ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
azadi ka amrit mahotsav

ਪੱਛਮੀ ਏਸ਼ੀਆ ਵਿੱਚ ਜਾਰੀ ਘਟਨਾਕ੍ਰਮਾਂ ਦੇ ਮੱਦੇਨਜ਼ਰ ਪ੍ਰਮੁੱਖ ਖੇਤਰਾਂ ਬਾਰੇ ਤਾਜ਼ਾ ਜਾਣਕਾਰੀ


23 ਮਾਰਚ 2026 ਤੋਂ ਹੁਣ ਤੱਕ 17.25 ਲੱਖ ਤੋਂ ਵੱਧ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵਿਕ ਚੁੱਕੇ ਹਨ

ਜਨਤਕ ਖੇਤਰ ਦੇ ਉਪਕਰਮਾਂ (ਓਐੱਮਸੀ) ਵੱਲੋਂ ਆਟੋ ਐੱਲਪੀਜੀ ਦੀ ਵਿਕਰੀ ਵਿੱਚ 70 ਫ਼ੀਸਦੀ ਦਾ ਵਾਧਾ ਹੋਇਆ ਹੈ , ਜਿਸ ਵਿੱਚ ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ ਅਤੇ ਪੱਛਮ ਬੰਗਾਲ ਵਿੱਚ ਜ਼ਿਕਰਯੋਗ ਵਾਧਾ ਦੇਖਿਆ ਗਿਆ ਹੈ

22 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੀਐੱਨਜੀ ਵਿਸਤਾਰ ਸੁਧਾਰਾਂ ਨਾਲ ਸਬੰਧਿਤ ਵਾਧੂ ਵਪਾਰਕ ਐੱਲਪੀਜੀ ਅਲਾਟਮੈਂਟ ਪ੍ਰਾਪਤ ਹੋਈ ਹੈ

ਭਾਰਤ ਵਿੱਚ ਬੰਦਰਗਾਹਾਂ ਦਾ ਸੰਚਾਲਨ ਆਮ ਵਾਂਗ ਬਣਿਆ ਹੋਇਆ ਹੈ ਅਤੇ ਕਿਤੋਂ ਵੀ ਜ਼ਿਆਦਾ ਭੀੜ ਦੀ ਸੂਚਨਾ ਨਹੀਂ ਹੈ

ਈਰਾਨ ਸਥਿਤ ਭਾਰਤੀ ਦੂਤਾਵਾਸ ਨੇ 2,373 ਭਾਰਤੀ ਨਾਗਰਿਕਾਂ ਦੀ ਈਰਾਨ ਤੋਂ ਆਰਮੇਨੀਆ ਅਤੇ ਅਜ਼ਰਬੈਜਾਨ ਦੇ ਰਸਤੇ ਭਾਰਤ ਯਾਤਰਾ ਸੁਖਾਲੀ ਬਣਾਈ

प्रविष्टि तिथि: 18 APR 2026 5:07PM by PIB Chandigarh

ਪੱਛਮੀ ਏਸ਼ੀਆ ਵਿੱਚ ਬਦਲਦੀ ਸਥਿਤੀ ਨੂੰ ਦੇਖਦੇ ਹੋਏ, ਭਾਰਤ ਸਰਕਾਰ ਤਾਲਮੇਲ ਵਾਲੇ ਪ੍ਰਤੀਕਿਰਿਆ ਉਪਾਵਾਂ ਰਾਹੀਂ ਪ੍ਰਮੁੱਖ ਖੇਤਰਾਂ ਵਿੱਚ ਤਿਆਰੀ ਅਤੇ ਨਿਰੰਤਰਤਾ ਯਕੀਨੀ ਬਣਾਉਣ ਵਿੱਚ ਸਰਗਰਮੀ ਨਾਲ ਲੱਗੀ ਹੋਈ ਹੈ। ਹੇਠ ਲਿਖੀ ਤਾਜ਼ਾ ਜਾਣਕਾਰੀ ਊਰਜਾ ਸਪਲਾਈ, ਸਮੁੰਦਰੀ ਸੰਚਾਲਨ ਅਤੇ ਖੇਤਰ ਵਿੱਚ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਰੂਪਰੇਖਾ ਪੇਸ਼ ਕਰਦੀ ਹੈ:

ਊਰਜਾ ਸਪਲਾਈ ਅਤੇ ਈਂਧਣ ਦੀ ਉਪਲਬਧਤਾ

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ, ਸਟ੍ਰੇਟ ਆਫ ਹੋਰਮੁਜ਼ ਨਾਲ ਸਬੰਧਿਤ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਦੇਸ਼ ਭਰ ਵਿੱਚ ਪੈਟਰੋਲੀਅਮ ਉਤਪਾਦਾਂ ਅਤੇ ਐੱਲਪੀਜੀ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ ਲਈ ਕਦਮ ਚੁੱਕ ਰਿਹਾ ਹੈ। ਮੰਤਰਾਲੇ ਅਨੁਸਾਰ:

 

ਜਨਤਕ ਸਲਾਹ-ਮਸ਼ਵਰੇ ਅਤੇ ਨਾਗਰਿਕ ਜਾਗਰੂਕਤਾ 

· ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਖ਼ਰੀਦਦਾਰੀ ਕਰਨ ਤੋਂ ਬਚਣ ਕਿਉਂਕਿ ਸਰਕਾਰ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। 

· ਸਹੀ ਜਾਣਕਾਰੀ ਲਈ ਅਧਿਕਾਰਤ ਸਰੋਤਾਂ ’ਤੇ ਭਰੋਸਾ ਕਰੋ ਅਤੇ ਅਫ਼ਵਾਹਾਂ ਤੋਂ ਸਾਵਧਾਨ ਰਹੋ। 

· ਐੱਲਪੀਜੀ ਉਪਭੋਗਤਾਵਾਂ ਨੂੰ ਬੇਨਤੀ ਹੈ ਕਿ ਉਹ ਡਿਜੀਟਲ ਬੁਕਿੰਗ ਪਲੇਟਫ਼ਾਰਮਾਂ ਦੀ ਵਰਤੋਂ ਕਰਨ ਅਤੇ ਡਿਸਟ੍ਰੀਬਿਊਟਰਾਂ ਕੋਲ ਜਾਣ ਤੋਂ ਬਚਣ। 

· ਨਾਗਰਿਕਾਂ ਨੂੰ ਵਿਕਲਪਿਕ ਈਂਧਣ ਜਿਵੇਂ ਪੀਐੱਨਜੀ ਅਤੇ ਇਲੈਕਟ੍ਰਿਕ ਜਾਂ ਇੰਡਕਸ਼ਨ ਕੁੱਕਟੌਪ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। 

· ਮੌਜੂਦਾ ਸਥਿਤੀ ਦੌਰਾਨ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਰੋਜ਼ਾਨਾ ਵਰਤੋਂ ਵਿੱਚ ਊਰਜਾ ਦੀ ਬਚਤ ਕਰਨ।

 

ਸਰਕਾਰ ਦੀ ਤਿਆਰੀ ਅਤੇ ਸਪਲਾਈ ਪ੍ਰਬੰਧਨ ਉਪਾਅ 

· ਮੌਜੂਦਾ ਭੂ-ਰਾਜਨੀਤਿਕ ਸਥਿਤੀ ਦੇ ਬਾਵਜੂਦ, ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਘਰੇਲੂ ਐੱਲਪੀਜੀ, ਘਰੇਲੂ ਪੀਐੱਨਜੀ ਅਤੇ ਸੀਐੱਨਜੀ (ਆਵਾਜਾਈ) ਦੀ ਸੌ ਫ਼ੀਸਦੀ ਸਪਲਾਈ ਕੀਤੀ ਜਾ ਰਹੀ ਹੈ। 

· ਵਪਾਰਕ ਐੱਲਪੀਜੀ ਲਈ ਹਸਪਤਾਲਾਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਫਾਰਮਾ, ਸਟੀਲ, ਆਟੋਮੋਬਾਈਲ, ਬੀਜ, ਖੇਤੀਬਾੜੀ ਆਦਿ ਖੇਤਰਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ। ਨਾਲ ਹੀ, ਪ੍ਰਵਾਸੀ ਮਜ਼ਦੂਰਾਂ ਨੂੰ ਪੰਜ ਕਿਲੋਗ੍ਰਾਮ ਐੱਫਟੀਐੱਲ ਦੀ ਸਪਲਾਈ ਦੋ ਅਤੇ ਤਿੰਨ ਮਾਰਚ, 2026 ਨੂੰ ਹੋਈ ਔਸਤ ਰੋਜ਼ਾਨਾ ਸਪਲਾਈ ਦੇ ਅਧਾਰ ’ਤੇ ਦੁੱਗਣੀ ਕਰ ਦਿੱਤੀ ਗਈ ਹੈ। 

