ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਸੰਘਰਸ਼ ਦੇ ਹਾਲਾਤ ਦੀ ਸਮੀਖਿਆ ਲਈ ਸੀਸੀਐੱਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਨੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਸਾਰੀਆਂ ਗਤੀਵਿਧੀਆਂ ਦੀ ਨਿਯਮਤ ਨਿਗਰਾਨੀ ਲਈ ਇੱਕ ਏਕੀਕ੍ਰਿਤ ਅਤੇ ਤਾਲਮੇਲ ਵਾਲੀ ਵਿਵਸਥਾ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ

ਪ੍ਰਧਾਨ ਮੰਤਰੀ ਨੇ ਮਲਾਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਜਾਣਕਾਰੀ, ਐਮਰਜੈਂਸੀ ਸਹਾਇਤਾ ਅਤੇ ਕਾਊਂਸਲਿੰਗ ਉਪਲਬਧ ਕਰਵਾਉਣ ਲਈ ਇੱਕ ਵਿਵਸਥਾ ਸਥਾਪਤ ਕਰਨ ਲਈ ਆਖਿਆ

ਆਗਾਮੀ ਹਾੜੀ ਸੀਜ਼ਨ ਲਈ ਖਾਦਾਂ ਦੀ ਲੋੜ ਦਾ ਮੁਲਾਂਕਣ ਕੀਤਾ ਗਿਆ; ਪ੍ਰਧਾਨ ਮੰਤਰੀ ਨੇ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਉਪਾਅ ਕਰਨ ਦੇ ਨਿਰਦੇਸ਼ ਦਿੱਤੇ

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸੰਘਰਸ਼ ਦੇ ਪ੍ਰਭਾਵ ਤੋਂ ਨਾਗਰਿਕਾਂ ਅਤੇ ਭਾਰਤੀ ਭਾਈਚਾਰੇ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ

ਪ੍ਰਧਾਨ ਮੰਤਰੀ ਨੇ ਅਖੁੱਟ ਊਰਜਾ ਸਰੋਤਾਂ ਦੀ ਵਰਤੋਂ 'ਤੇ ਜ਼ੋਰ ਦਿੱਤਾ

ਕੈਬਨਿਟ ਸਕੱਤਰ ਨੇ ਪੈਟਰੋਲੀਅਮ ਉਤਪਾਦਾਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ

प्रविष्टि तिथि: 30 JUL 2026 7:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮੀ ਏਸ਼ੀਆ ਵਿੱਚ ਜਾਰੀ ਸੰਘਰਸ਼ ਅਤੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵੱਲੋਂ ਚੁੱਕੇ ਗਏ ਕਦਮਾਂ ਦੇ ਸਬੰਧ ਵਿੱਚ ਸਥਿਤੀ ਦੀ ਸਮੀਖਿਆ ਕਰਨ ਲਈ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਐੱਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੁੱਦੇ 'ਤੇ ਸੀਸੀਐੱਸ ਦੀ ਇਹ ਚੌਥੀ ਵਿਸ਼ੇਸ਼ ਮੀਟਿੰਗ ਸੀ।

ਕੈਬਨਿਟ ਸਕੱਤਰ ਨੇ ਸੀਸੀਐੱਸ ਨੂੰ ਮੌਜੂਦਾ ਭੂ-ਰਾਜਨੀਤਿਕ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਐੱਲਐੱਨਜੀ/ਐੱਲਪੀਜੀ ਅਤੇ ਖਾਦਾਂ ਸਮੇਤ ਪੈਟਰੋਲੀਅਮ ਉਤਪਾਦਾਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਐੱਲਪੀਜੀ ਦੀ ਖ਼ਰੀਦ ਦੇ ਸਰੋਤਾਂ ਵਿੱਚ ਪਹਿਲਾਂ ਹੀ ਵਿਭਿੰਨਤਾ ਲਿਆਂਦੀ ਜਾ ਚੁੱਕੀ ਹੈ ਅਤੇ ਪ੍ਰਮੁੱਖ ਪੈਟਰੋਲੀਅਮ ਉਤਪਾਦਾਂ ਦਾ ਕੁੱਲ ਭੰਡਾਰ ਅਤੇ ਸਪਲਾਈ ਦੀ ਢੁਕਵੀਂ ਸਥਿਤੀ ਬਣੀ ਹੋਈ ਹੈ। ਕੱਚੇ ਤੇਲ ਦੀ ਢੁਕਵੀਂ ਉਪਲਬਧਤਾ ਕਾਰਨ ਕੇਂਦਰੀ ਜਨਤਕ ਖੇਤਰ ਦੇ ਉੱਦਮਾਂ (ਸੀਪੀਐੱਸਈਜ਼) ਦੀਆਂ ਰਿਫਾਈਨਰੀਆਂ 100 ਪ੍ਰਤੀਸ਼ਤ ਤੋਂ ਵੱਧ ਸਮਰੱਥਾ 'ਤੇ ਕੰਮ ਕਰ ਰਹੀਆਂ ਹਨ, ਜਿਸ ਨਾਲ ਪੈਟਰੋਲ, ਡੀਜ਼ਲ ਅਤੇ ਹੋਰ ਪੈਟਰੋਲੀਅਮ ਉਤਪਾਦਾਂ ਦਾ ਉਤਪਾਦਨ ਲਗਾਤਾਰ ਜਾਰੀ ਹੈ। ਪੀਐੱਨਜੀ ਕੁਨੈਕਸ਼ਨਾਂ ਦਾ ਵਿਸਤਾਰ ਕਰਨ ਲਈ ਵੀ ਕਦਮ ਚੁੱਕੇ ਗਏ ਹਨ, ਜਿਸ ਦੇ ਨਤੀਜੇ ਵਜੋਂ ਪੀਐੱਨਜੀ ਕੁਨੈਕਸ਼ਨਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਸਰਕਾਰ ਰਾਸ਼ਟਰੀ ਗੈਸ ਗਰਿੱਡ ਦੇ ਵਿਸਤਾਰ, ਐੱਲਐੱਨਜੀ ਆਯਾਤ ਅਤੇ ਰੀ-ਗੈਸੀਫਿਕੇਸ਼ਨ ਬੁਨਿਆਦੀ ਢਾਂਚੇ ਨੂੰ ਵਧਾਉਣ, ਸ਼ਹਿਰੀ ਗੈਸ ਵੰਡ ਨੈੱਟਵਰਕ ਦੇ ਵਿਸਤਾਰ ਅਤੇ ਪਾਈਪਲਾਈਨ ਇਨਫਰਾਸਟ੍ਰਕਚਰ ਆਰਡਰ, 2026 ਤਹਿਤ ਸਮੇਂਬੱਧ ਪਾਈਪਲਾਈਨਾਂ ਅਤੇ ਆਖ਼ਰੀ ਸਿਰੇ ਤੱਕ ਸੰਪਰਕ ਦੀ ਮਨਜ਼ੂਰੀ ਰਾਹੀਂ ਐੱਲਪੀਜੀ ਦੇ ਉਦਯੋਗਿਕ ਬਦਲ ਨੂੰ ਵੀ ਹੱਲਾਸ਼ੇਰੀ ਦੇ ਰਹੀ ਹੈ।

