 

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਅੱਜ ਕਿਸਾਨ ਦੇਸ਼ ਦਾ ਅਨਾਜ ਭੰਡਾਰ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਖੇਤੀਬਾੜੀ ਅਤੇ ਕਿਸਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਮੁੱਖ ਤਰਜੀਹ ਰਹੇ ਹਨ, ਜਿਸ ਕਾਰਨ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਗਏ ਸਨ ਅਤੇ ਹੁਣ ਵੀ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਜਾਰੀ ਕੀਤੀ ਜਾਣ ਵਾਲੀ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ 'ਤੇ ਦਸਤਖ਼ਤ ਕੀਤੇ ਹਨ। ਸ਼੍ਰੀ ਚੌਹਾਨ ਨੇ ਕਿਹਾ ਕਿ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਆਪਣੇ ਪਹਿਲੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਵੱਲੋਂ ਵਾਰਾਣਸੀ ਤੋਂ ਇੱਕ ਬਟਨ ਕਲਿੱਕ ਕਰਕੇ 9.26 ਕਰੋੜ ਲਾਭਪਾਤਰੀ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਾਲੀ ਪੀਐੱਮ ਕਿਸਾਨ ਦੀ, ਬਹੁਤ ਉਡੀਕੀ ਜਾ ਰਹੀ, 17ਵੀਂ ਕਿਸ਼ਤ ਵੰਡੀ ਜਾਵੇਗੀ।

ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨ ਸਨਮਾਨ ਨਿਧੀ ਇੱਕ ਕੇਂਦਰੀ ਸੈਕਟਰ ਯੋਜਨਾ ਹੈ, ਜੋ 24 ਫਰਵਰੀ, 2019 ਨੂੰ ਸ਼ੁਰੂ ਕੀਤੀ ਗਈ ਸੀ ਤਾਂ ਜੋ ਉੱਚ ਆਮਦਨੀ ਸਥਿਤੀ ਦੇ ਕੁਝ ਅਪਵਾਦੀ ਮਾਪਦੰਡਾਂ ਦੇ ਅਧੀਨ ਸਾਰੇ ਜ਼ਮੀਨ ਮਾਲਕ ਕਿਸਾਨਾਂ ਦੀਆਂ ਵਿੱਤੀ ਲੋੜਾਂ ਦੀ ਪੂਰਤੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਅਤੇ ਤਸਦੀਕ ਕਰਨ ਵਿੱਚ ਪੂਰਨ ਪਾਰਦਰਸ਼ਤਾ ਨੂੰ ਕਾਇਮ ਰੱਖਦੇ ਹੋਏ ਭਾਰਤ ਸਰਕਾਰ ਨੇ ਦੇਸ਼ ਭਰ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ ਹੁਣ ਤੱਕ 3.04 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਹੈ ਅਤੇ ਇਸ ਰੀਲੀਜ਼ ਦੇ ਨਾਲ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਾਭਪਾਤਰੀਆਂ ਨੂੰ ਟ੍ਰਾਂਸਫਰ ਕੀਤੀ ਗਈ ਕੁੱਲ ਰਕਮ 3.24 ਲੱਖ ਕਰੋੜ ਰੁਪਏ ਤੋਂ ਵੱਧ ਹੋ ਜਾਵੇਗੀ।

ਕੇਂਦਰੀ ਮੰਤਰੀ ਨੇ ਕਿਹਾ ਕਿ 18 ਜੂਨ ਨੂੰ ਕਿਸਾਨਾਂ ਦੀ ਖ਼ੁਸ਼ਹਾਲੀ ਦੇ ਨਾਲ-ਨਾਲ ਵਿਕਸਿਤ ਭਾਰਤ ਦੇ ਸੰਕਲਪ ਦੀ ਸਫ਼ਲਤਾ ਸ਼ੁਰੂ ਹੋਣ ਜਾ ਰਹੀ ਹੈ, ਕਿਉਂਕਿ ਇਸ ਦਿਨ ਕਈ ਕੇਂਦਰੀ ਮੰਤਰੀ ਵੀ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਲਈ 50 ਕੇਵੀਕੇ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਲਗਭਗ 2.5 ਕਰੋੜ ਕਿਸਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਦੇਸ਼ ਭਰ ਵਿੱਚੋਂ 732 ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), 1.0 ਲੱਖ ਤੋਂ ਵੱਧ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ 5.0 ਲੱਖ ਕਾਮਨ ਸਰਵਿਸ ਸੈਂਟਰ (ਸੀਐੱਸਸੀ) ਵੀ ਇਸ ਸਮਾਗਮ ਵਿੱਚ ਹਿੱਸਾ ਲੈਣਗੇ। 

