ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਗੁੰਟੂਰ ਤੋਂ ਆਏ ਸਕੂਲੀ ਵਿਦਿਆਰਥੀਆਂ ਨੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਉਪ-ਰਾਸ਼ਟਰਪਤੀ ਨੇ ਸਰਕਾਰੀ ਸਕੂਲਾਂ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ

ਉਪ-ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਕਿਹਾ-‘ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰੋ, ਸਫਲਤਾ ਵਿੱਚ ਨਿਮਰ ਬਣੋ’

Posted On: 21 MAY 2026 5:21PM by PIB Chandigarh

ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਦੇ ਇੱਕ ਵਫ਼ਦ ਨੇ ਅੱਜ ਉਪ-ਰਾਸ਼ਟਰਪਤੀ ਭਵਨ ਵਿਖੇ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।

ਸਰਕਾਰੀ ਸਕੂਲਾਂ ਦੀਆਂ 27 ਕੁੜੀਆਂ ਸਮੇਤ 41 ਹੋਣਹਾਰ ਵਿਦਿਆਰਥੀਆਂ ਦੇ ਇਸ ਸਮੂਹ ਨੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਇਸ ਸਮੇਂ ਦਿੱਲੀ ਦੇ ਵਿੱਦਿਅਕ ਦੌਰੇ ’ਤੇ ਹਨ।

ਸਰਕਾਰੀ ਸਕੂਲਾਂ ਦੇ ਗ਼ਰੀਬ ਅਤੇ ਵਾਂਝੇ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ ’ਤੇ ਦਿੱਲੀ ਲਿਆਉਣ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਪ-ਰਾਸ਼ਟਰਪਤੀ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਜਮਾਤ ਤੋਂ ਬਾਹਰ ਸਿੱਖਣ ਅਤੇ ਉਨ੍ਹਾਂ ਦੇ ਗਿਆਨ ਦਾ ਦਾਇਰਾ ਵਧਾਉਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਖ਼ੁਸ਼ੀ ਪ੍ਰਗਟ ਕੀਤੀ।

ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਕਿਹਾ ਕਿ ਸਾਰੇ ਸਫਲ ਲੋਕ ਜ਼ਿੰਦਗੀ ਵਿੱਚ ਸੰਘਰਸ਼ਾਂ, ਅਸਫਲਤਾਵਾਂ ਅਤੇ ਰੁਕਾਵਟਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁਸ਼ਕਲਾਂ ਇੱਕ ਵਿਅਕਤੀ ਨੂੰ ਮਜ਼ਬੂਤ, ਵਧੇਰੇ ਆਤਮ-ਵਿਸ਼ਵਾਸੀ ਅਤੇ ਸਫਲ ਹੋਣ ਲਈ ਵਧੇਰੇ ਦ੍ਰਿੜ੍ਹ ਬਣਾਉਂਦੀਆਂ ਹਨ। ਵਿਦਿਆਰਥੀਆਂ ਨੂੰ ਆਪਣੀ ਮੌਜੂਦਾ ਵਿੱਤੀ ਸਥਿਤੀ ਤੋਂ ਨਿਰਾਸ਼ ਨਾ ਹੋਣ ਦੀ ਸਲਾਹ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਿੱਖਿਆ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਸ਼ਕਤ ਬਣਾਏਗੀ।

ਉਪ-ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਦੇਸ਼ ਦੇ ਕਈ ਮਹਾਨ ਵਿਗਿਆਨੀ, ਪ੍ਰਸ਼ਾਸਕ, ਅਧਿਆਪਕ, ਨਵ-ਨਿਵੇਸ਼ਕ, ਉੱਦਮੀ ਅਤੇ ਸਿਆਸਤਦਾਨ ਸਰਕਾਰੀ ਸਕੂਲਾਂ ਅਤੇ ਜਨਤਕ ਸੰਸਥਾਵਾਂ ’ਚੋਂ ਹੀ ਬਾਹਰ ਆਏ ਹਨ।

ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਦੱਸਿਆ ਕਿ ਉਨ੍ਹਾਂ ਨੇ ਵੀ ਇੱਕ ਸਰਕਾਰੀ ਸਕੂਲ ਵਿੱਚ ਤਾਮਿਲ ਮਾਧਿਅਮ ਵਿੱਚ ਪੜ੍ਹਾਈ ਕੀਤੀ ਸੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਿੱਖਿਆ ਜੀਵਨ ਨੂੰ ਬਦਲਣ, ਪਰਿਵਾਰਾਂ ਨੂੰ ਉੱਪਰ ਚੁੱਕਣ, ਭਾਈਚਾਰਿਆਂ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।

