ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੇਂਦਰੀ ਸਿਹਤ ਮੰਤਰੀ ਸ਼੍ਰੀ ਜੇ.ਪੀ. ਨੱਡਾ ਨੇ ਮੌਨਸੂਨ ਤੋਂ ਪਹਿਲਾਂ ਡੇਂਗੂ ਅਤੇ ਮਲੇਰੀਆ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ


ਡੇਂਗੂ ਅਤੇ ਮਲੇਰੀਆ ਖਿਲਾਫ ਰਾਸ਼ਟਰੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਆਯੋਜਿਤ

ਰਾਜਾਂ ਅਤੇ ਸਿਹਤ ਸੰਸਥਾਵਾਂ ਨੂੰ ਇਨ੍ਹਾਂ ਬਿਮਾਰੀਆਂ ਲਈ ਤਿਆਰੀ ਅਤੇ ਰੋਕਥਾਮ ਵਿਧੀਆਂ ਨੂੰ ਮਜ਼ਬੂਤ ​​ਕਰਨ ਦੀ ਤਾਕੀਦ ਕੀਤੀ ਗਈ

ਰੋਕਥਾਮ, ਨਿਗਰਾਨੀ, ਜਾਂਚ ਅਤੇ ਇਲਾਜ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ 'ਤੇ ਜ਼ੋਰ ਦਿੱਤਾ ਗਿਆ

ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਦੇ ਉਪਾਵਾਂ ਨੂੰ ਉਤਸ਼ਾਹਿਤ ਕਰਨ ਲਈ ਜਨਤਕ ਜਾਗਰੂਕਤਾ ਮੁਹਿੰਮਾਂ ਨੂੰ ਤੇਜ਼ ਕੀਤਾ ਜਾਵੇਗਾ

प्रविष्टि तिथि: 18 JUN 2026 7:11PM by PIB Chandigarh

ਆਉਣ ਵਾਲੇ ਮੌਨਸੂਨ ਅਤੇ ਮੌਨਸੂਨ  ਤੋਂ ਬਾਅਦ ਦੇ ਮਹੀਨਿਆਂ ਦੌਰਾਨ ਡੇਂਗੂ ਅਤੇ ਮਲੇਰੀਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸਮੇਂ ਸਿਰ ਤਿਆਰੀ ਅਤੇ ਜਨਤਕ-ਸਿਹਤ ਦੇ ਮੋਰਚੇ ‘ਤੇ ਸਰਗਰਮ ਕਦਮ ਚੁੱਕਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ, ਸ਼੍ਰੀ ਨੱਡਾ ਨੇ ਦੇਸ਼ ਭਰ ਵਿੱਚ ਬਿਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਅਤੇ ਨਿਯੰਤਰਣ ਕਰਨ ਲਈ ਉੱਚ ਪੱਧਰੀ ਚੌਕਸੀ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਪ੍ਰਕੋਪ ਨੂੰ ਘਟਾਉਣ ਅਤੇ ਸਮੇਂ ਸਿਰ ਨਵੀਆਂ ਜਨਤਕ ਸਿਹਤ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਕੇਂਦਰ ਸਰਕਾਰ, ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਸਥਾਨਕ ਪ੍ਰਸ਼ਾਸਨਾਂ ਅਤੇ ਸਿਹਤ ਸੰਸਥਾਵਾਂ ਵਿਚਕਾਰ ਆਪਸੀ ਸਹਿਯੋਗ ਅਤੇ ਤਾਲਮੇਲ ਵਾਲੇ ਯਤਨ ਜ਼ਰੂਰੀ ਹਨ।

ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਮੰਤਰਾਲੇ ਨੇ ਪਹਿਲਾਂ ਹੀ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੇਸਾਂ ਅਤੇ ਪ੍ਰਕੋਪਾਂ ਦਾ ਜਲਦੀ ਪਤਾ ਲਗਾਉਣ ਲਈ ਨਿਗਰਾਨੀ ਪ੍ਰਣਾਲੀਆਂ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੰਕ੍ਰਮਣ ਦੇ ਫੈਲਣ ਨੂੰ ਰੋਕਣ ਲਈ ਤੁਰੰਤ ਰਿਪੋਰਟਿੰਗ, ਸਰਗਰਮ ਨਿਗਰਾਨੀ ਅਤੇ ਤੇਜ਼ੀ ਨਾਲ ਕਾਰਵਾਈ ਕਰਨ ਵਾਲੀਆਂ ਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਸ਼੍ਰੀ ਨੱਡਾ ਨੇ ਦੇਸ਼ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਦਵਾਈਆਂ, ਡਾਇਗਨੌਸਟਿਕ ਸਹੂਲਤਾਂ, ਖੂਨ ਦੇ ਹਿੱਸਿਆਂ, ਹਸਪਤਾਲ ਦੇ ਬਿਸਤਰਿਆਂ ਅਤੇ ਸਿਖਲਾਈ ਪ੍ਰਾਪਤ ਸਿਹਤ ਸੰਭਾਲ ਕਰਮਚਾਰੀਆਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਦੀ ਦੇਖਭਾਲ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣੀਆਂ ਚਾਹੀਦੀਆਂ ਹਨ ਅਤੇ ਜੇਕਰ ਮਰੀਜ਼ਾਂ ਦੀ ਗਿਣਤੀ ਵਧਦੀ ਹੈ ਤਾਂ ਸਿਹਤ ਸੰਸਥਾਵਾਂ ਨੂੰ ਵਾਧੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਤਿਆਰ ਰਹਿਣਾ ਚਾਹੀਦਾ ਹੈ।  