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਤਿੰਨ ਕਰੋੜ ਲਖਪਤੀ ਦੀਦੀਆਂ ਬਣਾਉਣ ਦਾ ਵਾਅਦਾ ਕੀਤਾ ਹੈ, ਜਿਸ ਵਿੱਚੋਂ ਇੱਕ ਕਰੋੜ ਲਖਪਤੀ ਦੀਦੀਆਂ ਬਣ ਚੁੱਕੀਆਂ ਹਨ, ਦੋ ਕਰੋੜ ਹੋਰ ਬਣਨੀਆਂ ਹਨ। ਕ੍ਰਿਸ਼ੀ ਸਖ਼ੀ ਇਸ ਦਾ ਇੱਕ ਪਹਿਲੂ ਹੈ। ਸ਼੍ਰੀ ਚੌਹਾਨ ਨੇ ਕਿਹਾ ਕਿ ਕਿਸਾਨਾਂ ਦੀ ਮਦਦ ਕਰਨ ਲਈ ਬਹੁਤ ਸਾਰੀਆਂ ਭੈਣਾਂ ਨੂੰ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਖੇਤੀ ਦੇ ਵੱਖ-ਵੱਖ ਕੰਮਾਂ ਰਾਹੀਂ ਕਿਸਾਨਾਂ ਦੀ ਮਦਦ ਕਰ ਸਕਣ ਅਤੇ ਲਗਭਗ 60-80 ਹਜ਼ਾਰ ਰੁਪਏ ਸਾਲਾਨਾ ਦੀ ਵਾਧੂ ਆਮਦਨ ਕਮਾ ਸਕਣ। ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਕਿਸ਼ਤ ਜਾਰੀ ਕਰਨ ਦੇ ਪ੍ਰੋਗਰਾਮ ਦੇ ਨਾਲ-ਨਾਲ ਪ੍ਰਧਾਨ ਮੰਤਰੀ ਮੋਦੀ 30,000 ਤੋਂ ਵੱਧ ਸਵੈ-ਸਹਾਇਤਾ ਸਮੂਹਾਂ (ਐੱਸ.ਐੱਚ.ਜੀ.) ਨੂੰ ਕ੍ਰਿਸ਼ੀ ਸਖ਼ੀਆਂ ਵਜੋਂ ਪ੍ਰਮਾਣ-ਪੱਤਰ ਵੀ ਪ੍ਰਦਾਨ ਕਰਨਗੇ ਅਤੇ ਪ੍ਰਤੀਕ ਵਜੋਂ, ਮਾਣਯੋਗ ਪ੍ਰਧਾਨ ਮੰਤਰੀ 5 ਕ੍ਰਿਸ਼ੀ ਸਖ਼ੀਆਂ ਨੂੰ ਪ੍ਰਮਾਣ ਪੱਤਰ ਵੰਡਣਗੇ। ਕ੍ਰਿਸ਼ੀ ਸਖੀ ਪ੍ਰੋਗਰਾਮ ਫੇਜ਼-1 ਵਿੱਚ 12 ਰਾਜਾਂ: ਗੁਜਰਾਤ, ਤਾਮਿਲਨਾਡੂ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਕਰਨਾਟਕ, ਮਹਾਰਾਸ਼ਟਰ, ਰਾਜਸਥਾਨ, ਓਡੀਸ਼ਾ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਮੇਘਾਲਿਆ ਵਿੱਚ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਹੁਣ ਤੱਕ 70,000 ਵਿੱਚੋਂ 34,000 ਤੋਂ ਵੱਧ ਕ੍ਰਿਸ਼ੀ ਸਖ਼ੀਆਂ ਨੂੰ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਪ੍ਰਮਾਣਿਤ ਕੀਤਾ ਗਿਆ ਹੈ। 

ਸ਼੍ਰੀ ਚੌਹਾਨ ਨੇ ਕਿਹਾ ਕਿ ਕ੍ਰਿਸ਼ੀ ਸਖ਼ੀਆਂ ਨੂੰ ਕ੍ਰਿਸ਼ੀ ਪੈਰਾ ਐਕਸਟੈਂਸ਼ਨ ਵਰਕਰਾਂ ਵਜੋਂ ਇਸ ਲਈ ਚੁਣਿਆ ਜਾਂਦਾ ਹੈ ਕਿਉਂਕਿ ਉਹ ਖ਼ੁਦ ਭਰੋਸੇਮੰਦ ਭਾਈਚਾਰਕ ਸਰੋਤ ਵਿਅਕਤੀ ਅਤੇ ਤਜਰਬੇਕਾਰ ਕਿਸਾਨ ਹੁੰਦੇ ਹਨ। ਕ੍ਰਿਸ਼ੀ ਸਖ਼ੀਆਂ ਨੇ ਪਹਿਲਾਂ ਹੀ ਵੱਖ-ਵੱਖ ਖੇਤੀਬਾੜੀ ਅਭਿਆਸਾਂ ਵਿੱਚ ਵਿਆਪਕ ਸਿਖਲਾਈ ਪ੍ਰਾਪਤ ਕੀਤੀ ਹੈ, ਜਿਸ ਨਾਲ ਉਹ ਸਾਥੀ ਕਿਸਾਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਹਾਇਤਾ ਅਤੇ ਮਾਰਗਦਰਸ਼ਨ ਕਰਨ ਲਈ ਚੰਗੀ ਤਰ੍ਹਾਂ ਲੈਸ ਹਨ।

ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਖੇਤੀਬਾੜੀ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਧਿਆਨ ਵਿੱਚ ਰੱਖਦੇ ਹੋਏ, ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰਾਲੇ ਨੇ ਇੱਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ-ਕਿਸਾਨ ਦੇ ਤਹਿਤ, 6,000 ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਤਿੰਨ ਬਰਾਬਰ ਕਿਸ਼ਤਾਂ ਵਿੱਚ ਹਰ ਚਾਰ ਮਹੀਨਿਆਂ ਵਿੱਚ ਪ੍ਰਤੱਖ ਲਾਭ ਟ੍ਰਾਂਸਫਰ (ਡੀਬੀਟੀ) ਮੋਡ ਰਾਹੀਂ ਦੇਸ਼ ਭਰ ਦੇ ਕਿਸਾਨਾਂ ਦੇ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਤਹਿਤ 4 ਕਰੋੜ ਤੋਂ ਵੱਧ ਕਿਸਾਨਾਂ ਨੂੰ ਵਿੱਤੀ ਸੁਰੱਖਿਆ ਦੀ ਗਾਰੰਟੀ ਦਿੱਤੀ ਗਈ ਹੈ। ਸ਼੍ਰੀ ਚੌਹਾਨ ਨੇ ਖ਼ੁਸ਼ੀ ਪ੍ਰਗਟਾਈ ਕਿ ਵਿਸ਼ਵ ਪੱਧਰ 'ਤੇ ਕੀਮਤਾਂ ਵਧਣ ਦੇ ਬਾਵਜੂਦ 11 ਲੱਖ ਕਰੋੜ ਰੁਪਏ ਦੀ ਸਬਸਿਡੀ ਦੇ ਕੇ ਕਿਸਾਨਾਂ ਨੂੰ ਸਸਤੇ ਭਾਅ 'ਤੇ ਖਾਦਾਂ ਮੁਹੱਈਆ ਕਰਵਾਉਣ ਦਾ ਕੰਮ ਜਾਰੀ ਹੈ। 

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਡੀਡੀ, ਡੀਡੀ ਕਿਸਾਨ, ਮਾਈ ਗੌਵ, ਵਿਕਾਸ ਬਲਾਕ ਦਫ਼ਤਰ ਤੋਂ ਲੈ ਕੇ ਗ੍ਰਾਮ ਪੰਚਾਇਤਾਂ, ਯੂਟਿਊਬ, ਫੇਸਬੁੱਕ, ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਦੇਸ਼ ਭਰ ਦੇ ਪੰਜ ਲੱਖ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ 'ਤੇ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਾਧਿਅਮ ਰਾਹੀਂ ਸਿੱਧੇ ਤੌਰ 'ਤੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਪ੍ਰੋਗਰਾਮ ਅਤੇ ਪ੍ਰਧਾਨ ਮੰਤਰੀ ਨਾਲ ਜੁੜਨ।  

ਪ੍ਰੈੱਸ ਕਾਨਫ਼ਰੰਸ ਦੌਰਾਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸ਼੍ਰੀ ਮਨੋਜ ਆਹੂਜਾ ਅਤੇ ਡੀਏਆਰਈ ਦੇ ਸਕੱਤਰ ਸ਼੍ਰੀ ਹਿਮਾਂਸ਼ੂ ਪਾਠਕ ਵੀ ਮੌਜੂਦ ਸਨ। 

 *********

ਐੱਸਕੇ/ਐੱਸਐੱਸ



(Release ID: 2026068) Visitor Counter : 18