ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
azadi ka amrit mahotsav

ਕੇਂਦਰੀ ਵਾਤਾਵਰਣ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਦਿੱਲੀ-ਐੱਨਸੀਆਰ ਵਿੱਚ ਹਵਾ ਦੀ ਗੁਣਵੱਤਾ ਸਥਿਤੀ ਦੀ ਸਮੀਖਿਆ ਕੀਤੀ, ਐੱਨਸੀਆਰ ਦੇ ਰਾਜਾਂ ਦੇ ਅਧਿਕਾਰੀਆਂ ਨੂੰ ਹਵਾ ਪ੍ਰਦੂਸ਼ਣ ਦੇ ਪ੍ਰਬੰਧਨ 'ਤੇ ਠੋਸ ਕਾਰਵਾਈ ਰਿਪੋਰਟਾਂ ਪੇਸ਼ ਕਰਨ ਦੀ ਬੇਨਤੀ ਕੀਤੀ


Posted On: 11 NOV 2025 4:55PM by PIB Chandigarh

ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਅੱਜ ਦਿੱਲੀ-ਐੱਨਸੀਆਰ ਵਿੱਚ ਹਵਾ ਪ੍ਰਦੂਸ਼ਣ 'ਤੇ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਸਾਰੇ ਸਬੰਧਿਤ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਕੀਤੇ ਗਏ ਹਵਾ ਪ੍ਰਦੂਸ਼ਣ ਪ੍ਰਬੰਧਨ ਯਤਨਾਂ 'ਤੇ ਠੋਸ ਕਾਰਵਾਈ ਦੀਆਂ ਰਿਪੋਰਟਾਂ ਪੇਸ਼ ਕਰਨ ਲਈ ਕਿਹਾ। ਦਿੱਲੀ-ਐੱਨਸੀਆਰ  ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਉਸ ‘ਤੇ ਨਿਯੰਤਰਣ ਕਰਨ ਲਈ ਚੱਲ ਰਹੇ ਉਪਾਵਾਂ ਦਾ ਮੁਲਾਂਕਣ ਕਰਨ ਲਈ ਚੌਥੀ ਸਮੀਖਿਆ ਬੈਠਕ ਸੀ। ਬੈਠਕ ਦੌਰਾਨ ਦਿੱਲੀ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ।

ਸ਼੍ਰੀ ਯਾਦਵ ਨੇ ਹਵਾ ਪ੍ਰਦੂਸ਼ਣ ਨੂੰ ਨਿਯੰਤਰਣ ਕਰਨ ਲਈ ਚੱਲ ਰਹੇ ਯਤਨਾਂ ਦੀ ਸਮੀਖਿਆ ਕਰਦੇ ਹੋਏ, ਸਬੰਧਿਤ ਅਧਿਕਾਰੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਜ਼ਿਲ੍ਹਾ-ਵਾਰ ਯੋਜਨਾਵਾਂ ਵਿਕਸਤ ਕਰਨ ਅਤੇ ਸਾਲ ਭਰ ਪਰਾਲੀ ਸਾੜਨ ਦੀ ਨਿਗਰਾਨੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਫਸਲਾਂ ਦੇ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਨੂੰ ਚਲਾਉਣ ਲਈ ਕਿਸਾਨਾਂ ਦੀ ਸਮਰੱਥਾ ਨਿਰਮਾਣ ਅਤੇ ਟ੍ਰੇਨਿੰਗ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਤੋਂ ਇਲਾਵਾ, ਸ਼੍ਰੀ ਯਾਦਵ ਨੇ ਯਕੀਨੀ ਬਣਾਉਣ ਅਤੇ ਨਿਰੰਤਰ ਨਿਗਰਾਨੀ ਬਣਾਏ ਰੱਖਣ ‘ਤੇ ਜ਼ੋਰ ਦਿੱਤਾ ਕਿ ਨਗਰ ਨਿਗਮ  ਠੋਸ ਰਹਿੰਦ-ਖੂੰਹਦ (MSW) ਨੂੰ ਖੁੱਲ੍ਹੇ ਵਿੱਚ ਸਾੜਨ ਦੇ ਮਾਮਲੇ ਬਿਲਕੁਲ ਬਰਦਾਸ਼ਤ ਨਾ ਕੀਤੇ ਜਾਣ। ਉਨ੍ਹਾਂ ਨੇ NCR ਸ਼ਹਿਰਾਂ ਦੇ ਨਗਰ ਨਿਗਮ ਅਧਿਕਾਰੀਆਂ ਨੂੰ ਪੁਰਾਣੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਮੀਆਂ ਨੂੰ ਦੂਰ ਕਰਨ ਅਤੇ ਤੇਜ਼ੀ ਨਾਲ ਇਸ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਖ਼ਤ ਸਮਾਂ-ਸੀਮਾਵਾਂ ਤਿਆਰ ਕਰਨ ਦੀ ਅਪੀਲ ਕੀਤੀ। ਸ਼੍ਰੀ ਯਾਦਵ ਨੇ ਅਧਿਕਾਰੀਆਂ ਨੂੰ ਵੱਖ-ਵੱਖ ਨਾ ਰਹਿ ਕੇ MSW ਪ੍ਰਬੰਧਨ ਵਿੱਚ ਸਭ ਤੋਂ ਵਧੀਆ ਅਭਿਆਸਾਂ ਨੂੰ ਆਪਸ ਵਿੱਚ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ।

