ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

Posted On: 09 JUL 2026 6:40PM by PIB Chandigarh

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਮੈਲਬਰਨ ਦੇ ਮਾਰਵਲ ਸਟੇਡੀਅਮ ਵਿੱਚ ਆਸਟ੍ਰੇਲੀਆ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਖ਼ਾਸ ਸਦਭਾਵਨਾ ਦੇ ਪ੍ਰਤੀਕ ਵਜੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਾਣਯੋਗ ਐਂਥਨੀ ਅਲਬਨੀਜ਼ ਵੀ ਇਸ ਪ੍ਰਵਾਸੀ ਭਾਰਤੀ ਸਮਾਗਮ ਵਿੱਚ ਸ਼ਾਮਲ ਹੋਏ।

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਲਬਨੀਜ਼ ਦੀ ਗੌਰਵਮਈ ਮੌਜੂਦਗੀ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਜ਼ਬੂਤ ਬਣਾਉਣ, ਖ਼ਾਸ ਤੌਰ ’ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਦੁਵੱਲੀ ਭਾਈਵਾਲੀ ਵਿੱਚ ਹੋਈ ਜ਼ਿਕਰਯੋਗ ਤਰੱਕੀ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੀਆਂ ਅਰਥ-ਵਿਵਸਥਾਵਾਂ ਦੀ ਆਪਸੀ ਪੂਰਕਤਾ ਦੋਵਾਂ ਦੇਸ਼ਾਂ ਨੂੰ ਇੱਕ ਸੁਰੱਖਿਅਤ, ਖ਼ੁਸ਼ਹਾਲ ਅਤੇ ਮਜ਼ਬੂਤ ਭਾਈਵਾਲੀ ਨੂੰ ਆਕਾਰ ਦੇਣ ਲਈ ਸੁਭਾਵਿਕ ਭਾਈਵਾਲ ਬਣਾਉਂਦੀ ਹੈ।

ਪ੍ਰਧਾਨ ਮੰਤਰੀ ਨੇ ਭਾਰਤ-ਆਸਟ੍ਰੇਲੀਆ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਆਸਟ੍ਰੇਲੀਆ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਦੋਵਾਂ ਦੇਸ਼ਾਂ ਵਿਚਕਾਰ ਇੱਕ ਜੀਵੰਤ ਪੁਲ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤੀ ਭਾਈਚਾਰਾ ਆਸਟ੍ਰੇਲੀਆ ਦੇ ਸਮਾਜਿਕ ਤਾਣੇ-ਬਾਣੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ-ਨਾਲ ਆਪਣੀਆਂ ਸੱਭਿਆਚਾਰਕ ਪਰੰਪਰਾਵਾਂ ਨੂੰ ਵੀ ਸੰਭਾਲੀ ਬੈਠਾ ਹੈ ਅਤੇ ਆਪਣੇ ਰੰਗ, ਆਪਣੇਪਨ ਅਤੇ ਜੀਵੰਤਤਾ ਨਾਲ ਸਥਾਨਕ ਸਮਾਜ ਨੂੰ ਖ਼ੁਸ਼ਹਾਲ ਬਣਾ ਰਿਹਾ ਹੈ। ਆਸਟ੍ਰੇਲੀਆ ਵਿੱਚ ਵੱਡੀ ਗਿਣਤੀ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਅਤੇ ਭਾਰਤ ਵਿੱਚ ਆਪਣੇ ਕੈਂਪਸ ਸਥਾਪਿਤ ਕਰ ਰਹੀਆਂ ਆਸਟ੍ਰੇਲੀਆਈ ਯੂਨੀਵਰਸਿਟੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਦੇ ਸਭ ਤੋਂ ਮਜ਼ਬੂਤ ਥੰਮ੍ਹਾਂ ਵਿੱਚੋਂ ਇੱਕ ਹੈ।
 