ਮੀਟਿੰਗ ਦੌਰਾਨ, ਆਉਣ ਵਾਲੀ ਹਾੜੀ ਦੀ ਫ਼ਸਲ ਲਈ ਖਾਦਾਂ ਦੀਆਂ ਲੋੜਾਂ ਦਾ ਵੀ ਮੁਲਾਂਕਣ ਕੀਤਾ ਗਿਆ ਅਤੇ ਖਾਦਾਂ ਦੇ ਬਦਲਵੇਂ ਸਰੋਤਾਂ 'ਤੇ ਵੀ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।

ਮੀਟਿੰਗ ਵਿੱਚ ਸੰਘਰਸ਼-ਪ੍ਰਭਾਵਿਤ ਖੇਤਰਾਂ ਵਿੱਚ ਘਰੇਲੂ ਅਤੇ ਵਿਦੇਸ਼ੀ ਝੰਡੇ ਵਾਲੇ ਜਹਾਜ਼ਾਂ 'ਤੇ ਕੰਮ ਕਰ ਰਹੇ ਮਲਾਹਾਂ ਦੀ ਸਥਿਤੀ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਮਲਾਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਜਾਣਕਾਰੀ, ਐਮਰਜੈਂਸੀ ਸਹਾਇਤਾ ਅਤੇ ਕਾਊਂਸਲਿੰਗ ਪ੍ਰਦਾਨ ਕਰਨ ਲਈ ਇੱਕ ਵਿਵਸਥਾ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਅਤੇ ਭਾਰਤੀ ਭਾਈਚਾਰੇ ਨੂੰ ਇਸ ਸੰਘਰਸ਼ ਦੇ ਪ੍ਰਭਾਵ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਊਰਜਾ ਦੇ ਖੇਤਰ ਵਿੱਚ ਆਤਮਨਿਰਭਰਤਾ ਯਕੀਨੀ ਬਣਾਉਣ ਲਈ ਸੌਰ ਊਰਜਾ ਅਤੇ ਗੈਰ-ਜੀਵਾਸ਼ਮ ਈਂਧਨ ਆਧਾਰਿਤ ਹੋਰ ਸਰੋਤਾਂ ਸਮੇਤ ਅਖੁੱਟ ਊਰਜਾ ਸਰੋਤਾਂ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸੰਕਟ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਪਹੁੰਚ ਜਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਢੁਕਵੇਂ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਸਾਰੀਆਂ ਗਤੀਵਿਧੀਆਂ 'ਤੇ ਲਗਾਤਾਰ ਨਿਗਰਾਨੀ ਰੱਖਣ ਲਈ ਇੱਕ ਏਕੀਕ੍ਰਿਤ ਅਤੇ ਤਾਲਮੇਲ ਵਾਲੀ ਵਿਵਸਥਾ ਸਥਾਪਤ ਕੀਤੀ ਜਾਣੀ ਚਾਹੀਦੀ ਹੈ।

****

MJPS/SS/ST


(रिलीज़ आईडी: 2292178) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , हिन्दी , Marathi , Assamese , Bengali , Manipuri , Gujarati , Odia , Telugu , Kannada , Malayalam