· ਸਰਕਾਰ ਨੇ ਸਪਲਾਈ ਅਤੇ ਮੰਗ ਦੋਵਾਂ ਪੱਖਾਂ ’ਤੇ ਕਈ ਤਰਕਸੰਗਤ ਉਪਾਅ ਪਹਿਲਾਂ ਹੀ ਲਾਗੂ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਰਿਫਾਇਨਰੀ ਉਤਪਾਦਨ ਵਧਾਉਣਾ, ਸ਼ਹਿਰੀ ਖੇਤਰਾਂ ਵਿੱਚ ਬੁਕਿੰਗ ਦੇ ਅੰਤਰਾਲ ਨੂੰ 21 ਤੋਂ ਵਧਾ ਕੇ 25 ਦਿਨ ਅਤੇ ਗ੍ਰਾਮੀਣ ਖੇਤਰਾਂ ਵਿੱਚ 45 ਦਿਨ ਤੱਕ ਕਰਨਾ ਅਤੇ ਸਪਲਾਈ ਲਈ ਖੇਤਰਾਂ ਨੂੰ ਤਰਜੀਹ ਦੇਣਾ ਸ਼ਾਮਲ ਹੈ। 

· ਐੱਲਪੀਜੀ ਦੀ ਮੰਗ ’ਤੇ ਦਬਾਅ ਘੱਟ ਕਰਨ ਲਈ ਮਿੱਟੀ ਦੇ ਤੇਲ ਅਤੇ ਕੋਲੇ ਵਰਗੇ ਵਿਕਲਪਿਕ ਈਂਧਣ ਉਪਲਬਧ ਕਰਵਾਏ ਗਏ ਹਨ। 

· ਕੋਲਾ ਮੰਤਰਾਲੇ ਨੇ ਕੋਲ ਇੰਡੀਆ ਅਤੇ ਸਿੰਗਾਰੇਨੀ ਕੋਲੀਅਰੀਜ਼ ਨੂੰ ਛੋਟੇ ਅਤੇ ਦਰਮਿਆਨੇ ਖਪਤਕਾਰਾਂ ਨੂੰ ਵੰਡਣ ਲਈ ਰਾਜਾਂ ਨੂੰ ਵਾਧੂ ਕੋਲਾ ਅਲਾਟ ਕਰਨ ਦਾ ਨਿਰਦੇਸ਼ ਦਿੱਤਾ ਹੈ। 

· ਰਾਜਾਂ ਨੂੰ ਘਰੇਲੂ ਅਤੇ ਵਪਾਰਕ ਖਪਤਕਾਰਾਂ ਲਈ ਨਵੇਂ ਪੀਐੱਨਜੀ ਕਨੈੱਕਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਦੀ ਸਲਾਹ ਦਿੱਤੀ ਗਈ ਹੈ।

 

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸੰਸਥਾਗਤ ਤੰਤਰਾਂ ਦੇ ਨਾਲ ਤਾਲਮੇਲ ਵਾਲੇ ਯਤਨ 

· ਜ਼ਰੂਰੀ ਵਸਤਾਂ ਐਕਟ, 1955 ਅਤੇ ਐੱਲਪੀਜੀ ਕੰਟਰੋਲ ਆਦੇਸ਼, 2000 ਦੇ ਤਹਿਤ ਰਾਜ ਸਰਕਾਰਾਂ ਨੂੰ ਸਪਲਾਈ ਦੀ ਨਿਗਰਾਨੀ ਕਰਨ ਅਤੇ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ਦੇ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। 

· ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਸਮੇਤ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਥਿਤੀ ਦੀ ਨਿਗਰਾਨੀ ਅਤੇ ਨਿਯਮਨ ਵਿੱਚ ਮੁੱਢਲੀ ਭੂਮਿਕਾ ਨਿਭਾਉਣੀ ਹੋਵੇਗੀ। ਭਾਰਤ ਸਰਕਾਰ ਨੇ ਕਈ ਪੱਤਰਾਂ ਅਤੇ ਵੀਡੀਓ ਸੰਦੇਸ਼ਾਂ ਰਾਹੀਂ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ। 

· ਭਾਰਤ ਸਰਕਾਰ ਨੇ ਮਿਤੀ 27.03.2026 ਅਤੇ 02.04.2026 ਦੇ ਪੱਤਰਾਂ ਰਾਹੀਂ ਲੋੜੀਂਦੀ ਈਂਧਣ ਉਪਲਬਧਤਾ ਦੇ ਸਬੰਧ ਵਿੱਚ ਨਾਗਰਿਕਾਂ ਨੂੰ ਭਰੋਸਾ ਦਿਵਾਉਣ ਲਈ ਸਰਗਰਮ ਜਨ ਸੰਚਾਰ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ ਨਿਯਮਤ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਦਰਭ ਵਿੱਚ, 02.04.2026 (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਦੀ ਪ੍ਰਧਾਨਗੀ ਹੇਠ) ਅਤੇ 06.04.2026 (ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਦੇ ਨਾਲ ਸੂਚਨਾ ਅਤੇ ਪ੍ਰਸਾਰਣ ਅਤੇ ਉਪਭੋਗਤਾ ਮਾਮਲਿਆਂ ਦੇ ਸਕੱਤਰਾਂ ਦੀ ਪ੍ਰਧਾਨਗੀ ਹੇਠ) ਨੂੰ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਹੇਠ ਲਿਖੀਆਂ ਗੱਲਾਂ ’ਤੇ ਜ਼ੋਰ ਦਿੱਤਾ ਗਿਆ: 

o ਰੋਜ਼ਾਨਾ ਪ੍ਰੈੱਸ ਬ੍ਰੀਫਿੰਗ ਜਾਰੀ ਕਰਨਾ ਅਤੇ ਨਿਯਮਤ ਤੌਰ ’ਤੇ ਜਨਤਕ ਸਲਾਹ ਜਾਰੀ ਕਰਨਾ। 

o ਸੋਸ਼ਲ ਮੀਡੀਆ ’ਤੇ ਫ਼ਰਜ਼ੀ ਖ਼ਬਰਾਂ/ਗਲਤ ਸੂਚਨਾਵਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੀ ਥਾਂ ’ਤੇ ਉਚਿਤ ਜਾਣਕਾਰੀ ਪ੍ਰਦਾਨ ਕਰਨਾ। 

o ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਇਨਫੋਰਸਮੈਂਟ ਮੁਹਿੰਮਾਂ ਨੂੰ ਤੇਜ਼ ਕਰਨਾ ਅਤੇ ਓਐੱਮਸੀ ਦੇ ਤਾਲਮੇਲ ਨਾਲ ਛਾਪੇਮਾਰੀ ਅਤੇ ਨਿਰੀਖਣ ਜਾਰੀ ਰੱਖਣਾ। 

o ਆਪਣੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅੰਦਰ ਵਪਾਰਕ ਐੱਲਪੀਜੀ ਅਲਾਟਮੈਂਟ ਆਰਡਰ ਜਾਰੀ ਕਰਨਾ। 

o ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਲਾਟ ਕੀਤੇ ਵਾਧੂ ਐੱਸਕੇਓ ਲਈ ਐੱਸਕੇਓ ਅਲਾਟਮੈਂਟ ਆਰਡਰ ਜਾਰੀ ਕਰਨਾ। 

o ਪੀਐੱਨਜੀ ਨੂੰ ਅਪਣਾਉਣ ਅਤੇ ਵਿਕਲਪਿਕ ਈਂਧਣਾਂ ਨੂੰ ਉਤਸ਼ਾਹਿਤ ਕਰਨਾ। 

o ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦੇਣਾ, ਖ਼ਾਸ ਤੌਰ ’ਤੇ ਘਰੇਲੂ ਜ਼ਰੂਰਤਾਂ ਲਈ, ਅਤੇ ਸਪਲਾਈ ਸਥਿਰਤਾ ਯਕੀਨੀ ਬਣਾਉਣ ਲਈ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਨਿਸ਼ਾਨਾ ਵੰਡ ਅਪਣਾਉਣਾ। 

· ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ’ਤੇ ਠੱਲ੍ਹ ਪਾਉਣ ਲਈ ਕੰਟਰੋਲ ਰੂਮ ਅਤੇ ਜ਼ਿਲ੍ਹਾ ਨਿਗਰਾਨੀ ਕਮੇਟੀਆਂ ਸਥਾਪਿਤ ਕੀਤੀਆਂ ਹਨ। 

· ਕਈ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰੈੱਸ ਨੋਟ ਜਾਰੀ ਕਰ ਰਹੇ ਹਨ/ਚਲਾ ਰਹੇ ਹਨ।

 

