ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਉੱਤਰ ਪ੍ਰਦੇਸ਼ ਵਿੱਚ ਮੇਰਠ ਦੇ ਇੱਕ ਨਸ਼ਾ ਮੁਕਤੀ ਕੇਂਦਰ ਵਿੱਚ ਇੱਕ ਵਿਅਕਤੀ ਦੀ ਮੌਤ ਦਾ ਖੁਦ ਨੋਟਿਸ ਲਿਆ ਹੈ
ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ ਦੇ ਅੰਦਰ ਮਾਮਲੇ ’ਤੇ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ
ਰਿਪੋਰਟ ਵਿੱਚ ਉੱਤਰ ਪ੍ਰਦੇਸ਼ ਵਿੱਚ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰਾਂ ਦੀ ਸਥਿਤੀ ਸ਼ਾਮਲ ਹੋਣ ਦੀ ਸੰਭਾਵਨਾ ਹੈ
Posted On:
27 AUG 2025 12:52PM by PIB Chandigarh
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਇੱਕ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਨਸ਼ਾ ਮੁਕਤੀ ਕੇਂਦਰ ਵਿੱਚ 38 ਵਰ੍ਹੇ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਨਸ਼ਾ ਮੁਕਤੀ ਕੇਂਦਰ ’ਤੇ ਤਸ਼ੱਦਦ ਦੇਣ ਦਾ ਦੋਸ਼ ਲਗਾਇਆ ਹੈ। ਮ੍ਰਿਤਕ ਨੂੰ 19 ਅਗਸਤ, 2025 ਨੂੰ ਨਸ਼ਾ ਮੁਕਤੀ ਕੇਂਦਰ ਤੋਂ ਇਲਾਜ ਲਈ ਏਮਸ ਨਵੀਂ ਦਿੱਲੀ ਲਿਆਂਦੇ ਜਾਣ ’ਤੇ ਮ੍ਰਿਤਕ ਐਲਾਨਿਆ ਗਿਆ ਸੀ। ਮ੍ਰਿਤਕ ਨੂੰ ਕਥਿਤ ਤੌਰ ’ਤੇ 17 ਅਗਸਤ, 2025 ਨੂੰ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ ਸਥਿਤ ਇੱਕ ਹੋਰ ਨਸ਼ਾ ਮੁਕਤੀ ਕੇਂਦਰ ਤੋਂ ਮੇਰਠ ਜ਼ਿਲ੍ਹੇ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਰੈਫਰ ਕੀਤਾ ਗਿਆ ਸੀ। ਮੀਡੀਆ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਇੱਕ ਅਧਿਕਾਰੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਵਿੱਚ ਸੰਚਾਲਿਤ ਕੋਈ ਵੀ ਨਸ਼ਾ ਮੁਕਤੀ ਕੇਂਦਰ ਅਧਿਕਾਰਤ ਅਤੇ ਰਜਿਸਟਰਡ ਨਹੀਂ ਹੈ।
ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਮੀਡੀਆ ਰਿਪੋਰਟ ਸੱਚ ਹੈ, ਤਾਂ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰ ਕੇ ਦੋ ਹਫ਼ਤਿਆਂ ਦੇ ਅੰਦਰ ਇਸ ਮਾਮਲੇ 'ਤੇ ਵਿਸਤ੍ਰਿਤ ਰਿਪੋਰਟ ਮੰਗੀ ਹੈ। ਰਿਪੋਰਟ ਵਿੱਚ ਉੱਤਰ ਪ੍ਰਦੇਸ਼ ਵਿੱਚ ਸੰਚਾਲਿਤ ਨਸ਼ਾ ਮੁਕਤੀ ਕੇਂਦਰਾਂ ਦੀ ਸਥਿਤੀ ਸ਼ਾਮਲ ਹੋਣ ਦੀ ਵੀ ਉਮੀਦ ਹੈ।
19 ਅਗਸਤ, 2025 ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟ ਦੇ ਅਨੁਸਾਰ, ਮ੍ਰਿਤਕ ਨਸ਼ੇ ਦਾ ਆਦੀ ਸੀ ਅਤੇ ਉਸ ਨੂੰ 17 ਅਗਸਤ, 2025 ਨੂੰ ਨੋਇਡਾ ਦੇ ਗੌਤਮ ਬੁੱਧ ਨਗਰ ਸਥਿਤ ਇੱਕ ਨਸ਼ਾ ਮੁਕਤੀ ਕੇਂਦਰ ਵਿੱਚ ਲਿਆਂਦਾ ਗਿਆ ਸੀ। ਉੱਥੇ ਭਰਤੀ ਹੋਣ ਦੇ ਅੱਧੇ ਘੰਟੇ ਦੇ ਅੰਦਰ, ਉਸ ਨੂੰ ਮੇਰਠ ਦੇ ਇੱਕ ਹੋਰ ਨਸ਼ਾ ਮੁਕਤੀ ਕੇਂਦਰ ਵਿੱਚ ਰੈਫਰ ਕਰ ਦਿੱਤਾ ਗਿਆ, ਜਿੱਥੇ ਉਹ ਦੋ ਦਿਨ ਤੱਕ ਰਿਹਾ। ਜਦੋਂ ਉਸਦੀ ਹਾਲਤ ਵਿਗੜਨ ਲੱਗੀ, ਤਾਂ ਨਸ਼ਾ ਮੁਕਤੀ ਕੇਂਦਰ ਦੇ ਮੈਨੇਜਰ ਨੇ ਉਸਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਅਤੇ ਉਸ ਨੂੰ ਇਲਾਜ ਲਈ ਨਵੀਂ ਦਿੱਲੀ ਸਥਿਤ ਏਮਸ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੇ ਪਰਿਵਾਰ ਨੇ ਮੇਰਠ ਦੇ ਨਸ਼ਾ ਮੁਕਤੀ ਕੇਂਦਰ 'ਤੇ ਸਰੀਰਕ ਤਸ਼ੱਦਦ ਦਾ ਦੋਸ਼ ਲਗਾਇਆ ਹੈ।
************
ਐੱਨਐੱਸਕੇ
(Release ID: 2161603)
Visitor Counter : 11