ਮੰਤਰੀ ਨੇ ਕਿਹਾ ਕਿ ਦਿੱਲੀ ਐੱਨਸੀਆਰ ਵਿੱਚ ਬਹੁਤ ਜ਼ਿਆਦਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਲਾਲ ਸ਼੍ਰੇਣੀ ਦੇ ਉਦਯੋਗਾਂ ਵਿੱਚ ਔਨਲਾਈਨ ਟਿਕਾਊ ਨਿਕਾਸ ਨਿਗਰਾਨੀ ਪ੍ਰਣਾਲੀਆਂ (ਓਸੀਈਐੱਮਐੱਸ) ਅਤੇ ਹਵਾ ਪ੍ਰਦੂਸ਼ਣ ਨਿਯੰਤਰਣ ਉਪਕਰਣਾਂ (ਏਪੀਸੀਡੀ) ਦੀ ਸਥਾਪਨਾ ਇੱਕ ਮਿਸ਼ਨ ਮੋਡ 'ਤੇ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਸ਼੍ਰੀ ਯਾਦਵ ਨੇ ਸੜਕਾਂ ਦੀ ਧੂੜ ਨੂੰ ਘਟਾਉਣ ਲਈ ਐੱਨਸੀਆਰ ਵਿੱਚ ਪਛਾਣੇ ਗਏ ਸ਼ਹਿਰੀ/ਉਦਯੋਗਿਕ ਖੇਤਰਾਂ ਲਈ ਸੜਕ ਪੁਨਰ ਵਿਕਾਸ ਯੋਜਨਾ ਦੀ ਰੂਪ-ਰੇਖਾ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੜਕ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤੇ ਜਾਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਸ਼੍ਰੀ ਯਾਦਵ ਨੇ ਨਿਰਮਾਣ ਅਤੇ ਢਾਹੁਣ (ਸੀ ਐਂਡ ਡੀ) ਤੋਂ ਉਤਪੰਨ ਰਹਿੰਦ-ਖੂੰਹਦ ਨੂੰ ਹਟਾਉਣ ਅਤੇ ਉਸ ਦੀ ਪ੍ਰੋਸੈੱਸਿੰਗ ਵਿੱਚ ਆਉਣ ਵਾਲੀਆਂ ਕਮੀਆਂ ਨੂੰ ਦੂਰ ਕਰਨ 'ਤੇ ਜ਼ੋਰ ਦਿੱਤਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਨਿਜੀ ਖੇਤਰ ਦੇ ਸਹਿਯੋਗ ਨਾਲ ਇਸ ਦਿਸ਼ਾ ਵਿੱਚ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

