ਵਾਤਾਵਰਣ,ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ
ਕੇਂਦਰੀ ਵਾਤਾਵਰਣ ਮੰਤਰੀ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਐੱਨਸੀਆਰ (NCR) ਰਾਜਾਂ ਦੇ ਤਾਲਮੇਲ ਵਾਲੇ ਯਤਨਾਂ ਦੀ ਸਮੀਖਿਆ ਕੀਤੀ
ਰਾਜਾਂ ਨੇ ਹਵਾ ਪ੍ਰਦੂਸ਼ਣ ਰੋਕਣ ਲਈ ਸਬੰਧਿਤ ਧਿਰਾਂ ਦੀ ਭਾਗੀਦਾਰੀ ਅਤੇ ਵਿਵਹਾਰ ਵਿੱਚ ਬਦਲਾਅ ‘ਤੇ ਧਿਆਨ ਦਿੰਦੇ ਹੋਏ ਵਿਸਤ੍ਰਿਤ ਅਤੇ ਵਿਵਹਾਰਿਕ ਕਾਰਜ-ਯੋਜਨਾਵਾਂ ਤਿਆਰ ਕੀਤੀਆਂ
ਐੱਸਪੀਸੀਬੀ ਨੂੰ ਪ੍ਰਦੂਸ਼ਣ ਹੌਟਸਪੌਟਸ ‘ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਖ਼ਿਲਾਫ਼ ‘ਜ਼ੀਰੋ-ਟੌਲਰੈਂਸ’ ਨੀਤੀ ਅਪਣਾਉਣੀ ਚਾਹੀਦੀ ਹੈ: ਸ਼੍ਰੀ ਭੂਪੇਂਦਰ ਯਾਦਵ
Posted On:
03 SEP 2026 4:54PM by PIB Chandigarh
ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਨੇ ਅੱਜ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਰਾਜਾਂ ਦੁਆਰਾ ਪੇਸ਼ ਕੀਤੀਆਂ ਗਈਆਂ ਵਿਆਪਕ ਯੋਜਨਾਵਾਂ ਦੀ ਸਮੀਖਿਆ ਕੀਤੀ। ਇਨ੍ਹਾਂ ਯੋਜਨਾਵਾਂ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਿੱਤਧਾਰਕਾਂ ਦੀ ਭਾਗੀਦਾਰੀ ਅਤੇ ਵਿਵਹਾਰ ਬਦਲਾਅ ਨਾਲ ਸਬੰਧਿਤ ਸੰਚਾਰ ‘ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਮੰਤਰੀ ਨੇ ਪਿਛਲੇ ਇੱਕ ਸਾਲ ਦੌਰਾਨ 25 ਤੋਂ ਵੱਧ ਬੈਠਕਾਂ ਕਰਵਾ ਕੇ ਐੱਨਸੀਆਰ ਵਿੱਚ ਨਗਰ ਨਿਗਮਾਂ ਦੀਆਂ ਵਿਅਕਤੀਗਤ ਹਵਾ ਗੁਣਵੱਤਾ ਪ੍ਰਬੰਧਨ ਯੋਜਨਾਵਾਂ ਅਤੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਉਨ੍ਹਾਂ ਦੁਆਰਾ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਹੈ।
ਇਸ ਦੇ ਨਤੀਜੇ ਵਜੋਂ, ਰਾਜਾਂ ਦੀਆਂ ਵਿਅਕਤੀਗਤ ਕਾਰਜ-ਯੋਜਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਨ੍ਹਾਂ ਯੋਜਨਾਵਾਂ ਵਿੱਚ ਹਵਾ ਪ੍ਰਦੂਸ਼ਣ ਦੇ ਪਛਾਣੇ ਗਏ ਸਰੋਤਾਂ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅੱਜ ਹਿੱਤਧਾਰਕਾਂ ਦੀ ਭਾਗੀਦਾਰੀ ਯੋਜਨਾ ਦੀ ਵੀ ਸਮੀਖਿਆ ਕੀਤੀ ਗਈ।
