ਗ੍ਰਹਿ ਮੰਤਰਾਲਾ
azadi ka amrit mahotsav

ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਜ਼ਨ ਦੀ ਪੈਰਵੀ ਕਰਦੇ ਹੋਏ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ 5 ਨਵੇਂ ਜ਼ਿਲ੍ਹੇ ਬਣਾਉਣ ਦਾ ਫ਼ੈਸਲਾ ਕੀਤਾ


ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ 5 ਨਵੇਂ ਜ਼ਿਲ੍ਹਿਆਂ - ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਵਿੱਚ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਨ ਦਾ ਇਤਿਹਾਸਕ ਫ਼ੈਸਲਾ ਸਥਾਨਕ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਉਨ੍ਹਾਂ ਦੇ ਦਰਵਾਜ਼ੇ 'ਤੇ ਪ੍ਰਾਪਤ ਕਰਨ ਦੇ ਯੋਗ ਬਣਾਵੇਗਾ

ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਅਪਾਰ ਸੰਭਾਵਨਾਵਾਂ ਪੈਦਾ ਕਰਨ ਲਈ ਵਚਨਬੱਧ ਹੈ

ਨਵੇਂ ਜ਼ਿਲ੍ਹੇ ਬਣਨ ਨਾਲ ਸਰਕਾਰ ਦੀਆਂ ਸਾਰੀਆਂ ਭਲਾਈ ਯੋਜਨਾਵਾਂ ਲੋਕਾਂ ਤੱਕ ਆਸਾਨੀ ਨਾਲ ਪੁੱਜਣਗੀਆਂ ਅਤੇ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈਣਗੇ

ਇਹ ਅਹਿਮ ਫ਼ੈਸਲਾ ਲੱਦਾਖ ਦੇ ਸਰਬਪੱਖੀ ਵਿਕਾਸ ਲਈ ਬੇਹੱਦ ਲਾਭਦਾਇਕ ਸਾਬਿਤ ਹੋਵੇਗਾ

Posted On: 26 AUG 2024 1:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਇੱਕ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਦੇ ਨਿਰਮਾਣ ਦੇ ਵਿਜ਼ਨ ਦੀ ਪੈਰਵੀ ਕਰਦੇ ਹੋਏ, ਗ੍ਰਹਿ ਮੰਤਰਾਲੇ (ਐੱਮਐੱਚਏ) ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫ਼ੈਸਲਾ ਕੀਤਾ ਹੈ।

'ਐਕਸ' ਪਲੈਟਫਾਰਮ 'ਤੇ ਇੱਕ ਪੋਸਟ ਵਿੱਚ ਇਸ ਇਤਿਹਾਸਕ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਫ਼ੈਸਲਾ ਨਵੇਂ ਜ਼ਿਲ੍ਹੇ - ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਦੇ ਕੋਨੇ-ਕੋਨੇ ਵਿੱਚ ਸ਼ਾਸਨ ਨੂੰ ਮਜ਼ਬੂਤ ​​ਕਰੇਗਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਲਾਭ ਮਿਲੇਗਾ। ਇਨ੍ਹਾਂ ਪੰਜ ਜ਼ਿਲ੍ਹਿਆਂ ਦੇ ਬਣਨ ਤੋਂ ਬਾਅਦ ਹੁਣ ਲੱਦਾਖ ਵਿੱਚ ਲੇਹ ਅਤੇ ਕਾਰਗਿਲ ਸਮੇਤ ਕੁੱਲ ਸੱਤ ਜ਼ਿਲ੍ਹੇ ਹੋਣਗੇ।

