ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ
ਏਅਰ ਇੰਡੀਆ ਦੀ ਉਡਾਣ AI-171 ਨਾਲ ਹੋਈ ਮੰਦਭਾਗੀ ਘਟਨਾ ਤੋਂ ਪੂਰਾ ਦੇਸ਼ ਹੈਰਾਨ ਹੈ; ਦੇਸ਼ ਦੇ ਸਾਰੇ ਨਾਗਰਿਕ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ
ਭਾਰਤ ਸਰਕਾਰ, ਗੁਜਰਾਤ ਸਰਕਾਰ ਅਤੇ ਪ੍ਰਧਾਨ ਮੰਤਰੀ ਦੀ ਤਰਫੋਂ, ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਗਹਿਰੀਆਂ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ
ਭਾਰਤ ਸਰਕਾਰ ਅਤੇ ਗੁਜਰਾਤ ਸਰਕਾਰ ਮਿਲ ਕੇ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੇ ਹੋਏ ਹਨ
ਹਸਪਤਾਲ ਵਿੱਚ ਇਸ ਹਾਦਸੇ ਵਿੱਚ ਬਚਣ ਵਾਲੇ ਜ਼ਖਮੀ ਯਾਤਰੀ ਨੂੰ ਮਿਲਿਆ
ਮ੍ਰਿਤਕਾਂ ਦੀ ਸਰਕਾਰੀ ਸੰਖਿਆ ਦਾ ਐਲਾਨ ਡੀਐੱਨਏ ਟੈਸਟਿੰਗ ਦੇ ਬਾਅਦ ਹੀ ਕੀਤਾ ਜਾਵੇਗਾ
ਹਾਦਸੇ ਵਾਲੀ ਥਾਂ 'ਤੇ ਪਹੁੰਚੇ ਰਿਸ਼ਤੇਦਾਰਾਂ ਦੀ ਡੀਐੱਨਏ ਸੈਂਪਲਿੰਗ ਪ੍ਰਕਿਰਿਆ ਵੀ ਅਗਲੇ 2-3 ਘੰਟਿਆਂ ਵਿੱਚ ਪੂਰੀ ਹੋ ਜਾਵੇਗੀ
ਹਵਾਬਾਜ਼ੀ ਵਿਭਾਗ ਨੇ ਤੁਰੰਤ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ
Posted On:
12 JUN 2025 11:58PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਵਾਈ ਜਹਾਜ਼ ਦੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਗ੍ਰਹਿ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਸਮੀਖਿਆ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਰਾਮ ਮੋਹਨ ਨਾਇਡੂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀ ਇੱਕ ਮੀਟਿੰਗ ਕੀਤੀ।



ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਏਅਰ ਇੰਡੀਆ ਦੀ ਉਡਾਣ ਨੰਬਰ AI-171 ਨਾਲ ਹੋਈ ਮੰਦਭਾਗੀ ਘਟਨਾ ਤੋਂ ਹੈਰਾਨ ਹੈ, ਅਤੇ ਦੇਸ਼ ਦੇ ਸਾਰੇ ਨਾਗਰਿਕ ਉਨ੍ਹਾਂ ਪਰਿਵਾਰਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹਨ ਜਿਨ੍ਹਾਂ ਨੇ ਇਸ ਦੁਖਾਂਤ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਉਹ ਭਾਰਤ ਸਰਕਾਰ, ਗੁਜਰਾਤ ਸਰਕਾਰ ਅਤੇ ਪ੍ਰਧਾਨ ਮੰਤਰੀ ਦੀ ਤਰਫੋਂ ਆਪਣੀਆਂ ਜਾਨਾਂ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਗਹਿਰੀਆਂ ਸੰਵੇਦਨਾਵਾਂ ਪ੍ਰਗਟ ਕਰਦੇ ਹਨ।