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਐੱਨਸੀਆਰ ਦੀਆਂ ਰਾਜ ਸਰਕਾਰਾਂ ਦੁਆਰਾ ਤਿਆਰ ਕੀਤੀਆਂ ਗਈਆਂ ਵਿਸਤ੍ਰਿਤ ਕਾਰਜ-ਯੋਜਨਾਵਾਂ ਦਾ ਸਵਾਗਤ ਕਰਦਿਆਂ ਮੰਤਰੀ ਨੇ ਰਾਜਾਂ ਦੁਆਰਾ ਕੀਤੀਆਂ ਗਈਆਂ ਵਿਸ਼ੇਸ਼ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਅਤੇ ਹੋਰ ਰਾਜਾਂ ਨੂੰ ਬਿਹਤਰੀਨ ਅਭਿਆਸਾਂ ਨੂੰ ਅਪਣਾਉਣ ਅਤੇ ਉਨ੍ਹਾਂ ਨੂੰ ਦੋਹਰਾਉਣ ਦੀ ਅਪੀਲ ਕੀਤੀ।
ਸ਼੍ਰੀ ਯਾਦਵ ਨੇ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾ ਕੇ ਅਤੇ ਸਾਰੇ ਹਿੱਤਧਾਰਕਾਂ ਨੂੰ ਇਸ ਵਿੱਚ ਸ਼ਾਮਲ ਕਰਦੇ ਹੋਏ ਸੂਚਨਾ, ਸਿੱਖਿਆ ਅਤੇ ਪ੍ਰਚਾਰ (ਆਈਈਸੀ) ਗਤੀਵਿਧੀਆਂ ਅਤੇ ਵਿਵਹਾਰ ਬਦਲਾਅ ਨਾਲ ਸਬੰਧਿਤ ਪ੍ਰਚਾਰ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ।
ਐੱਨਸੀਆਰ ਦੀਆਂ ਰਾਜ ਸਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਯਤਨਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਤਾਲਮੇਲ ਵਾਲੀ ਅਤੇ ਕੇਂਦ੍ਰਿਤ ਹਿੱਤਧਾਰਕ ਭਾਗੀਦਾਰੀ ਜ਼ਰੂਰੀ ਹੈ। ਮੰਤਰੀ ਨੇ ਵੱਖ-ਵੱਖ ਰਾਜਾਂ ਦੁਆਰਾ ਪ੍ਰਸਤਾਵਿਤ ਆਈਈਸੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਧੇਰੇ ਵਿਆਪਕ ਪਹੁੰਚ ਅਤੇ ਪ੍ਰਭਾਵ ਯਕੀਨੀ ਬਣਾਉਣ ਲਈ ਇਨ੍ਹਾਂ ਗਤੀਵਿਧੀਆਂ ਨੂੰ ਤਾਲਮੇਲ ਵਾਲੇ ਤਰੀਕੇ ਨਾਲ ਸੰਚਾਲਿਤ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੀ ਯਾਦਵ ਨੇ ਪ੍ਰਸਤਾਵ ਰੱਖਿਆ ਕਿ ਕੇਂਦਰੀ ਖੇਤੀਬਾੜੀ, ਵਾਤਾਵਰਣ ਅਤੇ ਸ਼ਹਿਰੀ ਵਿਕਾਸ ਮੰਤਰੀ ਆਪਣੇ-ਆਪਣੇ ਰਾਜ ਦੇ ਹਮਰੁਤਬਾ ਨਾਲ ਬੈਠਕਾਂ ਕਰਕੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਤਾਲਮੇਲ ਵਾਲੀਆਂ ਰਣਨੀਤੀਆਂ ਤਿਆਰ ਕਰਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਹਵਾ ਪ੍ਰਦੂਸ਼ਣ ਦੇ ਪਛਾਣੇ ਗਏ ਹੌਟਸਪੌਟਸ ‘ਤੇ ਧਿਆਨ ਕੇਂਦ੍ਰਿਤ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਰੋਕਥਾਮ ਲਈ ਵਿਵਹਾਰਿਕ ਅਤੇ ਪ੍ਰਭਾਵਸ਼ਾਲੀ ਕਾਰਜ-ਯੋਜਨਾਵਾਂ ਤਿਆਰ ਕਰਨੀਆਂ ਚਾਹੀਦੀਆਂ ਹਨ।
ਰਾਜ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ “ਗੈਰ-ਅਨੁਰੂਪਤਾ ਵਾਲੀਆਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਉਦਯੋਗਿਕ ਇਕਾਈਆਂ ਨਾਲ ‘ਜ਼ੀਰੋ ਟੌਲਰੈਂਸ’ ਦੀ ਨੀਤੀ ਅਪਣਾਉਂਦੇ ਹੋਏ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।” ਉਨ੍ਹਾਂ ਨੇ ਉਲੰਘਣਾਵਾਂ ਅਤੇ ਲਾਪਰਵਾਹੀ ਲਈ ਜਵਾਬਦੇਹੀ ਤੈਅ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਵਧੇਰੇ ਜਵਾਬਦੇਹੀ ਅਤੇ ਪਾਲਣਾ ਨੂੰ ਯਕੀਨੀ ਬਣਾਉਣ ਦੇ ਉਪਾਅ ਵਜੋਂ ਗੈਰ-ਅਨੁਰੂਪਤਾ ਵਾਲੇ ਹਿੱਤਧਾਰਕਾਂ ਦੇ ਨਾਂ ਜਨਤਕ ਕਰਨ ਨੂੰ ਵੀ ਅਪਣਾਇਆ ਜਾਣਾ ਚਾਹੀਦਾ ਹੈ।
ਮੰਤਰੀ ਨੇ ਜ਼ੋਰ ਦਿੱਤਾ ਕਿ ਸਿਰਫ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਗਤੀਵਿਧੀਆਂ ਹੀ ਕਾਫ਼ੀ ਨਹੀਂ ਹੋਣਗੀਆਂ ਅਤੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਇਨਫੋਰਸਮੈਂਟ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਦੱਸਿਆ ਕਿ ਪਹਿਲਕਦਮੀਆਂ ਅਤੇ ਸਬੰਧਿਤ ਰਾਜਾਂ ਦੁਆਰਾ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਸਤੰਬਰ ਵਿੱਚ ਕੇਂਦਰੀ ਮੰਤਰੀ ਦੇ ਪੱਧਰ ‘ਤੇ ਇੱਕ ਸਮੀਖਿਆ ਬੈਠਕ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਨੇ ਐੱਨਸੀਆਰ ਦੀਆਂ ਰਾਜ ਸਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਹਵਾ ਗੁਣਵੱਤਾ ਪ੍ਰਬੰਧਨ ਦੇ ਉਨ੍ਹਾਂ ਦੇ ਯਤਨਾਂ ਨੂੰ ਪੂਰਾ ਸਹਿਯੋਗ ਪ੍ਰਦਾਨ ਕਰੇਗੀ।
ਬੈਠਕ ਵਿੱਚ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ (ਐੱਮਓਈਐੱਫਸੀਸੀ) ਦੇ ਸਕੱਤਰ, ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐੱਮ) ਦੇ ਚੇਅਰਮੈਨ ਅਤੇ ਐੱਮਓਈਐੱਫਸੀਸੀ ਅਤੇ ਸੀਏਕਿਊਐੱਮ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਰਾਜ ਸਰਕਾਰਾਂ ਵੱਲੋਂ ਵਾਤਾਵਰਣ ਮੰਤਰੀ ਅਤੇ ਸਕੱਤਰਾਂ ਦੇ ਨਾਲ-ਨਾਲ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੇ ਚੇਅਰਮੈਨ ਅਤੇ ਮੈਂਬਰ ਸਕੱਤਰ ਮੌਜੂਦ ਰਹੇ। ਇਸ ਤੋਂ ਇਲਾਵਾ, ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਖੇਤੀਬਾੜੀ ਸਕੱਤਰ ਅਤੇ ਵਾਤਾਵਰਣ ਸਕੱਤਰ ਅਤੇ ਰਾਜਸਥਾਨ ਦੇ ਵਧੀਕ ਮੁੱਖ ਸਕੱਤਰ ਅਤੇ ਵਾਤਾਵਰਣ ਸਕੱਤਰ ਨੇ ਵੀ ਬੈਠਕ ਵਿੱਚ ਹਿੱਸਾ ਲਿਆ।
ਰਾਜ ਕਾਰਜ-ਯੋਜਨਾਵਾਂ ਦੇ ਲਿੰਕ: (https://caqm.nic.in/landingpage/pages/documents/state-action-plans)
*****
ਵੀਐੱਮ/ਏਕੇ
(Release ID: 2306961)
ਵਿਜ਼ੀਟਰ ਕਾਊਂਟਰ : 2