ਪ੍ਰਵਰਤਨ ਅਤੇ ਨਿਗਰਾਨੀ ਕਾਰਵਾਈਆਂ 

· ਐੱਲਪੀਜੀ ਦੀ ਜਮ੍ਹਾਖ਼ੋਰੀ ਅਤੇ ਕਾਲਾਬਾਜ਼ਾਰੀ ’ਤੇ ਠੱਲ੍ਹ ਪਾਉਣ ਲਈ ਦੇਸ਼ ਭਰ ਵਿੱਚ ਪ੍ਰਵਰਤਨ ਮੁਹਿੰਮਾਂ ਜਾਰੀ ਹਨ। 17.04.2026 ਨੂੰ ਦੇਸ਼ ਭਰ ਵਿੱਚ 2500 ਤੋਂ ਵੱਧ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚ 750 ਤੋਂ ਵੱਧ ਸਿਲੰਡਰ ਜ਼ਬਤ ਕੀਤੇ ਗਏ। 

· ਜਨਤਕ ਖੇਤਰ ਦੇ ਉਪਕਰਮਾਂ (ਪੀਐੱਸਯੂ) ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਅਚਨਚੇਤ ਨਿਰੀਖਣ ਤੇਜ਼ ਕਰ ਦਿੱਤੇ ਹਨ ਅਤੇ ਕੱਲ੍ਹ ਤੱਕ 263 ਐੱਲਪੀਜੀ ਡਿਸਟ੍ਰੀਬਿਊਟਰਾਂ ਨੂੰ ਜੁਰਮਾਨਾ ਲਗਾਇਆ ਹੈ ਅਤੇ 67 ਐੱਲਪੀਜੀ ਡਿਸਟ੍ਰੀਬਿਊਟਰਸ਼ਿਪਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

ਐੱਲਪੀਜੀ ਸਪਲਾਈ 

ਘਰੇਲੂ ਐੱਲਪੀਜੀ ਸਪਲਾਈ ਦੀ ਸਥਿਤੀ: 

· ਮੌਜੂਦਾ ਭੂ-ਰਾਜਨੀਤਿਕ ਸਥਿਤੀ ਕਾਰਨ ਐੱਲਪੀਜੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। 

· ਘਰੇਲੂ ਵਰਤੋਂ ਲਈ ਐੱਲਪੀਜੀ ਦੀ ਸਪਲਾਈ ਨੂੰ ਤਰਜੀਹ ਦਿੱਤੀ ਗਈ ਹੈ। 

· ਐੱਲਪੀਜੀ ਡਿਸਟ੍ਰੀਬਿਊਟਰਾਂ ਤੋਂ ਸਪਲਾਈ ਬੰਦ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ ਹੈ। 

· ਕੱਲ੍ਹ ਉਦਯੋਗ ਖੇਤਰ ਵਿੱਚ ਔਨਲਾਈਨ ਐੱਲਪੀਜੀ ਬੁਕਿੰਗ ਵਿੱਚ ਲਗਭਗ 98 ਫ਼ੀਸਦੀ ਦਾ ਵਾਧਾ ਹੋਇਆ। 

· ਹੇਰਾਫੇਰੀ ਰੋਕਣ ਲਈ ਡਿਲੀਵਰੀ ਪ੍ਰਮਾਣੀਕਰਨ ਕੋਡ (ਡੀਏਸੀ) ਅਧਾਰਿਤ ਡਿਲੀਵਰੀ ਵਿੱਚ 93 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਡੀਏਸੀ ਉਪਭੋਗਤਾ ਦੇ ਰਜਿਸਟਰਡ ਮੋਬਾਈਲ ਨੰਬਰ ’ਤੇ ਪ੍ਰਾਪਤ ਹੁੰਦਾ ਹੈ। 

· ਬੁਕਿੰਗ ਦੇ ਮੁਕਾਬਲੇ ਘਰੇਲੂ ਐੱਲਪੀਜੀ ਸਿਲੰਡਰਾਂ ਦੀ ਡਿਲੀਵਰੀ ਆਮ ਵਾਂਗ ਜਾਰੀ ਹੈ। 

· 17.04.26 ਨੂੰ 52 ਲੱਖ ਤੋਂ ਵੱਧ ਘਰੇਲੂ ਐੱਲਪੀਜੀ ਸਿਲੰਡਰ ਵੰਡੇ ਗਏ।

 

ਵਪਾਰਕ ਐੱਲਪੀਜੀ ਸਪਲਾਈ ਅਤੇ ਅਲਾਟਮੈਂਟ ਉਪਾਅ: 

· ਕੁੱਲ ਵਪਾਰਕ ਐੱਲਪੀਜੀ ਅਲਾਟਮੈਂਟ ਨੂੰ ਸੰਕਟ ਤੋਂ ਪਹਿਲਾਂ ਦੇ ਪੱਧਰ ਦੇ ਲਗਭਗ 70 ਫ਼ੀਸਦੀ ਤੱਕ ਵਧਾ ਦਿੱਤਾ ਗਿਆ ਹੈ, ਜਿਸ ਵਿੱਚ 10 ਫ਼ੀਸਦੀ ਸੁਧਾਰ-ਸਬੰਧੀ ਅਲਾਟਮੈਂਟ ਸ਼ਾਮਲ ਹੈ। 

· ਭਾਰਤ ਸਰਕਾਰ ਨੇ ਮਿਤੀ 06.04.2026 ਦੇ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਹਰੇਕ ਰਾਜ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਜਾਣ ਵਾਲੇ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਦੀ ਰੋਜ਼ਾਨਾ ਮਾਤਰਾ ਨੂੰ ਮਿਤੀ 21.03.2026 ਦੇ ਪੱਤਰ ਵਿੱਚ ਦੱਸੀ ਗਈ 20 ਫ਼ੀਸਦੀ ਦੀ ਸੀਮਾ ਤੋਂ ਵੱਧ 2-3 ਮਾਰਚ 2026 ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਕੀਤੀ ਗਈ ਔਸਤ ਰੋਜ਼ਾਨਾ ਸਪਲਾਈ (ਸਿਲੰਡਰਾਂ ਦੀ ਗਿਣਤੀ) ਦੇ ਅਧਾਰ ’ਤੇ ਦੁੱਗਣਾ ਕੀਤਾ ਜਾ ਰਿਹਾ ਹੈ। ਇਹ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਰਾਜ ਸਰਕਾਰ ਦੇ ਅਧੀਨ ਹੋਣਗੇ ਅਤੇ ਉਹ ਤੇਲ ਮਾਰਕੀਟਿੰਗ ਕੰਪਨੀਆਂ (ਓਐੱਮਸੀ) ਦੀ ਸਹਾਇਤਾ ਨਾਲ ਸਿਰਫ਼ ਆਪਣੇ ਰਾਜ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਹੀ ਇਨ੍ਹਾਂ ਦੀ ਸਪਲਾਈ ਕਰ ਸਕਣਗੇ। 

· ਤਿੰਨ ਅਪ੍ਰੈਲ 2026 ਤੋਂ, ਜਨਤਕ ਖੇਤਰ ਦੇ ਉਪਕਰਮਾਂ (ਪੀਐੱਸਯੂ ਓਐੱਮਸੀ) ਨੇ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰਾਂ ਲਈ 6450 ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਹਨ, ਜਿਨ੍ਹਾਂ ਵਿੱਚ 90,000 ਤੋਂ ਵੱਧ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵੇਚੇ ਗਏ ਹਨ। ਕੱਲ੍ਹ, ਲਗਭਗ 300 ਕੈਂਪਾਂ ਰਾਹੀਂ ਪੰਜ ਕਿਲੋਗ੍ਰਾਮ ਦੇ 10,156 ਐੱਫਟੀਐੱਲ ਸਿਲੰਡਰ ਵੇਚੇ ਗਏ। 

· ਹਾਲ ਹੀ ਵਿੱਚ, 17 ਅਪ੍ਰੈਲ 2026 ਨੂੰ ਅਲਵਰ ਦੇ ਭਿਵਾੜੀ ਵਿੱਚ ਆਈਓਸੀਐੱਲ ਵੱਲੋਂ ਲਗਾਏ ਗਏ ਪੰਜ ਕਿਲੋਗ੍ਰਾਮ ਐੱਫਟੀਐੱਲ ਜਾਗਰੂਕਤਾ ਕੈਂਪਾਂ ਵਿੱਚੋਂ ਇੱਕ ਵਿੱਚ ਵਧੀਆ ਹੁੰਗਾਰਾ ਦੇਖਿਆ ਗਿਆ ਅਤੇ ਕੈਂਪ ਵਿੱਚ 600 ਤੋਂ ਵੱਧ ਪੰਜ ਕਿਲੋਗ੍ਰਾਮ ਐੱਫਟੀਐੱਲ ਸਿਲੰਡਰ ਵੇਚੇ ਗਏ। 