ਮੰਤਰੀ ਮਹੋਦਯ ਨੇ ਡੇਂਗੂ ਅਤੇ ਮਲੇਰੀਆ ਲਈ ਮਿਆਰੀ ਇਲਾਜ ਦਿਸ਼ਾ-ਨਿਰਦੇਸ਼ਾਂ ਅਤੇ ਕਲੀਨਿਕਲ ਪ੍ਰਬੰਧਨ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ । ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸਿਹਤ ਸਹੂਲਤਾਂ ਨੂੰ ਬਿਮਾਰੀ ਦੇ ਨਿਦਾਨ, ਇਲਾਜ ਅਤੇ ਪ੍ਰਬੰਧਨ ਲਈ ਨਵੀਨਤਮ ਪ੍ਰੋਟੋਕੋਲ ਦੇ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਅਤੇ ਪੇਚੀਦਗੀਆਂ ਨੂੰ ਘੱਟ ਕੀਤਾ ਜਾ ਸਕੇ ।

ਰੋਕਥਾਮ ਉਪਾਵਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਸ਼੍ਰੀ ਨੱਡਾ ਨੇ ਸੰਵੇਦਨਸ਼ੀਲ਼ ਖੇਤਰਾਂ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਗਤੀਵਿਧੀਆਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ। ਇਨ੍ਹਾਂ ਗਤੀਵਿਧੀਆਂ ਵਿੱਚ ਮੱਛਰਾਂ ਦੇ ਪ੍ਰਜਨਨ ਸਥਾਨਾਂ ਨੂੰ ਨਸ਼ਟ ਕਰਨਾ, ਫੌਗਿੰਗ ਅਤੇ ਹੋਰ ਜਨਤਕ ਸਿਹਤ ਉਪਾਅ ਸ਼ਾਮਲ ਹਨ। ਉਨ੍ਹਾਂ ਨੇ ਰਾਜਾਂ ਅਤੇ ਸਥਾਨਕ ਸੰਸਥਾਵਾਂ ਨੂੰ ਭਾਈਚਾਰਕ ਹਿੱਤਧਾਰਕਾਂ ਦੇ ਨਾਲ ਮਿਲ ਕੇ ਬਚਾਅ ਦੇ ਉਪਾਵਾਂ ਨੂੰ ਲਗਾਤਾਰ ਜਾਰੀ ਰੱਖਣ ਦੀ ਅਪੀਲ ਕੀਤੀ।

ਕੇਂਦਰੀ ਸਿਹਤ ਮੰਤਰੀ ਨੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਖਿਲਾਫ ਬਚਾਅ ਉਪਾਵਾਂ ਬਾਰੇ ਜਨਤਕ ਜਾਗਰੂਕਤਾ ਵਧਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਸਫਾਈ ਬਣਾਈ ਰੱਖਣ, ਪਾਣੀ ਜਮ੍ਹਾ ਹੋਣ ਤੋਂ ਰੋਕਣ, ਵਿਅਕਤੀਗਤ ਸੁਰੱਖਿਆ ਉਪਾਅ ਅਪਣਾਉਣ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ 'ਤੇ ਸਮੇਂ ਸਿਰ ਇਲਾਜ ਕਰਵਾਉਣ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਸੂਚਨਾ, ਸਿੱਖਿਆ ਅਤੇ ਪ੍ਰਚਾਰ (ਆਈਈਸੀ) ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਮੱਛਰ-ਮੁਕਤ ਵਾਤਾਵਰਣ ਬਣਾਈ ਰੱਖਣ ਲਈ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰਡਬਲਿਊਏਸ), ਪੰਚਾਇਤੀ ਰਾਜ ਸੰਸਥਾਵਾਂ, ਵਿਦਿਅਕ ਸੰਸਥਾਵਾਂ ਅਤੇ ਭਾਈਚਾਰਕ ਸੰਗਠਨਾਂ ਦੀ ਸਰਗਰਮ ਭਾਗੀਦਾਰੀ ਦੀ ਵੀ ਅਪੀਲ ਕੀਤੀ।