ਗ੍ਰਹਿ ਮੰਤਰੀ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ, ਗੁਜਰਾਤ ਸਰਕਾਰ ਨੇ ਸਿਹਤ ਵਿਭਾਗ, ਫਾਇਰ ਬ੍ਰਿਗੇਡ, ਪੁਲਿਸ ਵਿਭਾਗ ਅਤੇ ਭਾਰਤ ਸਰਕਾਰ ਦੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਸਮੇਤ ਸਾਰੀਆਂ ਆਪਦਾ ਪ੍ਰਬੰਧਨ ਇਕਾਈਆਂ ਨੂੰ ਅਲਰਟ ਕਰ ਦਿੱਤਾ, ਅਤੇ ਸਾਰੀਆਂ ਏਜੰਸੀਆਂ ਨੇ ਸਾਂਝੇ ਤੌਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਭਾਰਤ ਸਰਕਾਰ ਅਤੇ ਗੁਜਰਾਤ ਸਰਕਾਰ ਸਾਂਝੇ ਤੌਰ 'ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਰੁੱਝੀਆਂ ਹੋਈਆਂ ਹਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਹਵਾਈ ਜਹਾਜ਼ ਵਿੱਚ ਕੁੱਲ 230 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ, ਜਿਨ੍ਹਾਂ ਵਿੱਚ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀ ਵੀ ਸ਼ਾਮਲ ਸਨ। ਗ੍ਰਹਿ ਮੰਤਰੀ ਨੇ ਹਸਪਤਾਲ ਵਿੱਚ ਹਾਦਸੇ ਵਿੱਚ ਬਚੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾਂ ਦੀ ਸਰਕਾਰੀ ਸੰਖਿਆ ਡੀਐੱਨਏ ਟੈਸਟਿੰਗ ਪੂਰੀ ਹੋਣ ਤੋਂ ਬਾਅਦ ਹੀ ਐਲਾਨੀ ਜਾਵੇਗੀ। ਹਾਦਸੇ ਵਾਲੀ ਥਾਂ 'ਤੇ ਪਹੁੰਚੇ ਰਿਸ਼ਤੇਦਾਰਾਂ ਲਈ ਡੀਐੱਨਏ ਸੈਂਪਲਿੰਗ ਪ੍ਰਕਿਰਿਆ ਵੀ ਅਗਲੇ 2-3 ਘੰਟਿਆਂ ਵਿੱਚ ਪੂਰੀ ਕਰ ਲਈ ਜਾਵੇਗੀ। ਸ਼੍ਰੀ ਸ਼ਾਹ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਮੌਜੂਦ ਮ੍ਰਿਤਕ ਯਾਤਰੀਆਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ, ਅਤੇ ਉਨ੍ਹਾਂ ਦੇ ਭਾਰਤ ਪਹੁੰਚਣ 'ਤੇ ਉਨ੍ਹਾਂ ਦੇ ਡੀਐੱਨਏ ਸੈਂਪਲ ਇਕੱਠੇ ਕੀਤੇ ਜਾਣਗੇ।



ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਗੁਜਰਾਤ ਦੀ ਫੋਰੈਂਸਿਕ ਸਾਇੰਸ ਲੈਬੋਰੇਟਰੀ (FSL) ਅਤੇ ਨੈਸ਼ਨਲ ਫੋਰੈਂਸਿਕ ਸਾਇੰਸਿਜ਼ ਯੂਨੀਵਰਸਿਟੀ (NFSU) ਸਾਂਝੇ ਤੌਰ 'ਤੇ ਘੱਟ ਤੋਂ ਘੱਟ ਸਮੇਂ ਵਿੱਚ ਡੀਐੱਨਏ ਟੈਸਟਿੰਗ ਪੂਰੀ ਕਰਨਗੇ, ਜਿਸ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਵਾਬਾਜ਼ੀ ਵਿਭਾਗ ਨੇ ਤੁਰੰਤ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਦਾ ਆਭਾਰ ਪ੍ਰਗਟਾਇਆ।
* * * *
ਆਰਕੇ/ਵੀਵੀ/ਪੀਆਰ
(Release ID: 2136192)