ਇਸ ਤੋਂ ਇਲਾਵਾ, ਮੰਤਰੀ ਨੇ ਵੱਖ-ਵੱਖ ਅਧਿਕਾਰੀਆਂ ਨੂੰ ਸੜਕਾਂ ਦੇ ਕਿਨਾਰਿਆਂ 'ਤੇ ਹਰਿਆਲੀ ਵਧਾਉਣ ਨਾਲ ਸਬੰਧਿਤ ਕੰਮਾਂ ਨੂੰ ਮਿਸ਼ਨ ਮੋਡ 'ਤੇ ਪੂਰਾ ਕਰਨ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਘੱਟ ਤੋਂ ਘੱਟ ਧੂੜ ਪੈਦਾ ਹੋਵੇ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਐੱਨਸੀਆਰ  ਦੇ ਵੱਖ-ਵੱਖ ਨਗਰ ਨਿਗਮ ਸਬੰਧਿਤ ਜੰਗਲਾਤ ਵਿਭਾਗਾਂ ਨਾਲ ਤਾਲਮੇਲ ਕਰਕੇ, ਨਰਸਰੀਆਂ ਵਿੱਚ ਪੌਦੇ ਉਗਾਉਣੇ ਸ਼ੁਰੂ ਕਰਨ, ਜਿਨ੍ਹਾਂ ਨੂੰ ਫਿਰ ਬੰਜਰ ਜੰਗਲੀ ਜ਼ਮੀਨਾਂ 'ਤੇ ਵੱਡੇ ਪੱਧਰ 'ਤੇ ਲਗਾਇਆ ਜਾ ਸਕਦਾ ਹੈ ਤਾਂ ਜੋ ਖੇਤਰ ਵਿੱਚ ਹਰਿਆਲੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸ੍ਰੀ ਯਾਦਵ ਨੇ ਦਿੱਲੀ ਟ੍ਰੈਫਿਕ ਪੁਲਿਸ ਨੂੰ ਪਛਾਣੇ ਗਏ ਟ੍ਰੈਫਿਕ ਜਾਮ ਵਾਲੇ ਸਥਾਨਾਂ ਲਈ ਆਵਾਜਾਈ ਪ੍ਰਬੰਧਨ ਯੋਜਨਾਵਾਂ ਤਿਆਰ ਕਰਨ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐੱਮਐੱਸ) ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਵੀ ਕੀਤੀ, ਤਾਂ ਜੋ ਟ੍ਰੈਫਿਕ ਜਾਮ ਕਾਰਨ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਇਆ ਜਾ ਸਕੇ। 

ਕੇਂਦਰੀ ਮੰਤਰੀ ਨੇ ਨਾਗਰਿਕਾਂ ਸਮੇਤ ਸਾਰੇ ਹਿਤਧਾਰਕਾਂ ਨਾਲ ਤਾਲਮੇਲ ਵਾਲੀ ਕਾਰਵਾਈ ਅਤੇ ਸਹਿਯੋਗ ਰਾਹੀਂ ਖੇਤਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਬੈਠਕ ਵਿੱਚ CAQM, CPCB, ਦਿੱਲੀ, ਹਰਿਆਣਾ ਅਤੇ ਪੰਜਾਬ ਦੀਆਂ ਸਰਕਾਰਾਂ, ਐੱਨਸੀਆਰ ਸ਼ਹਿਰਾਂ ਦੇ ਨਗਰ ਨਿਗਮ ਕਮਿਸ਼ਨਰਾਂ ਅਤੇ ਹੋਰ ਸਬੰਧਿਤ ਏਜੰਸੀਆਂ ਸਮੇਤ ਮੁੱਖ ਹਿਤਧਾਰਕਾਂ ਨੇ ਹਿੱਸਾ ਲਿਆ।

 

*****

ਵੀਐੱਮ/ਬਲਜੀਤ


(Release ID: 2189219) Visitor Counter : 3