ਸ਼੍ਰੀ ਨੱਡਾ ਨੇ ਇਸ ਗੱਲ ਨੂੰ ਦੁਹਰਾਇਆ ਕਿ ਡੇਂਗੂ ਅਤੇ ਮਲੇਰੀਆ ਖਿਲਾਫ ਲੜਾਈ ਵਿੱਚ ਜਾਗਰੂਕਤਾ, ਬੀਮਾਰੀ ਦਾ ਜਲਦੀ ਪਤਾ ਲਗਾਉਣਾ, ਸਮੇਂ ਸਿਰ ਇਲਾਜ ਅਤੇ ਭਾਈਚਾਰਕ ਭਾਗੀਦਾਰੀ ਦੇ ਮੁੱਖ ਅਧਾਰ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਿਹਾ ਹੈ ਅਤੇ  ਤਿਆਰੀਆਂ ਅਤੇ ਉਸ ਨਾਲ ਨਿਪਟਣ ਦੇ ਉਪਾਵਾਂ ਨੂੰ ਮਜ਼ਬੂਤ ​​ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ  ਪ੍ਰਦੇਸ਼ਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਇਸ ਸਮੀਖਿਆ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਅਤੇ ਪ੍ਰਬੰਧਨ ਲਈ ਮੌਜੂਦਾ ਮਹਾਂਮਾਰੀ ਸੰਬੰਧੀ ਸਥਿਤੀ, ਬਿਮਾਰੀ ਦੀ ਨਿਗਰਾਨੀ ਦੇ ਤਰੀਕਿਆਂ, ਸਿਹਤ ਸਹੂਲਤਾਂ ਦੀ ਤਿਆਰੀ, ਜਾਂਚ ਅਤੇ ਦਵਾਈਆਂ ਦੀ ਉਪਲਬਧਤਾ, ਮੱਛਰਾਂ ਦੇ ਪ੍ਰਜਨਨ ਤੋਂ ਰੋਕਣ ਦੇ ਉਪਾਵਾਂ, ਅਤੇ ਅਲੱਗ-ਅਲੱਗ ਖੇਤਰਾਂ ਵਿੱਚ ਤਾਲਮੇਲ ਦਾ ਮੁਲਾਂਕਣ ਕੀਤਾ ਗਿਆ।

ਇਸ ਤੋਂ ਇਲਾਵਾ, ਸ਼੍ਰੀ ਨੱਡਾ ਨੇ ਆਉਣ ਵਾਲੇ ਇਨਫੈਕਸ਼ਨ ਦੇ ਸੀਜ਼ਨ ਲਈ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ  ਪ੍ਰਦੇਸ਼ਾਂ ਵਿੱਚ ਟੈਸਟਿੰਗ ਕਿੱਟਾਂ, ਦਵਾਈਆਂ, ਪ੍ਰਯੋਗਸ਼ਾਲਾ ਦੀਆਂ ਬੁਨਿਆਦੀ ਸੁਵਿਧਾਵਾਂ, ਸਿਖਲਾਈ ਪ੍ਰਾਪਤ ਸਟਾਫ ਅਤੇ ਵਿੱਤੀ ਸਰੋਤਾਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ । ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਖਾਸ ਕਰਕੇ ਉਨ੍ਹਾਂ ਇਲਾਕਿਆਂ ਦੇ ਲਈ ਜਿੱਥੇ ਬਿਮਾਰੀ ਦਾ ਖਤਰਾਂ ਜ਼ਿਆਦਾ ਹੈ, ਜ਼ਿਲ੍ਹੇ ਦੇ ਹਿਸਾਬ ਨਾਲ ਰਣਨੀਤੀਆਂ ਅਤੇ ਸੂਖਮ-ਯੋਜਨਾਵਾਂ ਤਿਆਰ ਕਰਨ । ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਬਿਮਾਰੀ ਦੇ ਬੋਝ ਨੂੰ ਘਟਾਉਣ ਲਈ ਪ੍ਰਭਾਵਸ਼ਾਲੀ ਨਿਗਰਾਨੀ, ਸ਼ੁਰੂਆਤੀ ਪਹਿਚਾਣ ਅਤੇ ਤੁਰੰਤ ਇਲਾਜ ਬਹੁਤ ਜ਼ਰੂਰੀ ਹੈ।