· 23 ਮਾਰਚ 2026 ਤੋਂ ਹੁਣ ਤੱਕ 17.25 ਲੱਖ ਤੋਂ ਵੱਧ ਪੰਜ ਕਿਲੋਗ੍ਰਾਮ ਦੇ ਐੱਫਟੀਐੱਲ ਸਿਲੰਡਰ ਵੇਚੇ ਜਾ ਚੁੱਕੇ ਹਨ। 

· ਆਈਓਸੀਐੱਲ, ਐੱਚਪੀਸੀਐੱਲ ਅਤੇ ਬੀਪੀਸੀਐੱਲ ਦੇ ਕਾਰਜਕਾਰੀ ਨਿਰਦੇਸ਼ਕਾਂ ਦੀ ਇੱਕ ਤਿੰਨ ਮੈਂਬਰੀ ਕਮੇਟੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵਪਾਰਕ ਐੱਲਪੀਜੀ ਵੰਡ ਦੀ ਯੋਜਨਾ ਬਣਾਉਣ ਲਈ ਰਾਜ ਅਧਿਕਾਰੀਆਂ ਅਤੇ ਉਦਯੋਗਿਕ ਸੰਸਥਾਵਾਂ ਨਾਲ ਤਾਲਮੇਲ ਕਰ ਰਹੀ ਹੈ। 

· 17.04.2026 ਨੂੰ 8216 ਮੀਟ੍ਰਿਕ ਟਨ ਵਪਾਰਕ ਐੱਲਪੀਜੀ (4.32 ਲੱਖ - 19 ਕਿਲੋਗ੍ਰਾਮ ਸਿਲੰਡਰਾਂ ਤੋਂ ਵੱਧ ਦੇ ਬਰਾਬਰ) ਵੇਚੀ ਗਈ। 

· 14 ਮਾਰਚ 2026 ਤੋਂ ਹੁਣ ਤੱਕ ਕੁੱਲ 1,58,583 ਮੀਟ੍ਰਿਕ ਟਨ (ਜੋ 19 ਕਿਲੋਗ੍ਰਾਮ ਦੇ 83.46 ਲੱਖ ਤੋਂ ਵੱਧ ਐੱਲਪੀਜੀ ਸਿਲੰਡਰਾਂ ਦੇ ਬਰਾਬਰ ਹੈ) ਵਪਾਰਕ ਐੱਲਪੀਜੀ ਦੀ ਵਿਕਰੀ ਹੋਈ ਹੈ। ਇਸ ਵਿੱਚ 9200 ਮੀਟ੍ਰਿਕ ਟਨ ਤੋਂ ਵੱਧ ਆਟੋ ਐੱਲਪੀਜੀ ਸ਼ਾਮਲ ਹੈ। 

· ਅਪ੍ਰੈਲ-26 (17.04.26 ਤੱਕ) ਦੇ ਮਹੀਨੇ ਵਿੱਚ ਜਨਤਕ ਖੇਤਰ ਦੇ ਉਪਕਰਮਾਂ (ਓਐੱਮਸੀ) ਵੱਲੋਂ ਆਟੋ ਐੱਲਪੀਜੀ ਦੀ ਔਸਤ ਵਿਕਰੀ ਲਗਭਗ 301 ਮੀਟ੍ਰਿਕ ਟਨ/ਦਿਨ ਰਹੀ, ਜਦੋਂ ਕਿ ਫਰਵਰੀ-26 ਦੌਰਾਨ ਇਹ ਔਸਤ 177 ਮੀਟ੍ਰਿਕ ਟਨ/ਦਿਨ ਸੀ। 

· ਆਟੋ ਐੱਲਪੀਜੀ ਦੀ ਵਿਕਰੀ ਨਿੱਜੀ ਖੇਤਰ ਤੋਂ ਜਨਤਕ ਖੇਤਰ ਦੇ ਉਪਕਰਮਾਂ (ਪੀਐੱਸਯੂ) ਵੱਲ ਤਬਦੀਲ ਹੁੰਦੀ ਦੇਖੀ ਗਈ ਹੈ। ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ, ਜਨਤਕ ਖੇਤਰ ਦੇ ਉਪਕਰਮਾਂ (ਪੀਐੱਸਯੂ) ਵੱਲੋਂ ਆਟੋ ਐੱਲਪੀਜੀ ਦੀ ਵਿਕਰੀ ਵਿੱਚ 70 ਫ਼ੀਸਦੀ ਦਾ ਵਾਧਾ ਹੋਇਆ ਹੈ। ਸਭ ਤੋਂ ਵੱਧ ਵਾਧਾ ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਰਾਜਸਥਾਨ, ਪੱਛਮ ਬੰਗਾਲ ਆਦਿ ਰਾਜਾਂ ਵਿੱਚ ਦੇਖਿਆ ਗਿਆ ਹੈ।

 

ਕੁਦਰਤੀ ਗੈਸ ਦੀ ਸਪਲਾਈ ਅਤੇ ਪੀਐੱਨਜੀ ਵਿਸਤਾਰ ਪਹਿਲ 

· ਡੀ-ਪੀਐੱਨਜੀ ਅਤੇ ਸੀਐੱਨਜੀ-ਟਰਾਂਸਪੋਰਟ ਨੂੰ 100 ਫ਼ੀਸਦੀ ਸਪਲਾਈ ਯਕੀਨੀ ਬਣਾਉਂਦੇ ਹੋਏ ਉਪਭੋਗਤਾਵਾਂ ਨੂੰ ਤਰਜੀਹ ਦਿੱਤੀ ਗਈ ਹੈ। 

· ਖਾਦ ਪਲਾਂਟਾਂ ਨੂੰ ਅਲਾਟ ਕੀਤੀ ਕੁੱਲ ਗੈਸ ਦੀ ਮਾਤਰਾ ਵਧਾ ਕੇ ਉਨ੍ਹਾਂ ਦੀ ਛੇ ਮਹੀਨਿਆਂ ਦੀ ਔਸਤ ਖਪਤ ਦੇ ਲਗਭਗ 95 ਫ਼ੀਸਦੀ ਤੱਕ ਕਰ ਦਿੱਤੀ ਗਈ ਹੈ। 

· ਇਸ ਤੋਂ ਇਲਾਵਾ, ਸੀਜੀਡੀ ਨੈੱਟਵਰਕ ਰਾਹੀਂ ਸਪਲਾਈ ਸਮੇਤ ਹੋਰ ਉਦਯੋਗਿਕ ਅਤੇ ਵਪਾਰਕ ਖੇਤਰਾਂ ਨੂੰ ਗੈਸ ਦੀ ਸਪਲਾਈ ਵਿੱਚ 80 ਫ਼ੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ। 

· ਸੀਜੀਡੀ ਸੰਸਥਾਵਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਸਾਰੇ ਸਰਕਾਰੀ ਖੇਤਰਾਂ ਵਿੱਚ ਹੋਟਲ, ਰੈਸਟੋਰੈਂਟ ਅਤੇ ਕੰਟੀਨ ਵਰਗੇ ਵਪਾਰਕ ਅਦਾਰਿਆਂ ਲਈ ਪੀਐੱਨਜੀ ਕਨੈੱਕਸ਼ਨਾਂ ਨੂੰ ਤਰਜੀਹ ਦੇਣ, ਤਾਂ ਜੋ ਵਪਾਰਕ ਐੱਲਪੀਜੀ ਦੀ ਉਪਲਬਧਤਾ ਨਾਲ ਸਬੰਧਿਤ ਚਿੰਤਾਵਾਂ ਦਾ ਹੱਲ ਕੀਤਾ ਜਾ ਸਕੇ। 

· ਆਈਜੀਐੱਲ, ਐੱਮਜੀਐੱਲ, ਗੇਲ ਗੈਸ ਅਤੇ ਬੀਪੀਸੀਐੱਲ ਸਮੇਤ ਸੀਜੀਡੀ ਕੰਪਨੀਆਂ ਘਰੇਲੂ ਅਤੇ ਵਪਾਰਕ ਪੀਐੱਨਜੀ ਕਨੈੱਕਸ਼ਨਾਂ ਲਈ ਪ੍ਰੋਤਸਾਹਨ ਰਾਸ਼ੀ ਦੀ ਪੇਸ਼ਕਸ਼ ਕਰ ਰਹੀਆਂ ਹਨ। 

· ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਕੇਂਦਰੀ ਮੰਤਰਾਲਿਆਂ ਨੂੰ ਸੀਜੀਡੀ ਨੈੱਟਵਰਕ ਦੇ ਵਿਸਤਾਰ ਲਈ ਲੋੜੀਂਦੀਆਂ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ ਗਈ ਹੈ। 

