ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਮੋਹਾਲੀ ਵਿਖੇ ਨਾਗਰਿਕ ਸੁਆਗਤੀ ਸਮਾਗਮ ਵਿੱਚ ਸ਼ਾਮਲ ਹੋਏ

Posted On: 11 MAR 2025 7:53PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (11 ਮਾਰਚ, 2025) ਮੋਹਾਲੀ ਵਿਖੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਨਾਗਰਿਕ ਸੁਆਗਤੀ ਸਮਾਗਮ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ 'ਤੇ ਬੋਲਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਗੁਰੂਆਂ ਦੇ ਅਸ਼ੀਰਵਾਦ ਅਤੇ ਪ੍ਰੇਰਨਾ ਨਾਲ, ਪੰਜਾਬ ਦੀ ਧਰਤੀ ਨੇ ਸ਼ਹੀਦਾਂ ਅਤੇ ਕ੍ਰਾਂਤੀਕਾਰੀਆਂ ਨੂੰ ਜਨਮ ਦਿੱਤਾ ਹੈ। ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਮਹੱਤਵਪੂਰਨ ਅਧਿਆਏ ਪੰਜਾਬ ਦੀ ਧਰਤੀ 'ਤੇ ਲਿਖੇ ਗਏ ਹਨ।

ਰਾਸ਼ਟਰਪਤੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੇਵਾ ਅਤੇ ਸਮਰਪਣ ਦੀਆਂ ਬਹੁਤ ਸਾਰੀਆਂ ਉਦਾਹਰਣਾਂ ਕਾਇਮ ਕੀਤੀਆਂ ਹਨ। ਦੁਨੀਆ ਭਰ ਦੇ ਗੁਰਦੁਆਰਿਆਂ ਦਾ ਲੰਗਰ ਬਿਨਾ ਕਿਸੇ ਭੇਦਭਾਵ ਦੇ ਸਾਰੇ ਲੋਕਾਂ ਲਈ ਖੁੱਲ੍ਹਾ ਹੈ। ਦੁਨੀਆ ਭਰ ਦੇ ਲੋਕਾਂ ਨੇ ਪੰਜਾਬ ਦੇ ਲੋਕਾਂ ਤੋਂ ਲੰਗਰ ਸੇਵਾ ਦੀ ਕਲਾ ਸਿੱਖੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੀਆਂ ਹਥਿਆਰਬੰਦ ਫੌਜਾਂ ਵਿੱਚ ਪੰਜਾਬ ਦੇ ਬਹਾਦਰ ਸੈਨਿਕਾਂ ਦਾ ਯੋਗਦਾਨ ਬਹੁਤ ਮਹੱਤਵਪੂਰਨ ਹੈ। ਪੰਜਾਬ ਦੀ ਧਰਤੀ ਨੇ ਅਸਾਧਾਰਣ ਸ਼ਖਸੀਅਤਾਂ ਨੂੰ ਜਨਮ ਦਿੱਤਾ ਹੈ ਜਿਨ੍ਹਾਂ ਨੇ ਸਮਾਜ ਸੁਧਾਰ, ਸਿੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਉਦਯੋਗ, ਖੇਡਾਂ, ਰਾਜਨੀਤੀ ਅਤੇ ਸਮਾਜ ਸੇਵਾ ਵਰਗੇ ਕਈ ਖੇਤਰਾਂ ਵਿੱਚ ਦੇਸ਼ ਅਤੇ ਦੁਨੀਆ ਵਿੱਚ ਯੋਗਦਾਨ ਪਾਇਆ ਹੈ। ਪੰਜਾਬ ਨੇ ਭਾਰਤੀ ਖੇਤੀਬਾੜੀ ਦੇ ਵਿਕਾਸ ਵਿੱਚ ਵੀ ਮੋਹਰੀ ਯੋਗਦਾਨ ਪਾਇਆ ਹੈ। 1960 ਦੇ ਦਹਾਕੇ ਤੋਂ, ਜਦੋਂ ਦੇਸ਼ ਵਿੱਚ ਅਨਾਜ ਦੀ ਘਾਟ ਸੀ, ਪੰਜਾਬ ਦੇ ਪ੍ਰਗਤੀਸ਼ੀਲ ਕਿਸਾਨਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਹਰੀ ਕ੍ਰਾਂਤੀ ਨੂੰ ਸਫਲ ਬਣਾਇਆ ਅਤੇ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਦੇ ਕਿਸਾਨ ਅਤੇ ਖੇਤੀਬਾੜੀ ਵਿਗਿਆਨੀ ਇੱਕ ਵਾਰ ਫਿਰ ਵਾਤਾਵਰਣ ਅਨੁਕੂਲ ਖੇਤੀ ਅਪਣਾਉਂਦੇ ਹੋਏ ਖੇਤੀਬਾੜੀ ਖੇਤਰ ਵਿੱਚ ਪੂਰੇ ਦੇਸ਼ ਨੂੰ ਅਗਵਾਈ ਪ੍ਰਦਾਨ ਕਰਨਗੇ।

ਰਾਸ਼ਟਰਪਤੀ ਦੇ ਭਾਸ਼ਣ ਨੂੰ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-

***************

ਐੱਮਜੇਪੀਐੱਸ


(Release ID: 2110533) Visitor Counter : 19