ਖੇਤੀਬਾੜੀ ਮੰਤਰਾਲਾ
ਜੰਮੂ-ਕਸ਼ਮੀਰ ਵਿੱਚ ਆਫ਼ਤ ਪ੍ਰਭਾਵਿਤ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਰਾਹਤ ਮਿਲੀ
ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦੁਆਰਾ ਪੀਐੱਮ-ਕਿਸਾਨ ਦੀ 21ਵੀਂ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ
ਜੰਮੂ-ਕਸ਼ਮੀਰ ਵਿੱਚ 8.55 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ₹171 ਕਰੋੜ ਦਾ ਸਨਮਾਨ ਨਿਧੀ ਫੰਡ ਟ੍ਰਾਂਸਫਰ
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦਿੱਲੀ ਦੇ ਕ੍ਰਿਸ਼ੀ ਭਵਨ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਸ਼ਾਮਲ ਹੋਏ
ਹੁਣ ਤੱਕ ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਪੀਐੱਮ-ਕਿਸਾਨ ਅਧੀਨ 4,052 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ - ਸ਼੍ਰੀ ਸ਼ਿਵਰਾਜ ਸਿੰਘ
ਪ੍ਰਭਾਵਿਤ ਜਨਤਾ ਦੇ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ - ਸ਼੍ਰੀ ਸ਼ਿਵਰਾਜ ਸਿੰਘ
5,100 ਘਰਾਂ ਦੇ ਪੁਨਰ ਨਿਰਮਾਣ ਲਈ ਕੇਂਦਰ ਤੋਂ ₹85 ਕਰੋੜ ਦਾ ਬਜਟ ਵੀ ਮਨਜ਼ੂਰ ਕੀਤਾ ਗਿਆ ਹੈ - ਸ਼੍ਰੀ ਸ਼ਿਵਰਾਜ ਸਿੰਘ
ਮਨਰੇਗਾ ਅਧੀਨ 100 ਦਿਨਾਂ ਦੀ ਬਜਾਏ 150 ਦਿਨਾਂ ਲਈ ਮਜ਼ਦੂਰੀ ਦਿੱਤੀ ਜਾਵੇਗੀ - ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ
ਆਫ਼ਤ ਦੇ ਇਸ ਸਮੇਂ ਦੌਰਾਨ ਹੋਰ ਸਾਰੇ ਤਰੀਕਿਆਂ ਨਾਲ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ - ਸ਼੍ਰੀ ਸ਼ਿਵਰਾਜ ਸਿੰਘ
Posted On:
07 OCT 2025 4:46PM by PIB Chandigarh
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਵੀਂ ਦਿੱਲੀ ਦੇ ਕ੍ਰਿਸ਼ੀ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਜੰਮੂ ਅਤੇ ਕਸ਼ਮੀਰ ਦੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੀ 21ਵੀਂ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ।

ਇਸ ਸਾਦੇ ਸਮਾਰੋਹ ਵਿੱਚ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ, ਕੇਂਦਰੀ ਖੇਤੀਬਾੜੀ ਸਕੱਤਰ ਡਾ. ਦੇਵੇਸ਼ ਚਤੁਰਵੇਦੀ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਡਾ. ਮੰਗੀ ਲਾਲ ਜਾਟ (Mangi Lal Jat) ਸਹਿਤ ਸੀਨੀਅਰ ਅਧਿਕਾਰੀ ਮੌਜੂਦ ਸਨ, ਜਦੋਂ ਕਿ ਜੰਮੂ-ਕਸ਼ਮੀਰ ਦੇ ਖੇਤੀਬਾੜੀ ਮੰਤਰੀ ਸ਼੍ਰੀ ਜਾਵੇਦ ਅਹਿਮਦ ਡਾਰ, ਹੋਰ ਜਨ ਪ੍ਰਤੀਨਿਧੀ, ਅਧਿਕਾਰੀ ਅਤੇ ਕਿਸਾਨ ਪ੍ਰੋਗਰਾਮ ਨਾਲ ਵਰਚੁਅਲੀ ਜੁੜੇ। ਅੱਜ ਦੀ ਕਿਸ਼ਤ ਦੇ ਤਹਿਤ ਲਗਭਗ 8.55 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 171 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ, ਜਿਨ੍ਹਾਂ ਵਿੱਚ 85,418 ਮਹਿਲਾ ਕਿਸਾਨ ਸ਼ਾਮਲ ਹਨ। ਜੰਮੂ-ਕਸ਼ਮੀਰ ਦੇ ਕਿਸਾਨਾਂ ਨੂੰ ਪੀਐੱਮ-ਕਿਸਾਨ ਦੇ ਤਹਿਤ ਕੁੱਲ 4,052 ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਤੋਂ ਲਗਭਗ 5100 ਘਰਾਂ ਨੂੰ ਹੋਏ ਨੁਕਸਾਨ ਬਾਰੇ ਇੱਕ ਮੈਮੋਰੰਡਮ ਰਾਹੀਂ ਜਾਣਕਾਰੀ ਪ੍ਰਾਪਤ ਹੋਈ ਹੈ। ਇਨ੍ਹਾਂ ਘਰਾਂ ਦੇ ਪੁਨਰ ਨਿਰਮਾਣ ਲਈ, ਕੇਂਦਰੀ ਗ੍ਰਾਮੀਣ ਵਿਕਾਸ ਮੰਤਰਾਲੇ ਦੇ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 85.62 ਕਰੋੜ ਰੁਪਏ ਦੇ ਵਿਸ਼ੇਸ਼ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਪਖਾਨੇ ਦੀ ਉਸਾਰੀ ਲਈ ਮੁੱਢਲੀ ਸਹਾਇਤਾ ਅਤੇ ਮਨਰੇਗਾ ਤੋਂ ਫੰਡ ਸ਼ਾਮਲ ਹੋਣਗੇ ਤਾਂ ਜੋ ਲੋਕ ਆਪਣੇ ਘਰਾਂ ਦਾ ਪੁਨਰ ਨਿਰਮਾਣ ਕਰ ਸਕਣ। ਇਸ ਤੋਂ ਇਲਾਵਾ, ਰਾਜ ਤੋਂ ਪ੍ਰਸਤਾਵ ਪ੍ਰਾਪਤ ਹੋਣ 'ਤੇ, ਗ੍ਰਾਮੀਣ ਵਿਕਾਸ ਮੰਤਰਾਲਾ ਮਨਰੇਗਾ ਤਹਿਤ 100 ਦਿਨਾਂ ਦੀ ਬਜਾਏ 150 ਦਿਨਾਂ ਲਈ ਮਜ਼ਦੂਰੀ ਪ੍ਰਦਾਨ ਕਰੇਗਾ, ਜਿਸ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਵਾਧੂ ਰੋਜ਼ੀ-ਰੋਟੀ ਸਹਾਇਤਾ ਮਿਲੇਗੀ।
ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਹੜ੍ਹ ਅਤੇ ਹੋਰ ਆਫਤਾਂ ਤੋਂ ਪ੍ਰਭਾਵਿਤ ਜੰਮੂ-ਕਸ਼ਮੀਰ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜਦੀ ਦੀ ਅਗਵਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਅਸੀਂ ਸਾਰੇ ਪ੍ਰਭਾਵਿਤ ਕਿਸਾਨਾਂ ਅਤੇ ਹੋਰ ਲੋਕਾਂ ਨੂੰ ਸੰਕਟ ਤੋਂ ਕੱਢਣ ਵਿੱਚ ਮਦਦ ਕਰਾਂਗੇ। ਪੀਐੱਮ-ਕਿਸਾਨ ਦੀ ਇਹ ਕਿਸ਼ਤ ਰਾਸ਼ੀ ਇਸ ਸਬੰਧ ਵਿੱਚ ਇੱਕ ਵੱਡੀ ਰਾਹਤ ਹੈ, ਜੋ ਕਿਸਾਨਾਂ ਨੂੰ ਆਪਣਾ ਜ਼ਰੂਰੀ ਕੰਮ ਕਰਨ ਦੇ ਯੋਗ ਬਣਾਵੇਗੀ। ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਕਿਸੇ ਵੀ ਕਿਸਾਨ ਨੂੰ ਇਕੱਲਾ ਨਹੀਂ ਛੱਡਾਂਗੇ। ਕੇਂਦਰ ਸਰਕਾਰ ਆਪਣੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹਾਇਤਾ ਪ੍ਰੋਗਰਾਮਾਂ ਰਾਹੀਂ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ। ਭਵਿੱਖ ਵਿੱਚ ਵੀ, ਪ੍ਰਾਵਧਾਨਾਂ ਅਨੁਸਾਰ ਪ੍ਰਭਾਵਿਤ ਨਿਵਾਸੀਆਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਮੁੜ ਸ਼ੁਰੂ ਕਰਨ ਲਈ ਬੀਜ, ਖਾਦ ਅਤੇ ਹੋਰ ਜ਼ਰੂਰੀ ਜ਼ਰੂਰਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਜਿਸ ਦਾ ਖੇਤ – ਉਸ ਦੀ ਰੇਤ ਦੀ ਨੀਤੀ ਦੇ ਤਹਿਤ, ਰਾਜ ਸਰਕਾਰ ਨੇ ਰੇਤ ਵੇਚਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਇਲਾਵਾ, ਰਾਜ ਤੋਂ ਪ੍ਰਸਤਾਵ ਪ੍ਰਾਪਤ ਹੋਣ 'ਤੇ, ਲੋੜ ਪੈਣ 'ਤੇ ਐੱਨਡੀਆਰਐੱਫ ਦੇ ਤਹਿਤ ਵੀ ਜ਼ਰੂਰਤ ਹੋਣ ‘ਤੇ ਫੰਡ ਪ੍ਰਦਾਨ ਕਰਨ ਦਾ ਪ੍ਰਬੰਧ ਹੈ। ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਵੀ ਰਾਜ ਤੋਂ ਪ੍ਰਸਤਾਵ ਪ੍ਰਾਪਤ ਹੋਣ 'ਤੇ, ਕੇਂਦਰੀ ਖੇਤੀਬਾੜੀ ਮੰਤਰਾਲਾ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਫੰਡ ਟ੍ਰਾਂਸਫਰ ਕਰਨ ਦਾ ਪ੍ਰਬੰਧ ਕਰੇਗਾ।
ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਅਤੇ ਰਾਜ ਦੇ ਖੇਤੀਬਾੜੀ ਮੰਤਰੀ ਜਾਵੇਦ ਅਹਿਮਦ ਡਾਰ ਨੇ ਵੀ ਵਿਚਾਰ ਰੱਖੇ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹਾਇਤਾ ਲਈ ਧੰਨਵਾਦ ਪ੍ਰਗਟ ਕੀਤਾ। ਦੋਨੋ ਮੰਤਰੀਆਂ ਨੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਪ੍ਰਭਾਵਿਤ ਖੇਤਰ ਦੇ ਹਾਲ ਹੀ ਦੇ ਦੌਰੇ ਲਈ ਧੰਨਵਾਦ ਵੀ ਕੀਤਾ।
****
ਆਰਸੀ/ਕੇਐੱਸਆਰ/ਏਆਰ
(Release ID: 2176069)
Visitor Counter : 2