· ਭਾਰਤ ਸਰਕਾਰ ਨੇ 18.03.2026 ਦੇ ਪੱਤਰ ਰਾਹੀਂ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ 10 ਫ਼ੀਸਦੀ ਅਲਾਟਮੈਂਟ ਦੇਣ ਦੀ ਪੇਸ਼ਕਸ਼ ਕੀਤੀ ਹੈ, ਬਸ਼ਰਤੇ ਉਹ ਐੱਲਪੀਜੀ ਤੋਂ ਪੀਐੱਨਜੀ ਵਿੱਚ ਲੰਬੇ ਸਮੇਂ ਦੇ ਪਰਿਵਰਤਨ ਵਿੱਚ ਸਹਾਇਤਾ ਕਰ ਸਕਣ। 

· 22 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੀਐੱਨਜੀ ਦੇ ਵਿਸਤਾਰ ਸੁਧਾਰਾਂ ਨਾਲ ਸਬੰਧਿਤ ਵਾਧੂ ਵਪਾਰਕ ਐੱਲਪੀਜੀ ਅਲਾਟਮੈਂਟ ਪ੍ਰਾਪਤ ਹੋ ਰਹੀ ਹੈ।

 

  • ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਮਿਤੀ 24.03.26 ਦੇ ਪੱਤਰ ਰਾਹੀਂ ਸੀਜੀਡੀ ਬੁਨਿਆਦੀ ਢਾਂਚੇ ਨਾਲ ਸਬੰਧਿਤ ਅਰਜ਼ੀਆਂ ਨੂੰ ਤਰਜੀਹ ਦੇ ਅਧਾਰ ’ਤੇ ਨਿਪਟਾਉਣ ਲਈ 3 ਮਹੀਨਿਆਂ ਦੀ ਵਿਸ਼ੇਸ਼ ਮਿਆਦ ਲਈ 'ਘੱਟ ਸਮਾਂ ਸੀਮਾ ਦੇ ਨਾਲ ਸੀਜੀਡੀ ਬੁਨਿਆਦੀ ਢਾਂਚੇ ਲਈ ਤੇਜ਼ ਪ੍ਰਵਾਨਗੀ ਢਾਂਚਾ' ਅਪਣਾਇਆ ਹੈ।

  • ਭਾਰਤ ਸਰਕਾਰ ਨੇ 24.03.2026 ਦੇ ਗਜ਼ਟ ਰਾਹੀਂ ਜ਼ਰੂਰੀ ਵਸਤਾਂ ਐਕਟ, 1955 ਦੇ ਅਧੀਨ ਕੁਦਰਤੀ ਗੈਸ ਅਤੇ ਪੈਟਰੋਲੀਅਮ ਉਤਪਾਦ ਵੰਡ (ਪਾਈਪਲਾਈਨ ਵਿਛਾਉਣ, ਨਿਰਮਾਣ, ਸੰਚਾਲਨ ਅਤੇ ਵਿਸਤਾਰ ਅਤੇ ਹੋਰ ਸਹੂਲਤਾਂ ਰਾਹੀਂ) ਆਦੇਸ਼, 2026 ਨੂੰ ਨੋਟੀਫਾਈ ਕੀਤਾ ਹੈ। ਇਹ ਆਦੇਸ਼ ਦੇਸ਼ ਭਰ ਵਿੱਚ ਪਾਈਪਲਾਈਨ ਵਿਛਾਉਣ ਅਤੇ ਵਿਸਤਾਰ ਕਰਨ ਲਈ ਇੱਕ ਸੁਚਾਰੂ ਅਤੇ ਸਮਾਂਬੱਧ ਢਾਂਚਾ ਪ੍ਰਦਾਨ ਕਰਦਾ ਹੈ, ਪ੍ਰਵਾਨਗੀ ਅਤੇ ਜ਼ਮੀਨ ਦੀ ਉਪਲਬਧਤਾ ਵਿੱਚ ਹੋਣ ਵਾਲੀ ਦੇਰੀ ਨੂੰ ਦੂਰ ਕਰਦਾ ਹੈ, ਅਤੇ ਰਿਹਾਇਸ਼ੀ ਖੇਤਰਾਂ ਸਮੇਤ ਕੁਦਰਤੀ ਗੈਸ ਬੁਨਿਆਦੀ ਢਾਂਚੇ ਦੇ ਤੇਜ਼ੀ ਨਾਲ ਵਿਕਾਸ ਨੂੰ ਸਮਰੱਥ ਬਣਾਉਂਦਾ ਹੈ। ਇਸ ਨਾਲ ਕੁਦਰਤੀ ਗੈਸ ਨੈੱਟਵਰਕ ਦੇ ਵਿਕਾਸ ਵਿੱਚ ਤੇਜ਼ੀ ਆਉਣ, ਆਖਰੀ ਬਿੰਦੂ ਤੱਕ ਸੰਪਰਕ ਵਿੱਚ ਸੁਧਾਰ ਹੋਣ ਅਤੇ ਸਵੱਛ ਈਂਧਣ ਵੱਲ ਤਬਦੀਲੀ ਨੂੰ ਸਮਰਥਨ ਮਿਲਣ ਦੀ ਉਮੀਦ ਹੈ, ਜਿਸ ਨਾਲ ਊਰਜਾ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਭਾਰਤ ਦੀ ਗੈਸ ਅਧਾਰਿਤ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

  • ਪੀਐੱਨਜੀਆਰਬੀ ਨੇ ਸੀਜੀਡੀ ਸੰਸਥਾਵਾਂ ਨੂੰ ਡੀ-ਪੀਐੱਨਜੀ ਕਨੈੱਕਸ਼ਨਾਂ ਵਿੱਚ ਤੇਜ਼ੀ ਲਿਆਉਣ ਦਾ ਨਿਰਦੇਸ਼ ਦਿੱਤਾ ਹੈ। ਨਾਲ ਹੀ, ਪੀਐੱਨਜੀ ਦੇ ਵਿਸਤਾਰ ਵਿੱਚ ਗਤੀ ਬਣਾਈ ਰੱਖਣ ਲਈ ਰਾਸ਼ਟਰੀ ਪੀਐੱਨਜੀ ਡ੍ਰਾਈਵ 2.0 ਨੂੰ 30.06.2026 ਤੱਕ ਵਧਾ ਦਿੱਤਾ ਗਿਆ ਹੈ।

  • ਸਵੱਛ, ਵਧੇਰੇ ਸੁਰੱਖਿਅਤ ਅਤੇ ਆਤਮ-ਨਿਰਭਰ ਊਰਜਾ ਭਵਿੱਖ ਨੂੰ ਉਤਸ਼ਾਹਿਤ ਕਰਨ ਲਈ, ਭਾਰਤ ਸਰਕਾਰ ਨੇ ਰਾਜ ਵਪਾਰਕ ਗੈਸ (ਸੀਬੀਜੀ) ਨੀਤੀ ਦਾ ਇੱਕ ਮਾਡਲ ਖਰੜਾ ਤਿਆਰ ਕੀਤਾ ਹੈ। ਇਸ ਮਾਡਲ ਨੀਤੀ ਦਾ ਉਦੇਸ਼ ਰਾਜਾਂ ਨੂੰ ਸੀਬੀਜੀ ਵਿਕਾਸ ਲਈ ਆਪਣਾ ਨਿਵੇਸ਼ਕ-ਪੱਖੀ ਅਤੇ ਲਾਗੂ ਕਰਨ-ਮੁਖੀ ਈਕੋਸਿਸਟਮ ਬਣਾਉਣ ਦੇ ਸਮਰੱਥ ਬਣਾਉਣ ਲਈ ਇੱਕ ਵਿਆਪਕ, ਲਚਕਦਾਰ ਮਾਰਗਦਰਸ਼ਕ ਢਾਂਚਾ ਪ੍ਰਦਾਨ ਕਰਨਾ ਹੈ। ਜਿਹੜੇ ਰਾਜ ਇਸ ਨੂੰ ਅਪਣਾਉਣਗੇ, ਉਨ੍ਹਾਂ ਨੂੰ ਵਪਾਰਕ ਐੱਲਪੀਜੀ ਦੀ ਵਾਧੂ ਅਲਾਟਮੈਂਟ ਦੀ ਅਗਲੀ ਕਿਸ਼ਤ ਵਿੱਚ ਤਰਜੀਹ ਦਿੱਤੀ ਜਾਵੇਗੀ।