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਲਗਾਤਾਰ ਉੱਚ ਆਰਥਿਕ ਵਿਕਾਸ, ਨੀਤੀਗਤ ਸੁਧਾਰਾਂ, ਡਿਜੀਟਲ ਕ੍ਰਾਂਤੀ ਅਤੇ ਨਵੀਂ ਪੀੜ੍ਹੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਆਧਾਰ 'ਤੇ ਹੋ ਰਹੀ ਤੇਜ਼ ਤਰੱਕੀ ਦਾ ਵਿਸਥਾਰ ਨਾਲ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਸੰਚਾਰ ਤਕਨਾਲੋਜੀ, ਸੈਮੀਕੰਡਕਟਰ, ਸਮਾਰਟਫੋਨ ਨਿਰਮਾਣ ਅਤੇ ‘ਮੇਕ ਇਨ ਇੰਡੀਆ’ ਦੇ ਤਹਿਤ ਰੱਖਿਆ ਨਿਰਯਾਤ ਵਰਗੇ ਖੇਤਰਾਂ ਵਿੱਚ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਦੀ ਲੋਕਤੰਤਰੀ ਤਾਕਤ, ਇਸ ਦੀ ਪ੍ਰਤਿਭਾ, ਤਕਨਾਲੋਜੀ ਅਤੇ ਨਵੀਨਤਾ ਦੇ ਨਾਲ ਮਿਲ ਕੇ ਇਸ ਦੇ ਗਲੋਬਲ ਭਾਈਵਾਲਾਂ ਲਈ ਨਵੇਂ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਕਿ ਭਾਰਤ ਦਾ ਦ੍ਰਿਸ਼ਟੀਕੋਣ ਸਿਰਫ਼ ਆਪਣੀ ਤਰੱਕੀ ਤੱਕ ਸੀਮਤ ਨਹੀਂ ਹੈ, ਸਗੋਂ ਆਪਣੇ ਮਿੱਤਰ ਦੇਸ਼ਾਂ ਅਤੇ ਭਾਈਵਾਲਾਂ ਨਾਲ ਕਦਮ ਨਾਲ ਕਦਮ ਮਿਲਾ ਕੇ ਅੱਗੇ ਵਧਣ ਦਾ ਹੈ। ਪ੍ਰਧਾਨ ਮੰਤਰੀ ਨੇ ਭਾਰਤੀ ਭਾਈਚਾਰੇ ਨੂੰ ਸਾਲ 2047 ਤੱਕ 'ਵਿਕਸਿਤ ਭਾਰਤ' ਦੇ ਨਿਰਮਾਣ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੇ ਵਿਚਾਰਾਂ ਅਤੇ ਮੁਹਾਰਤ ਰਾਹੀਂ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਦਾ ਪੂਰਾ ਸੰਬੋਧਨ ਇੱਥੇ ਦੇਖਿਆ ਜਾ ਸਕਦਾ ਹੈ [ਲਿੰਕ]।

ਇਸ ਸਮਾਗਮ ਵਿੱਚ ਭਾਰਤੀ ਭਾਈਚਾਰੇ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਲੋਕ, ਜਿਨ੍ਹਾਂ ਵਿੱਚ ਵਿਦਿਆਰਥੀ, ਪੇਸ਼ਾਵਰ, ਉੱਦਮੀ, ਖੋਜਾਰਥੀ, ਭਾਈਚਾਰਕ ਆਗੂ ਅਤੇ ਸੱਭਿਆਚਾਰਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਸਨ, ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਇਹ ਆਯੋਜਨ ਭਾਰਤ-ਆਸਟ੍ਰੇਲੀਆ ਸਬੰਧਾਂ ਦੀ ਪਛਾਣ ਰਹੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਡੂੰਘੇ ਅਤੇ ਨਿੱਘੇ ਸਬੰਧਾਂ ਦਾ ਪ੍ਰਤੀਕ ਸੀ। ਆਸਟ੍ਰੇਲੀਆ ਵਿੱਚ ਭਾਰਤੀ ਮੂਲ ਦੇ ਲਗਭਗ ਦਸ ਲੱਖ ਲੋਕ ਰਹਿੰਦੇ ਹਨ।
 

***

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2283295) ਵਿਜ਼ੀਟਰ ਕਾਊਂਟਰ : 41