ਉਪ-ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਵਧੇਰੇ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ  ਨੂੰ ਵੀ ਸਰਕਾਰੀ ਸਕੂਲਾਂ ਦੇ ਸੁਧਾਰ ਅਤੇ ਮਜ਼ਬੂਤੀਕਰਨ ’ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।

ਪਿਛਲੇ ਇੱਕ ਦਹਾਕੇ ਵਿੱਚ ਦੇਸ਼ ਦੀ ਸ਼ਾਨਦਾਰ ਆਰਥਿਕ ਤਰੱਕੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਭਾਰਤ ਵਿਸ਼ਵ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਪ੍ਰਮੁੱਖ ਅਰਥ-ਵਿਵਸਥਾਵਾਂ ਵਿੱਚੋਂ ਇੱਕ ਬਣ ਕੇ ਉੱਭਰਿਆ ਹੈ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਇੱਕ ਵਿਕਸਤ ਭਾਰਤ ਦੇ ਸੁਪਨੇ ਵੱਲ ਆਤਮ-ਵਿਸ਼ਵਾਸ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 2047 ਤੱਕ ਇੱਕ ਵਿਕਸਤ ਰਾਸ਼ਟਰ ਬਣਨ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਵਿੱਚ ਵਿਦਿਆਰਥੀਆਂ ਦੇ ਸੁਪਨੇ ਅਤੇ ਇੱਛਾਵਾਂ ਵੀ ਓਨੀਆਂ ਹੀ ਮਹੱਤਵਪੂਰਨ ਹਨ।

ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਇਸ ਗੱਲ ਤੇ ਖ਼ੁਸ਼ੀ ਪ੍ਰਗਟ ਕੀਤੀ ਕਿ 41 ਹੋਣਹਾਰ ਵਿਦਿਆਰਥੀਆਂ ਵਿੱਚੋਂ 27 ਕੁੜੀਆਂ ਸਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਿੱਚ ਮਹਿਲਾ ਸਸ਼ਕਤੀਕਰਨ ਨੂੰ ਦਰਸਾਉਂਦਾ ਹੈ।

ਉਪ-ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨੁਕਸਾਨਦੇਹ ਆਦਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ, ਜਿਨ੍ਹਾਂ ਵਿੱਚ ਸੋਸ਼ਲ ਮੀਡੀਆ ਦੀ ਬਹੁਤ ਜ਼ਿਆਦਾ ਵਰਤੋਂ ਵੀ ਸ਼ਾਮਲ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ, ਪੜ੍ਹਨ-ਲਿਖਣ ਅਤੇ ਰਚਨਾਤਮਕਤਾ ਨੂੰ ਪਹਿਲ ਦੇਣ ਅਤੇ ਆਪਣੀ ਪੜ੍ਹਾਈ, ਟੀਚਿਆਂ ਅਤੇ ਪਰਿਵਾਰ ਤੇ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ’ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ।

ਆਪਣੇ ਸੰਬੋਧਨ ਦੇ ਅਖੀਰ ਵਿੱਚ ਉਪ-ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਤਿੰਨ ਸਿਧਾਂਤਾਂ ਨੂੰ ਹਮੇਸ਼ਾ ਯਾਦ ਰੱਖਣ ਦੀ ਸਲਾਹ ਦਿੱਤੀ: ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨਾ, ਸਫ਼ਲਤਾ ਵਿੱਚ ਨਿਮਰ ਰਹਿਣਾ ਅਤੇ ਗਿਆਨ ਦੀ ਵਰਤੋਂ ਸਮਾਜ ਦੇ ਭਲੇ ਲਈ ਕਰਨਾ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਉੱਜਵਲ, ਸਾਰਥਕ ਅਤੇ ਸਫ਼ਲ ਭਵਿੱਖ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸੰਚਾਰ ਅਤੇ ਪੇਂਡੂ ਵਿਕਾਸ ਰਾਜ ਮੰਤਰੀ ਸ਼੍ਰੀ ਪੇਮਾਸਾਨੀ ਚੰਦਰ ਸ਼ੇਖਰ ਅਤੇ ਪੱਛਮੀ ਗੁੰਟੂਰ ਵਿਧਾਨ ਸਭਾ ਦੀ ਸੰਸਦ ਮੈਂਬਰ ਸ਼੍ਰੀਮਤੀ ਗੱਲਾ ਮਾਧਵੀ ਮੌਜੂਦ ਸਨ।

************

ਪੀਆਰ/ਏਐਸਐਮ/ਵੀਐਮ


(Release ID: 2264009) ਵਿਜ਼ੀਟਰ ਕਾਊਂਟਰ : 8