  • ਵਾਤਾਵਰਣ, ਵਣ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਨੇ ਮਿਤੀ 07.04.2026 ਦੇ ਆਰਡਰ ਰਾਹੀਂ ਸੀਪੀਸੀਬੀ ਨੂੰ ਸੀਜੀਡੀ ਨੈੱਟਵਰਕ/ਬੁਨਿਆਦੀ ਢਾਂਚੇ ਦੀ ਸਥਾਪਨਾ ਜਾਂ ਸੰਚਾਲਨ ਲਈ ਸਹਿਮਤੀ ਪ੍ਰਦਾਨ ਕਰਨ ਹੇਠ ਸੀਪੀਸੀਬੀ/ਪੀਸੀਸੀ ਨੂੰ 15 ਦਿਨਾਂ ਦੇ ਅੰਦਰ ਲੋੜੀਂਦੇ ਨਿਰਦੇਸ਼ ਜਾਰੀ ਕਰਨ ਦਾ ਨਿਰਦੇਸ਼ ਦਿੱਤਾ ਹੈ।

  • ਸੀਪੀਸੀਬੀ ਦੇ ਨਿਰਦੇਸ਼ਾਂ ਅਨੁਸਾਰ, ਕੁਝ ਤੇਲ ਅਤੇ ਗੈਸ ਟ੍ਰਾਂਸਪੋਰਟ ਪਾਈਪਲਾਈਨਾਂ ਨੂੰ "ਗ੍ਰੀਨ" ਸ਼੍ਰੇਣੀ ਦੇ ਅਧੀਨ ਵਰਗੀਕ੍ਰਿਤ ਕੀਤਾ ਗਿਆ ਹੈ।

  • ਵਾਤਾਵਰਣ, ਵਣ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਨੇ ਪਹਿਲਾਂ ਹੀ "ਆਟੋਮੋਬਾਈਲ ਸਰਵਿਸਿੰਗ, ਮੁਰੰਮਤ ਅਤੇ ਪੇਂਟਿੰਗ ਤੋਂ ਬਿਨਾਂ ਈਂਧਣ ਵੰਡ ਇਕਾਈਆਂ" ਨੂੰ "ਵਾਈਟ" ਸ਼੍ਰੇਣੀ ਵਿੱਚ ਵਰਗੀਕ੍ਰਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸਬੰਧਿਤ ਐਕਟਾਂ ਦੇ ਤਹਿਤ ਸਥਾਪਨਾ ਜਾਂ ਸੰਚਾਲਨ ਲਈ ਸਹਿਮਤੀ ਤੋਂ ਛੋਟ ਦਿੱਤੀ ਗਈ ਹੈ।

  • ਮਾਰਚ 2026 ਤੋਂ ਹੁਣ ਤੱਕ 4.76 ਲੱਖ ਤੋਂ ਵੱਧ ਪੀਐੱਨਜੀ ਕਨੈੱਕਸ਼ਨਾਂ ਨੂੰ ਗੈਸਯੁਕਤ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ, 5.33 ਲੱਖ ਤੋਂ ਵੱਧ ਗਾਹਕਾਂ ਨੇ ਨਵੇਂ ਕਨੈੱਕਸ਼ਨਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ।

  • 17.04.2026 ਤੱਕ, MYPNGD.in ਵੈੱਬਸਾਈਟ ਰਾਹੀਂ 37,500 ਤੋਂ ਵੱਧ ਪੀਐੱਨਜੀ ਉਪਭੋਗਤਾਵਾਂ ਨੇ ਆਪਣੇ ਐੱਲਪੀਜੀ ਕਨੈੱਕਸ਼ਨ ਵਾਪਸ (ਸਰੈਂਡਰ) ਕਰ ਦਿੱਤੇ ਹਨ।

 

ਕੱਚੇ ਤੇਲ ਦੀ ਸਥਿਤੀ ਅਤੇ ਰਿਫਾਇਨਰੀ ਸੰਚਾਲਨ 

· ਸਾਰੀਆਂ ਰਿਫਾਇਨਰੀਆਂ ਕੱਚੇ ਤੇਲ ਦੇ ਲੋੜੀਂਦੇ ਭੰਡਾਰ ਦੇ ਨਾਲ ਉੱਚ ਸਮਰੱਥਾ ’ਤੇ ਕੰਮ ਕਰ ਰਹੀਆਂ ਹਨ, ਜਦੋਂ ਕਿ ਪੈਟਰੋਲ ਅਤੇ ਡੀਜ਼ਲ ਦਾ ਲੋੜੀਂਦਾ ਸਟਾਕ ਬਰਕਰਾਰ ਰੱਖਿਆ ਜਾ ਰਿਹਾ ਹੈ। 

· ਘਰੇਲੂ ਖਪਤ ਨੂੰ ਪੂਰਾ ਕਰਨ ਲਈ ਰਿਫਾਇਨਰੀਆਂ ਤੋਂ ਐੱਲਪੀਜੀ ਦਾ ਘਰੇਲੂ ਉਤਪਾਦਨ ਵਧਾਇਆ ਗਿਆ ਹੈ। 

· ਘਰੇਲੂ ਬਾਜ਼ਾਰ ਲਈ ਪੈਟਰੋ ਕੈਮੀਕਲ ਫੀਡਸਟਾਕ ਦੀ ਸਪਲਾਈ ਯਕੀਨੀ ਬਣਾਉਣ ਲਈ ਇੱਕ ਅੰਤਰ-ਮੰਤਰਾਲਾ ਸੰਯੁਕਤ ਕਾਰਜ ਸਮੂਹ (ਜੇਡਬਲਿਊਜੀ) ਦਾ ਗਠਨ ਕੀਤਾ ਗਿਆ ਹੈ। ਇਸ ਦੇ ਸਿੱਟੇ ਵਜੋਂ, ਭਾਰਤ ਸਰਕਾਰ ਨੇ ਮਿਤੀ 01.04.2026 ਦੇ ਆਦੇਸ਼ ਰਾਹੀਂ ਪੈਟਰੋ ਕੈਮੀਕਲ ਕੰਪਲੈਕਸਾਂ ਸਮੇਤ ਤੇਲ ਰਿਫਾਇਨਰੀ ਕੰਪਨੀਆਂ ਨੂੰ ਉੱਚ ਤਕਨੀਕੀ ਕੇਂਦਰ (ਸੀਐੱਚਟੀ) ਵੱਲੋਂ ਨਿਰਧਾਰਿਤ ਮਹੱਤਵਪੂਰਨ ਖੇਤਰਾਂ ਲਈ ਸੀ3 ਅਤੇ ਸੀ4 ਸਟ੍ਰੀਮ ਦੀ ਘੱਟੋ-ਘੱਟ ਮਾਤਰਾ ਉਪਲਬਧ ਕਰਾਉਣ ਦੀ ਇਜਾਜ਼ਤ ਦਿੱਤੀ ਹੈ। 

· ਫਾਰਮਾਸਿਊਟੀਕਲ ਵਿਭਾਗ, ਰਸਾਇਣ ਅਤੇ ਪੈਟਰੋ ਕੈਮੀਕਲ ਵਿਭਾਗ (ਡੀਸੀਪੀਸੀ) ਅਤੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰੋਤਸਾਹਨ ਵਿਭਾਗ (ਡੀਪੀਆਈਆਈਟੀ) ਤੋਂ ਪ੍ਰਾਪਤ ਬੇਨਤੀਆਂ ਦੇ ਅਧਾਰ ’ਤੇ, ਫਾਰਮਾ ਅਤੇ ਰਸਾਇਣ ਖੇਤਰ ਦੀਆਂ ਕੰਪਨੀਆਂ ਲਈ ਐੱਲਪੀਜੀ ਪੂਲ ਤੋਂ ਰੋਜ਼ਾਨਾ 1000 ਮੀਟ੍ਰਿਕ ਟਨ ਦੀ ਸਪਲਾਈ ਦਾ ਪ੍ਰਬੰਧ ਕੀਤਾ ਗਿਆ ਹੈ। 

· 9 ਅਪ੍ਰੈਲ 2026 ਤੋਂ ਹੁਣ ਤੱਕ ਲਗਭਗ 3200 ਮੀਟ੍ਰਿਕ ਟਨ ਪ੍ਰੋਪੀਲੀਨ ਦੀ ਵਿਕਰੀ ਹੋ ਚੁੱਕੀ ਹੈ।

 

ਖੁਦਰਾ ਈਂਧਣ ਉਪਲਬਧਤਾ ਅਤੇ ਮੁੱਲ ਨਿਰਧਾਰਨ ਉਪਾਅ 

· ਦੇਸ਼ ਭਰ ਵਿੱਚ ਖੁਦਰਾ ਦੁਕਾਨਾਂ ਆਮ ਵਾਂਗ ਚੱਲ ਰਹੀਆਂ ਹਨ। 

· ਪੱਛਮੀ ਏਸ਼ੀਆ ਸੰਕਟ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਅਸਧਾਰਨ ਵਾਧਾ ਹੋਇਆ ਹੈ; ਹਾਲਾਂਕਿ, ਖਪਤਕਾਰਾਂ ਦੀ ਸੁਰੱਖਿਆ ਲਈ, ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਿੱਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। 

