ਸਿੱਖਿਆ ਮੰਤਰਾਲਾ

ਯੂਜੀਸੀ-ਨੈੱਟ ਜੂਨ 2024 ਦੀ ਪ੍ਰੀਖਿਆ ਰੱਦ

Posted On: 19 JUN 2024 10:02PM by PIB Chandigarh

ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ 18 ਜੂਨ, 2024 ਨੂੰ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੋ ਸ਼ਿਫਟਾਂ ਵਿੱਚ ਓਐੱਮਆਰ (ਕਲਮ ਅਤੇ ਪੇਪਰ) ਰਾਹੀਂ ਯੂਜੀਸੀ-ਨੈੱਟ ਜੂਨ 2024 ਦੀ ਪ੍ਰੀਖਿਆ ਕਰਵਾਈ ਸੀ। 

19 ਜੂਨ, 2024 ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੂੰ ਗ੍ਰਹਿ ਮੰਤਰਾਲੇ ਦੇ ਅਧੀਨ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ 4ਸੀ) ਦੀ ਨੈਸ਼ਨਲ ਸਾਈਬਰ ਕ੍ਰਾਈਮ ਥ੍ਰੈਟ ਐਨਾਲਿਸਿਸ ਯੂਨਿਟ ਤੋਂ ਇਸ ਪ੍ਰੀਖਿਆ ਸਬੰਧੀ ਕੁਝ ਜਾਣਕਾਰੀ ਪ੍ਰਾਪਤ ਹੋਈ। ਇਹ ਜਾਣਕਾਰੀ ਪਹਿਲੀ ਨਜ਼ਰੇ ਇਹ ਦਰਸਾਉਂਦੀ ਹੈ ਕਿ ਉਕਤ ਪ੍ਰੀਖਿਆ ਦੀ ਪ੍ਰਮਾਣਿਕਤਾ ਨਾਲ ਸਮਝੌਤਾ ਕੀਤਾ ਗਿਆ ਹੈ। 

ਪ੍ਰੀਖਿਆ ਪ੍ਰਕਿਰਿਆ ਦੀ ਉੱਚ ਪੱਧਰੀ ਪਾਰਦਰਸ਼ਤਾ ਅਤੇ ਪਵਿੱਤਰਤਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਯੂਜੀਸੀ-ਨੈੱਟ ਜੂਨ 2024 ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇੱਕ ਨਵੀਂ ਪ੍ਰੀਖਿਆ ਕਰਵਾਈ ਜਾਵੇਗੀ, ਜਿਸ ਲਈ ਜਾਣਕਾਰੀ ਵੱਖਰੇ ਤੌਰ 'ਤੇ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਿਆ ਜਾ ਰਿਹਾ ਹੈ।

 ਨੀਟ (ਯੂਜੀ) 2024 ਪ੍ਰੀਖਿਆ

ਨੀਟ (ਯੂਜੀ) ਪ੍ਰੀਖਿਆ-2024 ਨਾਲ ਸਬੰਧਤ ਮਾਮਲੇ ਵਿੱਚ ਗ੍ਰੇਸ ਅੰਕਾਂ ਨਾਲ ਸਬੰਧਤ ਮੁੱਦੇ ਨੂੰ ਪਹਿਲਾਂ ਹੀ ਪੂਰੀ ਤਰ੍ਹਾਂ ਹੱਲ ਕੀਤਾ ਜਾ ਚੁੱਕਾ ਹੈ। ਪਟਨਾ ਵਿੱਚ ਪ੍ਰੀਖਿਆ ਦੇ ਆਯੋਜਨ ਵਿੱਚ ਕਥਿਤ ਤੌਰ 'ਤੇ ਕੁਝ ਬੇਨਿਯਮੀਆਂ ਦੇ ਸਬੰਧ ਵਿੱਚ ਬਿਹਾਰ ਪੁਲਿਸ ਦੀ ਆਰਥਿਕ ਅਪਰਾਧ ਇਕਾਈ ਤੋਂ ਇੱਕ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ। ਇਸ ਦੀ ਰਿਪੋਰਟ ਮਿਲਣ 'ਤੇ ਸਰਕਾਰ ਅਗਲੀ ਕਾਰਵਾਈ ਕਰੇਗੀ।

ਸਰਕਾਰ ਪ੍ਰੀਖਿਆਵਾਂ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਹ ਦੁਹਰਾਇਆ ਜਾਂਦਾ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ/ਸੰਸਥਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

 ************

 

ਐੱਸਐੱਸ/ਏਕੇ



(Release ID: 2027108) Visitor Counter : 72