ਪੇਂਡੂ ਵਿਕਾਸ ਮੰਤਰਾਲਾ
ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਸ਼੍ਰੀ ਵਿਸ਼ਣੂਦੇਵ ਸਾਈ (Vishnu deo Sai) ਨੇ ਛੱਤੀਸਗੜ੍ਹ ਵਿੱਚ ਪੇਂਡੂ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ 'ਅਟਲ ਡਿਜੀਟਲ ਸੁਵਿਧਾ ਕੇਂਦਰਾਂ' ਦੀ ਸ਼ਲਾਘਾ ਕੀਤੀ: ਇਸ ਨੂੰ ਪੇਂਡੂ ਅਰਥਵਿਵਸਥਾ ਵਿੱਚ ਡਿਜੀਟਲ ਸਸ਼ਕਤੀਕਰਣ ਦੀ ਦਿਸ਼ਾ ‘ਚ ਦੱਸਿਆ ਇੱਕ ਕ੍ਰਾਂਤੀਕਾਰੀ ਕਦਮ
ਅੰਮ੍ਰਿਤ ਸਰੋਵਰ ਯੋਜਨਾ ਪਿੰਡਾਂ ਦੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਅਤੇ ਪਾਣੀ ਦੀ ਸੰਭਾਲ ਵਿੱਚ ਠੋਸ ਨਤੀਜੇ ਦੇਵੇਗੀ: ਕੇਂਦਰੀ ਮੰਤਰੀ ਨੇ ਸਥਾਨਕ ਆਜੀਵਿਕਾ ਨਾਲ ਏਕੀਕਰਣ ਕਰਨ ਦੇ ਨਿਰਦੇਸ਼ ਦਿੱਤੇ
ਸ਼੍ਰੀ ਚੌਹਾਨ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ, ਸਿਰਫ਼ ਰਵਾਇਤੀ ਖੇਤੀ ਵਿੱਚ ਹੀ ਨਹੀਂ, ਸਗੋਂ ਪਸ਼ੂ ਪਾਲਣ, ਬਾਗਵਾਨੀ ਅਤੇ ਮੱਛੀ ਪਾਲਣ ਵਰਗੇ ਸਹਾਇਕ ਖੇਤਰਾਂ ਵਿੱਚ ਵੀ ਯਤਨ ਕਰਨ ਦੀ ਲੋੜ ਹੈ।
'ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ 29 ਮਈ ਤੋਂ ਸ਼ੁਰੂ ਹੋਵੇਗੀ: ਸ਼੍ਰੀ ਚੌਹਾਨ
Posted On:
13 MAY 2025 5:43PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਸ਼੍ਰੀ ਵਿਸ਼ਨੂੰਦੇਵ ਸਾਈ ਨੇ ਅੱਜ ਛੱਤੀਸਗੜ੍ਹ ਦੇ ਰਾਏਪੁਰ ਸਥਿਤ ਸਕੱਤਰੇਤ (ਮਹਾਨਦੀ ਭਵਨ) ਵਿਖੇ ਪੰਚਾਇਤ ਅਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਵਿਭਾਗ ਦੇ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ। ਮੀਟਿੰਗ ਵਿੱਚ, ਰਾਜ ਅਤੇ ਕੇਂਦਰੀ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਵਿਕਾਸ ਰਣਨੀਤੀਆਂ 'ਤੇ ਚਰਚਾ ਕੀਤੀ ਗਈ। ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਛੱਤੀਸਗੜ੍ਹ ਸਰਕਾਰ ਦੀ ਵਚਨਬੱਧਤਾ ਅਤੇ ਪ੍ਰਸ਼ਾਸਕੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਰਾਜ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰ ਵਿੱਚ ਮਿਸਾਲੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ, ਉੱਨਤ ਪਿੰਡ ਅਤੇ ਖੁਸ਼ਹਾਲ ਕਿਸਾਨ ਦੀ ਧਾਰਨਾ ਨੂੰ ਮਜ਼ਬੂਤ ਕਰਨਾ ਸਾਡੀ ਤਰਜੀਹ ਹੈ।

ਮੀਟਿੰਗ ਵਿੱਚ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕਰਦੇ ਹੋਏ, ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ 'ਅੰਮ੍ਰਿਤ ਸਰੋਵਰ' ਯੋਜਨਾ ਨੂੰ ਸਥਾਨਕ ਆਜੀਵਿਕਾ ਨਾਲ ਜੋੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਪਾਣੀ ਦੀ ਸੰਭਾਲ ਵੱਲ ਠੋਸ ਨਤੀਜੇ ਸਾਹਮਣੇ ਆਉਣਗੇ। ਰਾਜ ਸਰਕਾਰ ਦੀ ਬੇਨਤੀ 'ਤੇ, ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਯੋਜਨਾ (ਮਨਰੇਗਾ) ਅਧੀਨ ਕਿਰਤ ਬਜਟ ਵਿੱਚ ਸੋਧ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ, ਉਨ੍ਹਾਂ ਨੇ ਪ੍ਰਵਾਨਿਤ ਘਰਾਂ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਅਤੇ ਕੀਤੇ ਜਾ ਰਹੇ ਨਵੇਂ ਸਰਵੇਖਣ ਦੀ ਭੌਤਿਕ ਤਸਦੀਕ 'ਤੇ ਜ਼ੋਰ ਦਿੱਤਾ।

ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੀ ਪ੍ਰਸ਼ੰਸਾ ਕੀਤੀ ਅਤੇ ਨਕਸਲ ਪ੍ਰਭਾਵਿਤ ਖੇਤਰਾਂ ਵਿੱਚ ਚਲਾਈ ਜਾ ਰਹੀ ਨਿਅਦ ਨੇਲਾਨਰ ਯੋਜਨਾ ਦੇ ਤਹਿਤ ਕੀਤੇ ਜਾ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਰਾਜ ਦੇ ਦੂਰ-ਦੁਰਾਡੇ ਅਤੇ ਚੁਣੌਤੀਪੂਰਨ ਖੇਤਰਾਂ ਵਿੱਚ ਵਿਕਾਸ ਨੂੰ ਲਿਜਾ ਰਹੀ ਹੈ। ਕੇਂਦਰੀ ਮੰਤਰੀ ਨੇ ਛੱਤੀਸਗੜ੍ਹ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਵਿੱਚ ਸ਼ੁਰੂ ਕੀਤੇ ਗਏ 'ਅਟਲ ਡਿਜੀਟਲ ਸੁਵਿਧਾ ਕੇਂਦਰਾਂ' ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਪੇਂਡੂ ਅਰਥਵਿਵਸਥਾ ਵਿੱਚ ਡਿਜੀਟਲ ਸਸ਼ਕਤੀਕਰਣ ਵੱਲ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ। ਉਨ੍ਹਾਂ ਸੁਝਾਅ ਦਿੱਤਾ ਕਿ ਇਸ ਨਵੀਨਤਾ ਦਾ ਅਧਿਐਨ ਕੀਤਾ ਜਾਣਾ ਚਾਹੀਦਾ ਹੈ ਅਤੇ ਦੂਜੇ ਰਾਜਾਂ ਵਿੱਚ ਵੀ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਖੇਤੀਬਾੜੀ ਖੇਤਰ ਦੀ ਸਮੀਖਿਆ ਕਰਦੇ ਹੋਏ, ਸ਼੍ਰੀ ਚੌਹਾਨ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ, ਨਾ ਸਿਰਫ਼ ਰਵਾਇਤੀ ਖੇਤੀ ਵਿੱਚ, ਸਗੋਂ ਪਸ਼ੂ ਪਾਲਣ, ਬਾਗਬਾਨੀ ਅਤੇ ਮੱਛੀ ਪਾਲਣ ਵਰਗੇ ਸਹਾਇਕ ਖੇਤਰਾਂ ਵਿੱਚ ਵੀ ਯਤਨ ਜ਼ਰੂਰੀ ਹਨ। ਉਨ੍ਹਾਂ ਨੇ ਵਿਗਿਆਨਕ ਖੇਤੀਬਾੜੀ ਅਭਿਆਸਾਂ, ਉੱਨਤ ਬੀਜਾਂ, ਜੈਵਿਕ ਖੇਤੀ ਅਤੇ ਫਸਲੀ ਚੱਕਰ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਕੇਂਦਰ ਸਰਕਾਰ ਵੱਲੋਂ ਜਲਦੀ ਹੀ ਸ਼ੁਰੂ ਕੀਤੇ ਜਾ ਰਹੇ 'ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ' ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਚੌਹਾਨ ਨੇ ਕਿਹਾ ਕਿ ਵਿਗਿਆਨੀਆਂ ਦੀ ਇੱਕ ਟੀਮ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰੇਗੀ ਅਤੇ ਕਿਸਾਨਾਂ ਨੂੰ ਵਿਵਹਾਰਕ ਅਤੇ ਵਿਗਿਆਨਕ ਖੇਤੀਬਾੜੀ ਤਕਨੀਕਾਂ ਦੀ ਟ੍ਰੇਨਿੰਦ ਦੇਵੇਗੀ। ਉਨ੍ਹਾਂ ਨੇ ਰਾਜ ਸਰਕਾਰ ਨੂੰ ਇਸ ਪਹਿਲਕਦਮੀ ਵਿੱਚ ਸਰਗਰਮ ਭਾਗੀਦਾਰੀ ਦੀ ਅਪੀਲ ਕੀਤੀ।
ਮੀਟਿੰਗ ਦੇ ਅੰਤ ਵਿੱਚ, ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰ ਵਿੱਚ ਨਵੀਨਤਾਕਾਰੀ ਪ੍ਰਯੋਗਾਂ ਅਤੇ ਵਚਨਬੱਧਤਾ ਨਾਲ ਛੱਤੀਸਗੜ੍ਹ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਣਗੀਆਂ।
ਮੁੱਖ ਮੰਤਰੀ ਸ਼੍ਰੀ ਵਿਸ਼ਣੂਦੇਵ ਸਾਈ ਨੇ ਮੀਟਿੰਗ ਵਿੱਚ ਕਿਹਾ ਕਿ ਛੱਤੀਸਗੜ੍ਹ ਸਰਕਾਰ ਪੇਂਡੂ ਵਿਕਾਸ ਅਤੇ ਖੇਤੀਬਾੜੀ ਨੂੰ ਰਾਜ ਦੀ ਰੀੜ੍ਹ ਦੀ ਹੱਡੀ ਮੰਨਦੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਰਾਜ ਦੇ ਦੂਰ-ਦੁਰਾਡੇ ਅਤੇ ਵੰਚਿਤ ਇਲਾਕਿਆਂ ਵਿੱਚ ਵਿਕਾਸ ਨੂੰ ਵਧਾਉਣਾ ਇੱਕ ਸਾਂਝੀ ਜ਼ਿੰਮੇਵਾਰੀ ਹੈ, ਜਿਸ ਨੂੰ ਛੱਤੀਸਗੜ੍ਹ ਸਰਕਾਰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਸ਼੍ਰੀ ਸਾਈ ਨੇ ਕਿਹਾ ਕਿ ਪੇਂਡੂ ਅਰਥਵਿਵਸਥਾ ਨੂੰ ਸਵੈ-ਨਿਰਭਰ ਬਣਾਉਣਾ, ਆਖਰੀ ਮੀਲ ਤੱਕ ਡਿਜੀਟਲ ਸੇਵਾਵਾਂ ਪ੍ਰਦਾਨ ਕਰਨਾ ਅਤੇ ਨੌਜਵਾਨਾਂ ਨੂੰ ਹੁਨਰ-ਅਧਾਰਿਤ ਰੋਜ਼ਗਾਰ ਪ੍ਰਦਾਨ ਕਰਨਾ ਅਸਲ ਸੁਸ਼ਾਸਨ ਹੈ।
ਇਸ ਮੌਕੇ ਉਪ ਮੁੱਖ ਮੰਤਰੀ ਸ਼੍ਰੀ ਵਿਜੈ ਸ਼ਰਮਾ, ਖੇਤੀਬਾੜੀ ਮੰਤਰੀ ਸ਼੍ਰੀ ਰਾਮਵਿਚਾਰ ਨੇਤਾਮ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਸੁਬੋਧ ਸਿੰਘ, ਪੰਚਾਇਤ ਵਿਭਾਗ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਨਿਹਾਰਿਕਾ ਬਾਰਿਕ, ਮੁੱਖ ਮੰਤਰੀ ਦੇ ਸਕੱਤਰ ਸ਼੍ਰੀ ਪੀ. ਦਯਾਨੰਦ, ਭਾਰਤ ਸਰਕਾਰ ਦੇ ਭੂਮੀ ਸਰੋਤ ਵਿਭਾਗ ਦੇ ਵਧੀਕ ਸਕੱਤਰ ਸ਼੍ਰੀ ਆਰ. ਆਨੰਦ, ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਸਕੱਤਰ ਸ਼੍ਰੀ ਅਮਿਤ ਸ਼ੁਕਲਾ, ਖੇਤੀਬਾੜੀ ਮੰਤਰਾਲੇ ਦੇ ਸਲਾਹਕਾਰ ਸ਼੍ਰੀ ਨਵੀਨ ਕੁਮਾਰ ਵਿਦਿਆਰਥੀ, ਖੇਤੀਬਾੜੀ ਉਤਪਾਦਨ ਕਮਿਸ਼ਨਰ ਸ਼੍ਰੀਮਤੀ ਸ਼ਹਿਲਾ ਨਿਗਾਰ, ਲੋਕ ਨਿਰਮਾਣ ਵਿਭਾਗ ਦੀ ਸਕੱਤਰ ਡਾ. ਕਮਲਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
*******
ਪੀਐੱਸਐੱਫ/ਕੇਐੱਸਆਰ/ਏਆਰ
(Release ID: 2128613)