· ਭਾਰਤ ਸਰਕਾਰ ਨੇ 11.04.2026 ਦੀ ਗਜ਼ਟ ਨੋਟੀਫਿਕੇਸ਼ਨ ਰਾਹੀਂ ਘਰੇਲੂ ਬਾਜ਼ਾਰ ਵਿੱਚ ਇਨ੍ਹਾਂ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡੀਜ਼ਲ ’ਤੇ ਨਿਰਯਾਤ ਡਿਊਟੀ ਵਧਾ ਕੇ 55.50 ਰੁਪਏ ਪ੍ਰਤੀ ਲੀਟਰ ਅਤੇ ਏਟੀਐੱਫ ’ਤੇ ਨਿਰਯਾਤ ਡਿਊਟੀ ਵਧਾ ਕੇ 42 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। 

· ਪੈਟਰੋਲ ਅਤੇ ਡੀਜ਼ਲ ਦੀਆਂ ਨਿਯਮਤ ਖੁਦਰਾ ਕੀਮਤਾਂ ਅਟੱਲ ਹਨ ਅਤੇ ਜਨਤਕ ਖੇਤਰ ਦੇ ਉਪਕਰਮਾਂ ਅਤੇ ਮਾਰਕੀਟਿੰਗ ਕੰਪਨੀਆਂ ਦੀਆਂ ਖੁਦਰਾ ਦੁਕਾਨਾਂ ’ਤੇ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ।

 

ਮਿੱਟੀ ਦੇ ਤੇਲ ਦੀ ਉਪਲਬਧਤਾ ਅਤੇ ਵੰਡ ਦੇ ਉਪਾਅ 

· ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਯਮਤ ਅਲਾਟਮੈਂਟ ਤੋਂ ਇਲਾਵਾ 48,000 ਕਿਲੋਲੀਟਰ ਮਿੱਟੀ ਦੇ ਤੇਲ ਦੀ ਵਾਧੂ ਅਲਾਟਮੈਂਟ ਕੀਤੀ ਗਈ ਹੈ। 

· 18 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਐੱਸਕੇਓ ਅਲਾਟਮੈਂਟ ਆਰਡਰ ਜਾਰੀ ਕੀਤੇ ਹਨ, ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਲਦਾਖ ਨੇ ਕੋਈ ਜ਼ਰੂਰਤ ਨਹੀਂ ਦੱਸੀ ਹੈ।

 

ਸਮੁੰਦਰੀ ਸੁਰੱਖਿਆ ਅਤੇ ਜਹਾਜ਼ਰਾਨੀ ਸੰਚਾਲਨ

ਬੰਦਰਗਾਹ, ਜਹਾਜ਼ਰਾਨੀ ਅਤੇ ਜਲਮਾਰਗ ਮੰਤਰਾਲੇ ਵੱਲੋਂ ਇਸ ਖੇਤਰ ਵਿੱਚ ਚੱਲ ਰਹੇ ਭਾਰਤੀ ਜਹਾਜ਼ਾਂ ਅਤੇ ਨਾਵਿਕਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਮੰਤਰਾਲੇ ਨੇ ਕਿਹਾ ਕਿ: 

· ਮੰਤਰਾਲਾ ਸਮੁੰਦਰੀ ਭਲਾਈ ਅਤੇ ਨਿਰਵਿਘਨ ਸਮੁੰਦਰੀ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰਾਲੇ, ਭਾਰਤੀ ਦੂਤਾਵਾਸਾਂ ਅਤੇ ਸਮੁੰਦਰੀ ਹਿੱਤਧਾਰਕਾਂ ਨਾਲ ਤਾਲਮੇਲ ਕਰਨਾ ਜਾਰੀ ਰੱਖ ਰਿਹਾ ਹੈ। 

· ਇਸ ਖੇਤਰ ਵਿੱਚ ਸਾਰੇ ਭਾਰਤੀ ਨਾਵਿਕ ਸੁਰੱਖਿਅਤ ਹਨ ਅਤੇ ਪਿਛਲੇ 24 ਘੰਟਿਆਂ ਵਿੱਚ ਭਾਰਤੀ ਝੰਡੇ ਵਾਲੇ ਜਹਾਜ਼ਾਂ ਨਾਲ ਸਬੰਧਿਤ ਕੋਈ ਘਟਨਾ ਸਾਹਮਣੇ ਨਹੀਂ ਆਈ ਹੈ। 

· ਡੀਜੀ ਸ਼ਿਪਿੰਗ ਕੰਟਰੋਲ ਰੂਮ ਨੇ ਸਰਗਰਮ ਹੋਣ ਤੋਂ ਬਾਅਦ ਹੁਣ ਤੱਕ 6,827 ਕਾਲਾਂ ਅਤੇ 14,266 ਤੋਂ ਵੱਧ ਈਮੇਲਾਂ ਦਾ ਨਿਪਟਾਰਾ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ 100 ਕਾਲਾਂ ਅਤੇ 279 ਈਮੇਲਾਂ ਪ੍ਰਾਪਤ ਹੋਈਆਂ ਹਨ। 

· ਡੀਜੀ ਸ਼ਿਪਿੰਗ ਨੇ ਹੁਣ ਤੱਕ 2,487 ਤੋਂ ਵੱਧ ਭਾਰਤੀ ਨਾਵਿਕਾਂ ਦੀ ਸੁਰੱਖਿਅਤ ਵਤਨ ਵਾਪਸੀ ਵਿੱਚ ਸਹਾਇਤਾ ਕੀਤੀ ਹੈ, ਜਿਨ੍ਹਾਂ ਵਿੱਚ ਖਾੜੀ ਖੇਤਰ ਦੇ ਵੱਖ-ਵੱਖ ਸਥਾਨਾਂ ਤੋਂ ਪਿਛਲੇ 24 ਘੰਟਿਆਂ ਵਿੱਚ ਆਏ 34 ਨਾਵਿਕ ਸ਼ਾਮਲ ਹਨ। 

· ਦੇਸ਼ ਭਰ ਵਿੱਚ ਬੰਦਰਗਾਹਾਂ ਦਾ ਸੰਚਾਲਨ ਆਮ ਵਾਂਗ ਜਾਰੀ ਹੈ ਅਤੇ ਕਿਤੇ ਵੀ ਭੀੜ ਦੀ ਸੂਚਨਾ ਨਹੀਂ ਹੈ।

 

ਖੇਤਰ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ

 ਵਿਦੇਸ਼ ਮੰਤਰਾਲਾ ਖਾੜੀ ਅਤੇ ਪੱਛਮੀ ਏਸ਼ੀਆ ਖੇਤਰ ਵਿੱਚ ਹੋ ਰਹੀਆਂ ਘਟਨਾਵਾਂ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਇਸ ਖੇਤਰ ਵਿੱਚ ਭਾਰਤੀ ਭਾਈਚਾਰੇ ਦੀ ਸੁਰੱਖਿਆ, ਸੁਰੱਖਿਅਤ ਰਹਿਣ ਅਤੇ ਭਲਾਈ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦੇ ਰਿਹਾ ਹੈ। ਮੰਤਰਾਲੇ ਨੂੰ ਸੂਚਿਤ ਕੀਤਾ ਗਿਆ ਕਿ: 

· ਭਾਰਤੀ ਦੂਤਾਵਾਸ ਅਤੇ ਪੋਸਟਾਂ ਚੌਵੀ ਘੰਟੇ ਹੈਲਪਲਾਈਨ ਸੇਵਾ ਪ੍ਰਦਾਨ ਕਰ ਰਹੇ ਹਨ ਅਤੇ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਸਰਗਰਮੀ ਨਾਲ ਯਤਨਸ਼ੀਲ ਹਨ। ਉਹ ਸਥਾਨਕ ਸਰਕਾਰਾਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ। 

· ਸਥਾਨਕ ਸਰਕਾਰੀ ਦਿਸ਼ਾ-ਨਿਰਦੇਸ਼ਾਂ, ਉਡਾਣ ਅਤੇ ਯਾਤਰਾ ਦੀਆਂ ਸਥਿਤੀਆਂ, ਕੌਂਸਲਰ ਸੇਵਾਵਾਂ ਅਤੇ ਸਾਡੇ ਭਾਈਚਾਰੇ ਨੂੰ ਸਹਿਯੋਗ ਦੇਣ ਲਈ ਕੀਤੇ ਜਾ ਰਹੇ ਵੱਖ-ਵੱਖ ਭਲਾਈ ਉਪਾਵਾਂ ਦੀ ਜਾਣਕਾਰੀ ਸਮੇਤ ਤਾਜ਼ਾ ਸਲਾਹ ਨਿਯਮਤ ਤੌਰ ’ਤੇ ਜਾਰੀ ਕੀਤੀ ਜਾ ਰਹੀ ਹੈ। 