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਜ਼ਿਲ੍ਹਾ ਅਤੇ ਨਗਰਪਾਲਿਕਾ ਪੱਧਰ 'ਤੇ ਨਿਯਮਿਤ ਸਮੀਖਿਆਵਾਂ ਕਰਨ, ਸਰੋਤ ਘਟਾਉਣ ਅਤੇ ਮੱਛਰਾਂ ਦੇ ਪ੍ਰਜਨਨ ‘ਤੇ ਨਿਯੰਤਰਣ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਜਨਤਕ ਜਾਗਰੂਕਤਾ ਮੁਹਿੰਮਾਂ ਨੂੰ ਮਜ਼ਬੂਤ ​​ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੀਕ ਇਨਫੈਕਸ਼ਨ ਸੀਜ਼ਨ ਦੌਰਾਨ ਹੌਟਸਪੌਟ ਮੈਪਿੰਗ, ਲਾਰਵਾ-ਰੋਧੀ ਉਪਾਵਾਂ, ਮਾਮਲਾ ਸਾਹਮਣੇ ਆਉਣ ‘ਤੇ ਤੁਰੰਤ ਕਾਰਵਾਈ ਅਤੇ ਬੇਹਤਰ ਨਿਗਰਾਨੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਭਾਰਤ ਨੇ ਮਲੇਰੀਆ ਦੇ ਪ੍ਰਕੋਪ ਨੂੰ ਘਟਾਉਣ ਵਿੱਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। 2015 ਅਤੇ 2025 ਦੇ ਵਿਚਕਾਰ, ਮਲੇਰੀਆ ਦੇ ਮਾਮਲਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਭਗ 80 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਜਿਵੇਂ ਕਿ 'ਵਿਸ਼ਵ ਮਲੇਰੀਆ ਰਿਪੋਰਟ 2025' ਵਿੱਚ ਸਵੀਕਾਰ ਕੀਤਾ ਗਿਆ ਹੈ, ਭਾਰਤ 2024 ਵਿੱਚ ਵਿਸ਼ਵ ਸਿਹਤ ਸੰਗਠਨ ਦੇ 'ਹਾਈ ਬਰਡਨ ਤੋਂ ਹਾਈ ਇਮਪੈਕਟ' ਸਮੂਹ ਤੋਂ ਬਾਹਰ ਆ ਗਿਆ ਹੈ ਅਤੇ ਮਲੇਰੀਆਂ ਨੂੰ ਘਟਾਉਣ ਦੇ ਵਿਸ਼ਵਵਿਆਪੀ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਰਾਹ 'ਤੇ ਹੈ, ਜਿਸ ਦੇ ਤਹਿਤ ਮਾਮਲਿਆਂ ਅਤੇ ਮੌਤ ਦਰ ਵਿੱਚ 70 ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ । 2022-2025 ਦੌਰਾਨ, 160 ਜ਼ਿਲ੍ਹਿਆਂ ਵਿੱਚ ਸਥਾਨਕ ਪੱਧਰ ‘ਤੇ ਮਲੇਰੀਆ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ, ਇਹ ਸਥਾਨਕ ਸੰਕ੍ਰਮਣ ਰੋਕਣ ਅਤੇ ਕੇਂਦ੍ਰਿਤ ਜਨਤਕ ਸਿਹਤ ਉਪਾਵਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਸ਼੍ਰੀਮਤੀ ਪੁਣਯ ਸਲੀਲਾ ਸ਼੍ਰੀਵਾਸਤਵ; ਡੀਐਚਆਰ ਸਕੱਤਰ ਅਤੇ ਆਈਸੀਐਮਆਰ ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਿਲ; ਰਾਸ਼ਟਰੀ ਸਿਹਤ ਮਿਸ਼ਨ (ਐਨਐੱਚਐਮ) ਦੀ ਵਧੀਕ ਸਕੱਤਰ ਅਤੇ ਮਿਸ਼ਨ ਡਾਇਰੈਕਟਰ ਸ਼੍ਰੀਮਤੀ ਅਰਾਧਨਾ ਪਟਨਾਇਕ; ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ (ਡੀਜੀਐਚਐਸ) ਡਾ. ਲਵਨੀਸ਼ ਜੀ ਕ੍ਰਿਸ਼ਨਾ ਅਤੇ ਰਾਸ਼ਟਰੀ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਕੇਂਦਰ (ਐਨਸੀਵੀਬੀਡੀਸੀ) ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

*****

ਐਸਆਰ /ਬਲਜੀਤ ਸਿੰਘ 


(रिलीज़ आईडी: 2275518) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी