ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਪੰਚਾਇਤ ਪੁਰਸਕਾਰ ਪ੍ਰਦਾਨ ਕੀਤੇ

Posted On: 11 DEC 2024 6:58PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (11 ਦਸੰਬਰ, 2024) ਨਵੀਂ ਦਿੱਲੀ ਵਿੱਚ, ਟਿਕਾਊ ਅਤੇ ਸਮਾਵੇਸ਼ੀ ਵਿਕਾਸ ਦੇ ਵਿਸ਼ਿਆਂ ਵਿੱਚ ਉਨ੍ਹਾਂ ਦੇ ਮਿਸਾਲੀ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਵੱਖ-ਵੱਖ ਸ਼੍ਰੇਣੀਆਂ ਵਿੱਚ ਚੁਣੇ ਗਏ 45 ਪੁਰਸਕਾਰ ਜੇਤੂਆਂ ਨੂੰ ਰਾਸ਼ਟਰੀ ਪੰਚਾਇਤ ਪੁਰਸਕਾਰ ਪ੍ਰਦਾਨ ਕੀਤੇ।

ਇਸ ਮੌਕੇ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 64 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ। ਇਸ ਲਈ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਲਈ ਪਿੰਡਾਂ ਅਤੇ ਪਿੰਡਾਂ ਦੇ ਲੋਕਾਂ ਦਾ ਵਿਕਾਸ ਅਤੇ ਸਸ਼ਕਤੀਕਰਣ ਜ਼ਰੂਰੀ ਹੈ। ਉਸ ਨੂੰ ਇਹ ਨੋਟ ਕਰਕੇ ਖੁਸ਼ੀ ਹੋਈ ਕਿ ਪਿਛਲੇ ਇੱਕ ਦਹਾਕੇ ਵਿੱਚ ਸਰਕਾਰ ਨੇ ਪੰਚਾਇਤਾਂ ਦੇ ਸਸ਼ਕਤੀਕਰਣ ਲਈ ਗੰਭੀਰ ਯਤਨ ਕੀਤੇ ਹਨ, ਜਿਸ ਦਾ ਉਦੇਸ਼ ਠੋਸ ਨਤੀਜੇ ਪ੍ਰਾਪਤ ਕਰਨਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਇੱਕ ਵਿਕਸਿਤ ਭਾਰਤ ਦੀ ਨੀਂਹ ਸਵੈ-ਨਿਰਭਰ ਅਤੇ ਸਮਰੱਥ ਸਥਾਨਕ ਸੰਸਥਾਵਾਂ ਦੇ ਅਧਾਰ 'ਤੇ ਹੀ ਰੱਖੀ ਜਾ ਸਕਦੀ ਹੈ। ਪੰਚਾਇਤਾਂ ਨੂੰ ਆਪਣੇ ਰੈਵੇਨਿਊ ਦੇ ਸਰੋਤ ਵਿਕਸਿਤ ਕਰਕੇ ਆਤਮ ਨਿਰਭਰ ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਸਵੈ-ਨਿਰਭਰਤਾ ਗ੍ਰਾਮ ਸਭਾਵਾਂ ਨੂੰ ਆਤਮ-ਵਿਸ਼ਵਾਸ ਅਤੇ ਦੇਸ਼ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ।

ਰਾਸ਼ਟਰਪਤੀ ਨੇ 'ਰਾਸ਼ਟਰੀ ਪੰਚਾਇਤ ਪੁਰਸਕਾਰ' ਦੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਦੀ ਲਗਨ ਅਤੇ ਯਤਨਾਂ ਦਾ ਪ੍ਰਮਾਣ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਵਧੀਆ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ ਅਤੇ ਹੋਰ ਗ੍ਰਾਮ ਪੰਚਾਇਤਾਂ ਨੂੰ ਪਿੰਡ ਦੇ ਵਿਕਾਸ ਲਈ ਸਾਰਥਕ ਉਪਰਾਲੇ ਕਰਨ ਦੀ ਦਿਸ਼ਾ ਵਿੱਚ ਪ੍ਰੇਰਿਤ ਕਰੇਗਾ।

ਰਾਸ਼ਟਰਪਤੀ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਮਹਿਲਾਵਾਂ ਨੂੰ ਰਾਜਨੀਤਿਕ ਤੌਰ 'ਤੇ ਸਸ਼ਕਤ ਕਰ ਰਹੀਆਂ ਹਨ। ਇਹ ਖੁਸ਼ੀ ਦੀ ਗੱਲ ਹੈ ਕਿ ਮਹਿਲਾ ਨੁਮਾਇੰਦੇ ਜ਼ਮੀਨੀ ਪੱਧਰ 'ਤੇ ਸਕਾਰਾਤਮਕ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਪੰਚਾਇਤਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਵਜੋਂ ਆਪਣੇ ਫਰਜ਼ਾਂ ਨੂੰ ਨਿਡਰਤਾ ਅਤੇ ਪੂਰੀ ਕੁਸ਼ਲਤਾ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਚਾਇਤੀ ਨੁਮਾਇੰਦਿਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਫਰਜ਼ ਨਿਭਾਉਣ ਦਾ ਰੁਝਾਨ ਅਜੇ ਵੀ ਕੁਝ ਥਾਵਾਂ ’ਤੇ ਮੌਜੂਦ ਹੈ। ਉਨ੍ਹਾਂ ਨੇ ਮਹਿਲਾ ਆਗੂਆਂ ਨੂੰ ਕਿਹਾ ਕਿ ਉਹ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰਨ ਅਤੇ ਆਪਣੇ ਆਪ ਨੂੰ ਸੁਤੰਤਰ ਨੇਤਾਵਾਂ ਵਜੋਂ ਸਥਾਪਿਤ ਕਰਨ।

ਰਾਸ਼ਟਰਪਤੀ ਨੇ ਕਿਹਾ ਕਿ ਚੋਣਾਂ ਲੋਕ ਨੁਮਾਇੰਦਿਆਂ ਨੂੰ ਲੋਕਾਂ ਪ੍ਰਤੀ ਜ਼ਿੰਮੇਵਾਰ ਬਣਾਉਂਦੀਆਂ ਹਨ। ਇਸ ਲਈ ਪੰਚਾਇਤੀ ਚੋਣਾਂ ਸਮੇਂ ਸਿਰ ਅਤੇ ਨਿਰਪੱਖ ਢੰਗ ਨਾਲ ਹੋਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਚੋਣਾਂ ਦੌਰਾਨ ਅਤੇ ਚੋਣਾਂ ਤੋਂ ਬਾਅਦ ਵੀ ਚੋਣ ਹਿੰਸਾ ਦੀਆਂ ਘਟਨਾਵਾਂ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਹਮੇਸ਼ਾ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਣੀ ਚਾਹੀਦੀ ਹੈ। ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪਿੰਡ ਵਾਸੀ ਆਪਣੇ ਭਲੇ ਲਈ ਆਪਣੇ ਵਿੱਚੋਂ ਹੀ ਆਪਣੇ ਨੁਮਾਇੰਦੇ ਚੁਣ ਰਹੇ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਪੰਚਾਇਤੀ ਰਾਜ ਪ੍ਰਣਾਲੀ ਦਾ ਉਦੇਸ਼ ਜਨ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਅਤੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨੁਮਾਇੰਦੇ ਬੜੇ ਭਰੋਸੇ ਨਾਲ ਚੁਣਦੇ ਹਨ। ਇਸ ਲਈ ਚੁਣੇ ਹੋਏ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਆਚਰਣ ਅਤੇ ਕੰਮਾਂ ਰਾਹੀਂ ਇਸ ਭਰੋਸੇ ਨੂੰ ਕਾਇਮ ਰੱਖਣ।

ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਭਰ ਵਿੱਚ ਪਿੰਡਾਂ ਵਿੱਚ ਜ਼ਿਆਦਾਤਰ ਝਗੜੇ ਅਜਿਹੇ ਹਨ ਜਿਨ੍ਹਾਂ ਨੂੰ ਸਥਾਨਕ ਪੱਧਰ ’ਤੇ ਹੱਲ ਕੀਤਾ ਜਾ ਸਕਦਾ ਹੈ। ਅਦਾਲਤ ਜਾਣ ਨਾਲ ਨਾ ਸਿਰਫ਼ ਉਨ੍ਹਾਂ ਦਾ ਪੈਸਾ ਅਤੇ ਸਮਾਂ ਬਰਬਾਦ ਹੁੰਦਾ ਹੈ ਸਗੋਂ ਅਦਾਲਤ ਅਤੇ ਪ੍ਰਸ਼ਾਸਨ 'ਤੇ ਵਾਧੂ ਦਬਾਅ ਵੀ ਵਧਦਾ ਹੈ। ਉਨ੍ਹਾਂ ਸਮੂਹ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤ ਪੱਧਰ 'ਤੇ ਹੀ ਪਿੰਡ ਵਾਸੀਆਂ ਦੇ ਝਗੜਿਆਂ ਨੂੰ ਹੱਲ ਕਰਨ ਲਈ ਉਪਰਾਲੇ ਕਰਨ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕਰਨ ਦਾ ਅਧਿਕਾਰ ਹੈ ਅਤੇ ਇਹ ਉਨ੍ਹਾਂ ਦਾ ਫਰਜ਼ ਵੀ ਹੈ।

ਰਾਸ਼ਟਰੀ ਪੰਚਾਇਤ ਐਵਾਰਡ 2024 ਵਿੱਚ ਦੀਨ ਦਿਆਲ ਉਪਾਧਿਆਏ ਪੰਚਾਇਤ ਸਤਤ ਵਿਕਾਸ ਪੁਰਸਕਾਰ, ਨਾਨਾਜੀ ਦੇਸ਼ਮੁਖ ਸਰਵੋਤਮ ਪੰਚਾਇਤ ਸਤਤ ਵਿਕਾਸ ਪੁਰਸਕਾਰ, ਗ੍ਰਾਮ ਊਰਜਾ ਸਵਰਾਜ ਵਿਸ਼ੇਸ਼ ਪੰਚਾਇਤ ਪੁਰਸਕਾਰ, ਕਾਰਬਨ ਨਿਊਟਰਲ ਵਿਸ਼ੇਸ਼ ਪੰਚਾਇਤ ਪੁਰਸਕਾਰ, ਅਤੇ ਪੰਚਾਇਤ ਕਸ਼ਮਤਾ ਨਿਰਮਾਣ ਸਰਵੋਤਮ ਸੰਸਥਾਨ ਪੁਰਸਕਾਰ ਵਰਗੀਆਂ ਸ਼੍ਰੇਣੀਆਂ ਸ਼ਾਮਲ ਹਨ। ਇਨ੍ਹਾਂ ਪੁਰਸਕਾਰਾਂ ਦਾ ਉਦੇਸ਼ ਪੰਚਾਇਤਾਂ ਨੂੰ ਗਰੀਬੀ ਹਟਾਉਣ, ਸਿਹਤ, ਬਾਲ ਕਲਿਆਣ, ਪਾਣੀ ਦੀ ਸੰਭਾਲ, ਸਵੱਛਤਾ, ਬੁਨਿਆਦੀ ਢਾਂਚਾ, ਸਮਾਜਿਕ ਨਿਆਂ, ਪ੍ਰਸ਼ਾਸਨ ਅਤੇ ਮਹਿਲਾ ਸਸ਼ਕਤੀਕਰਣ ਵਿੱਚ ਉਨ੍ਹਾਂ ਦੇ ਯਤਨਾਂ ਲਈ ਪਛਾਣਨਾ ਅਤੇ ਉਤਸ਼ਾਹਿਤ ਕਰਨਾ ਹੈ।

ਕਿਰਪਾ ਕਰਕੇ ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਇੱਥੇ ਕਲਿੱਕ ਕਰੋ - 

***

ਐੱਮਜੇਪੀਐੱਸ/ਐੱਸਆਰ


(Release ID: 2083673) Visitor Counter : 26