· ਭਾਰਤੀ ਦੂਤਾਵਾਸ ਖੇਤਰ ਵਿੱਚ ਵੱਖ-ਵੱਖ ਸੰਘਾਂ, ਸੰਗਠਨਾਂ, ਪੇਸ਼ੇਵਰ ਸਮੂਹਾਂ, ਭਾਰਤੀ ਕੰਪਨੀਆਂ ਅਤੇ ਹੋਰ ਹਿੱਤਧਾਰਕਾਂ ਸਮੇਤ ਭਾਰਤੀ ਭਾਈਚਾਰੇ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। 

· ਸਾਡੇ ਮਿਸ਼ਨ ਖੇਤਰ ਵਿੱਚ ਜਹਾਜ਼ਾਂ ’ਤੇ ਮੌਜੂਦ ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ, ਜਿਸ ਵਿੱਚ ਸਥਾਨਕ ਅਧਿਕਾਰੀਆਂ ਅਤੇ ਏਜੰਸੀਆਂ ਨਾਲ ਤਾਲਮੇਲ, ਕੌਂਸਲਰ ਸਹਾਇਤਾ ਪ੍ਰਦਾਨ ਕਰਨਾ ਅਤੇ ਭਾਰਤ ਪਰਤਣ ਦੀਆਂ ਬੇਨਤੀਆਂ ਨੂੰ ਸੁਖਾਲਾ ਬਣਾਉਣਾ ਸ਼ਾਮਲ ਹੈ। 

· ਜਿਨ੍ਹਾਂ ਦੇਸ਼ਾਂ ਦਾ ਹਵਾਈ ਖੇਤਰ ਖੁੱਲ੍ਹਾ ਹੈ, ਉੱਥੋਂ ਉਡਾਣਾਂ ਜਾਰੀ ਹਨ। 28 ਫਰਵਰੀ ਤੋਂ ਹੁਣ ਤੱਕ ਇਸ ਖੇਤਰ ਤੋਂ ਲਗਭਗ 10,68,000 ਯਾਤਰੀ ਭਾਰਤ ਦੀ ਯਾਤਰਾ ਕਰ ਚੁੱਕੇ ਹਨ।

  • ਸੰਯੁਕਤ ਅਰਬ ਅਮੀਰਾਤ ਵਿੱਚ, ਸੰਚਾਲਨ ਅਤੇ ਸੁਰੱਖਿਆ ਸਬੰਧੀ ਵਿਚਾਰਾਂ ਦੇ ਅਧਾਰ ’ਤੇ ਏਅਰਲਾਈਨਾਂ ਸੰਯੁਕਤ ਅਰਬ ਅਮੀਰਾਤ ਅਤੇ ਭਾਰਤ ਦਰਮਿਆਨ ਸੀਮਤ ਗੈਰ-ਨਿਰਧਾਰਿਤ ਵਪਾਰਕ ਉਡਾਣਾਂ ਚਲਾਉਣਾ ਜਾਰੀ ਰੱਖ ਰਹੀਆਂ ਹਨ, ਅਤੇ ਅੱਜ ਸੰਯੁਕਤ ਅਰਬ ਅਮੀਰਾਤ ਅਤੇ ਭਾਰਤ ਦਰਮਿਆਨ ਲਗਭਗ 110 ਉਡਾਣਾਂ ਹੋਣ ਦੀ ਉਮੀਦ ਹੈ।

  • ਸਾਊਦੀ ਅਰਬ ਅਤੇ ਓਮਾਨ ਦੇ ਵੱਖ-ਵੱਖ ਹਵਾਈ ਅੱਡਿਆਂ ਤੋਂ ਭਾਰਤ ਦੇ ਟਿਕਾਣਿਆਂ ਲਈ ਉਡਾਣਾਂ ਜਾਰੀ ਹਨ।

  • ਕਤਰ ਦਾ ਹਵਾਈ ਖੇਤਰ ਅੰਸ਼ਕ ਰੂਪ ਵਿੱਚ ਖੁੱਲ੍ਹਾ ਹੋਣ ਕਰਕੇ, ਕਤਰ ਏਅਰਵੇਜ਼ ਵੱਲੋਂ ਅੱਜ ਭਾਰਤ ਲਈ ਲਗਭਗ 10 ਤੋਂ 11 ਉਡਾਣਾਂ ਚਲਾਏ ਜਾਣ ਦੀ ਉਮੀਦ ਹੈ।

  • ਕੁਵੈਤ ਦਾ ਹਵਾਈ ਖੇਤਰ ਅਜੇ ਵੀ ਬੰਦ ਹੈ। ਕੁਵੈਤ ਦੀ ਜਜ਼ੀਰਾ ਏਅਰਵੇਜ਼ ਅਤੇ ਕੁਵੈਤ ਏਅਰਵੇਜ਼ ਸਾਊਦੀ ਅਰਬ ਦੇ ਦਮਾਮ ਹਵਾਈ ਅੱਡੇ ਤੋਂ ਭਾਰਤ ਲਈ ਅਨਿਯਮਿਤ ਵਪਾਰਕ ਉਡਾਣਾਂ ਚਲਾ ਰਹੀਆਂ ਹਨ।

  • ਬਹਿਰੀਨ ਦਾ ਹਵਾਈ ਖੇਤਰ ਖੁੱਲ੍ਹਾ ਹੈ। ਗਲਫ ਏਅਰ ਬਹਿਰੀਨ ਤੋਂ ਭਾਰਤ ਲਈ ਸੀਮਤ ਉਡਾਣਾਂ ਚਲਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਸਾਊਦੀ ਅਰਬ ਦੇ ਦਮਾਮ ਹਵਾਈ ਅੱਡੇ ਤੋਂ ਭਾਰਤ ਦੇ ਵੱਖ-ਵੱਖ ਟਿਕਾਣਿਆਂ ਲਈ ਅਨਿਯਮਿਤ ਉਡਾਣਾਂ ਚਲਾ ਰਹੀ ਹੈ।

  • ਇਰਾਕ ਦਾ ਹਵਾਈ ਖੇਤਰ ਸੀਮਤ ਉਡਾਣ ਸੰਚਾਲਨ ਦੇ ਨਾਲ ਖੁੱਲ੍ਹਾ ਹੈ, ਜਿੱਥੋਂ ਅੱਗੇ ਦੀ ਯਾਤਰਾ ਲਈ ਖੇਤਰ ਦੇ ਟਿਕਾਣਿਆਂ ਤੱਕ ਉਡਾਣਾਂ ਉਪਲਬਧ ਹਨ।

  • ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਹੁਣ ਤੱਕ ਈਰਾਨ ਤੋਂ ਆਰਮੇਨੀਆ ਅਤੇ ਅਜ਼ਰਬੈਜਾਨ ਦੇ ਰਸਤੇ ਭਾਰਤ ਦੀ ਯਾਤਰਾ ਲਈ 2,373 ਭਾਰਤੀ ਨਾਗਰਿਕਾਂ ਦੀ ਆਵਾਜਾਈ ਵਿੱਚ ਸਹੂਲਤ ਪ੍ਰਦਾਨ ਕੀਤੀ ਹੈ, ਜਿਨ੍ਹਾਂ ਵਿੱਚ 1,041 ਭਾਰਤੀ ਵਿਦਿਆਰਥੀ ਅਤੇ 657 ਭਾਰਤੀ ਮਛੇਰੇ ਸ਼ਾਮਲ ਹਨ।

  • ਇਜ਼ਰਾਈਲ ਦਾ ਹਵਾਈ ਖੇਤਰ ਅੰਸ਼ਕ ਰੂਪ ਵਿੱਚ ਖੁੱਲ੍ਹਾ ਹੈ, ਪਰ ਸੀਮਤ ਉਡਾਣਾਂ ਚੱਲ ਰਹੀਆਂ ਹਨ। ਭਾਰਤੀ ਨਾਗਰਿਕਾਂ ਲਈ ਜਾਰਡਨ ਅਤੇ ਮਿਸਰ ਦੇ ਰਸਤੇ ਭਾਰਤ ਦੀ ਯਾਤਰਾ ਪਹਿਲਾਂ ਵਾਂਗ ਹੀ ਸੁਖਾਲੀ ਹੈ।

 

************

ਟੀਐੱਮ 


(रिलीज़ आईडी: 2253786) आगंतुक पटल : 36
इस विज्ञप्ति को इन भाषाओं में पढ़ें: Odia , English , Urdu , Marathi , हिन्दी , Assamese , Bengali , Bengali-TR , Gujarati , Tamil , Telugu , Kannada , Malayalam