ਖੇਤਰ ਦੇ ਲਿਹਾਜ਼ ਨਾਲ ਲੱਦਾਖ ਬਹੁਤ ਵੱਡਾ ਕੇਂਦਰ ਸ਼ਾਸਿਤ ਪ੍ਰਦੇਸ਼ ਹੈ। ਇਸ ਸਮੇਂ ਲੱਦਾਖ ਵਿੱਚ ਦੋ ਜ਼ਿਲ੍ਹੇ - ਲੇਹ ਅਤੇ ਕਾਰਗਿਲ ਹਨ। ਇਹ ਭਾਰਤ ਦੇ ਸਭ ਤੋਂ ਘੱਟ ਆਬਾਦੀ ਵਾਲੇ ਖੇਤਰਾਂ ਵਿੱਚੋਂ ਇੱਕ ਹੈ। ਅਤਿਅੰਤ ਔਖਾ ਅਤੇ ਪਹੁੰਚ ਤੋਂ ਬਾਹਰ ਹੋਣ ਕਾਰਨ ਮੌਜੂਦਾ ਸਮੇਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਮੀਨੀ ਪੱਧਰ ਤੱਕ ਪਹੁੰਚ ਕਰਨ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਜ਼ਿਲ੍ਹਿਆਂ ਦੇ ਬਣਨ ਤੋਂ ਬਾਅਦ ਹੁਣ ਕੇਂਦਰ ਸਰਕਾਰ ਅਤੇ ਲੱਦਾਖ ਪ੍ਰਸ਼ਾਸਨ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਸਕਣਗੀਆਂ ਅਤੇ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਭ ਲੈ ਸਕਣਗੇ। ਕੇਂਦਰੀ ਗ੍ਰਹਿ ਮੰਤਰਾਲੇ ਦਾ ਇਹ ਅਹਿਮ ਫ਼ੈਸਲਾ ਲੱਦਾਖ ਦੇ ਸਰਬਪੱਖੀ ਵਿਕਾਸ ਵਿੱਚ ਬਹੁਤ ਲਾਭਦਾਇਕ ਸਾਬਿਤ ਹੋਵੇਗਾ।

ਪੰਜ ਨਵੇਂ ਜ਼ਿਲ੍ਹਿਆਂ ਦੇ ਗਠਨ ਲਈ "ਸਿਧਾਂਤਕ ਪ੍ਰਵਾਨਗੀ" ਦੇਣ ਦੇ ਨਾਲ, ਗ੍ਰਹਿ ਮੰਤਰਾਲੇ ਨੇ ਲੱਦਾਖ ਪ੍ਰਸ਼ਾਸਨ ਨੂੰ ਨਵੇਂ ਜ਼ਿਲ੍ਹਿਆਂ ਦੇ ਗਠਨ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਜਿਵੇਂ ਕਿ ਹੈੱਡਕੁਆਰਟਰ, ਸੀਮਾਵਾਂ, ਢਾਂਚੇ ਦਾ ਮੁਲਾਂਕਣ ਕਰਨ, ਅਸਾਮੀਆਂ ਦੀ ਸਿਰਜਣਾ, ਜ਼ਿਲ੍ਹੇ ਦੇ ਗਠਨ ਆਦਿ ਨਾਲ ਸਬੰਧਿਤ ਕਿਸੇ ਵੀ ਹੋਰ ਪਹਿਲੂ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਬਣਾਉਣ ਲਈ ਆਖਿਆ ਹੈ ਅਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਉਕਤ ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਇਸ ਰਿਪੋਰਟ ਦੇ ਆਧਾਰ 'ਤੇ ਨਵੇਂ ਜ਼ਿਲ੍ਹਿਆਂ ਦੀ ਸਿਰਜਣਾ ਸਬੰਧੀ ਅੰਤਿਮ ਪ੍ਰਸਤਾਵ ਗ੍ਰਹਿ ਮੰਤਰਾਲੇ ਨੂੰ ਅਗਲੀ ਕਾਰਵਾਈ ਲਈ ਭੇਜੇਗਾ।

ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਅਪਾਰ ਸੰਭਾਵਨਾਵਾਂ ਪੈਦਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

*****

ਆਰਕੇ/ਵੀਵੀ/ਪੀਆਰ/ਪੀਐੱਸ 


(Release ID: 2049132) Visitor Counter : 36