ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲਾ
azadi ka amrit mahotsav

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਨੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਬੈਂਕਾਂ ਨਾਲ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕੀਤੀ

प्रविष्टि तिथि: 24 OCT 2025 6:46PM by PIB Chandigarh

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ, ਸ਼੍ਰੀ ਮਨੋਹਰ ਲਾਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੇ ਲਾਗੂਕਰਣ ਬਾਰੇ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ 33 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਤੀਨਿਧੀਆਂ, ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਤੇ ਵਿੱਤੀ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਪ੍ਰਮੁੱਖ ਬੈਂਕਾਂ/ਰਾਜ ਪੱਧਰੀ ਬੈਂਕਰਸ ਕਮੇਟੀਆਂ ਦੇ ਕਨਵੀਨਰ ਸ਼ਾਮਲ ਸਨ। ਇਹ ਸਮੀਖਿਆ ਯੋਜਨਾ ਦੇ ਪੁਨਰਗਠਨ ਅਤੇ ਵਿਸਥਾਰ ਲਈ ਹਾਲ ਹੀ ਵਿੱਚ ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਕੀਤੀ ਗਈ ਹੈ।

ਮੀਟਿੰਗ ਵਿੱਚ, ਸ਼੍ਰੀ ਮਨੋਹਰ ਲਾਲ ਨੇ ਰਾਜਾਂ ਦੇ ਸ਼ਹਿਰੀ ਵਿਕਾਸ ਮੰਤਰੀਆਂ, ਪ੍ਰਮੁੱਖ ਸਕੱਤਰਾਂ, ਮਿਸ਼ਨ ਡਾਇਰੈਕਟਰਾਂ, ਵਿੱਤੀ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਅਤੇ ਸੀਨੀਅਰ ਬੈਂਕਿੰਗ ਅਧਿਕਾਰੀਆਂ ਨਾਲ ਰਾਜ-ਵਾਰ ਪ੍ਰਗਤੀ ਦਾ ਮੁਲਾਂਕਣ ਕਰਨ ਅਤੇ ਸੰਚਾਲਨ ਚੁਣੌਤੀਆਂ ਦਾ ਹੱਲ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਬੈਂਕਾਂ ਨੂੰ ਜਾਗਰੂਕਤਾ ਵਧਾਉਣ, ਯੋਗ ਸਟ੍ਰੀਟ ਵੈਂਡਰਸ ਦੀ ਪਛਾਣ ਕਰਨ, ਵਾਪਸ ਕੀਤੀਆਂ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਲੰਬਿਤ ਕਰਜ਼ਿਆਂ ਦੀ ਪ੍ਰਵਾਨਗੀ ਅਤੇ ਵੰਡ ਨੂੰ ਤੇਜ਼ ਕਰਨ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਨੇ ਸਟ੍ਰੀਟ ਵੈਂਡਰਸ ਨੂੰ ਲੋਨ ਦੀ ਪਹਿਲੀ ਕਿਸ਼ਤ ਤੋਂ ਦੂਜੀ ਅਤੇ ਅੰਤ ਵਿੱਚ ਤੀਜੀ ਕਿਸ਼ਤ ਤੱਕ ਅੱਗੇ ਵਧਣ ਵਿੱਚ ਮਦਦ ਕਰਨ ਲਈ ਠੋਸ ਯਤਨਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਲੋਨ ਯੋਗਤਾ ਅਤੇ ਰੋਜ਼ੀ-ਰੋਟੀ ਦੇ ਮੌਕੇ ਵਧਣਗੇ। ਉਨ੍ਹਾਂ ਨੇ 100% ਲੋਨ ਦੀ ਪੂਰਤੀ ਅਤੇ ਸਰਗਰਮ ਡਿਜੀਟਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਲਾਭਪਾਤਰੀਆਂ ਨੂੰ ਡਿਜੀਟਲ ਰੂਪ ਵਿੱਚ ਸ਼ਾਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ  ਨਿਰਦੇਸ਼ ਦਿੱਤਾ ਕਿ ਸਾਰੇ ਸਟ੍ਰੀਟ ਵੈਂਡਰਸ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਿਟੀ ਆਫ਼ ਇੰਡੀਆ ਰਾਹੀਂ ਸਫਾਈ ਅਤੇ ਖੁਰਾਕ ਸੁਰੱਖਿਆ ਬਾਰੇ ਟ੍ਰੇਨਿੰਗ ਪ੍ਰਦਾਨ ਕੀਤੀ ਜਾਵੇ।

ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਨੂੰ ਹੋਰ ਹੁਲਾਰਾ ਦੇਣ ਲਈ, ਸ਼੍ਰੀ ਮਨੋਹਰ ਲਾਲ ਨੇ 3 ਨਵੰਬਰ ਤੋਂ 2 ਦਸੰਬਰ 2025 ਤੱਕ ਇੱਕ ਮਹੀਨਾ ਚੱਲਣ ਵਾਲੀ ਰਾਸ਼ਟਰੀ ਪੱਧਰ ਦੀ ਮੁਹਿੰਮ, ਸਵਨਿਧੀ ਸੰਕਲਪ ਅਭਿਆਨ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਯੂਐੱਲਬੀ ਅਤੇ ਬੈਂਕਾਂ ਦੁਆਰਾ ਸਟ੍ਰੀਟ ਵੈਂਡਰਸ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਅਰਜ਼ੀ ਪ੍ਰਕਿਰਿਆ ਨੂੰ ਤੇਜ਼ ਕਰਨਾ ਹੈ।

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਨੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਬੈਂਕਿੰਗ ਈਕੋਸਿਸਟਮ ਨਾਲ ਸਾਂਝੇਦਾਰੀ ਵਿੱਚ ਸਟ੍ਰੀਟ ਵੈਂਡਰਸ ਨੂੰ ਸਮੇਂ ਸਿਰ ਲੋਨ ਸਹਾਇਤਾ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਸਵਨਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

***

ਐੱਸਕੇ


(रिलीज़ आईडी: 2183719) आगंतुक पटल : 12
इस विज्ञप्ति को इन भाषाओं में पढ़ें: English , Urdu , हिन्दी , Bengali , Kannada