Posted On:
28 OCT 2026 9:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਸੇਵਾ ਤੀਰਥ’ ਵਿਖੇ ‘ਸਰਗਰਮ ਸ਼ਾਸਨ’ ਨੂੰ ਉਤਸ਼ਾਹਿਤ ਕਰਨ ਅਤੇ ਕਾਰਜਾਂ ਦੇ ਸਮੇਂ ਸਿਰ ਅਮਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਆਈਸੀਟੀ-ਆਧਾਰਿਤ, ਮਲਟੀਮਾਡਲ ਪਲੇਟਫ਼ਾਰਮ ‘ਪ੍ਰਗਤੀ’ (PRAGATI) ਦੀ 54ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੰਚ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀ ਬਿਹਤਰ ਸਪੁਰਦਗੀ ਯਕੀਨੀ ਬਣਾਉਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇੱਕ ਮੰਚ ’ਤੇ ਲਿਆਉਂਦਾ ਹੈ।
ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ 16,000 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਵਾਲੇ 31 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫ਼ੈਲੇ ਰੇਲਵੇ, ਏਕਤਾ ਮਾਲ ਅਤੇ ਡਰੱਗ ਪਾਰਕਾਂ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਆਰਥਿਕ ਵਿਕਾਸ ਅਤੇ ਜਨਤਕ ਭਲਾਈ ਲਈ ਮਹੱਤਵਪੂਰਨ ਇਨ੍ਹਾਂ ਪ੍ਰੋਜੈਕਟਾਂ ਦੀ ਸਮੀਖਿਆ ਕਰਦੇ ਸਮੇਂ ਮੁੱਖ ਤੌਰ ’ਤੇ ਸਮਾਂ-ਹੱਦ, ਵੱਖ-ਵੱਖ ਏਜੰਸੀਆਂ ਦਰਮਿਆਨ ਤਾਲਮੇਲ ਅਤੇ ਸਮੱਸਿਆਵਾਂ ਦੇ ਸਮੇਂ ਸਿਰ ਹੱਲ ’ਤੇ ਧਿਆਨ ਦਿੱਤਾ ਗਿਆ।
ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ‘ਪੀਐੱਮ ਏਕਤਾ ਮਾਲ’ ਸਥਾਨਕ ਉਤਪਾਦਾਂ ਲਈ ਬਾਜ਼ਾਰ ਮੁਹੱਈਆ ਕਰਵਾਉਣ, ਕਾਰੀਗਰਾਂ ਦੀ ਰੋਜ਼ੀ-ਰੋਟੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਉੱਦਮਾਂ ਦੇ ਵਿਸਥਾਰ ਵਿੱਚ ਮਦਦ ਕਰਨ। ਉਨ੍ਹਾਂ ਨੇ ਇਨ੍ਹਾਂ ਮਾਲਾਂ ਨੂੰ ਸੈਰ-ਸਪਾਟੇ ਅਤੇ ਸਥਾਨਕ ਕਾਰੋਬਾਰਾਂ ਨਾਲ ਜੋੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਮੰਗ ਵਧੇਗੀ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਉਤਪਾਦਨ, ਪੈਕੇਜਿੰਗ, ਭੰਡਾਰਨ ਅਤੇ ਆਵਾਜਾਈ ਦੇ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਨੇ ਮੁੱਖ ਸਕੱਤਰਾਂ ਨੂੰ ਕਿਹਾ ਕਿ ਉਹ ਨਿਯਮਿਤ ਤੌਰ ’ਤੇ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਮਾਲਾਂ ਦਾ ਕੰਮ ਸਮੇਂ ਸਿਰ ਪੂਰਾ ਹੋ ਜਾਵੇ।
ਆਂਧਰਾ ਪ੍ਰਦੇਸ਼, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ‘ਬਲਕ ਡਰੱਗ ਪਾਰਕਾਂ’ ਦੀ ਸਮੀਖਿਆ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡਿਐਂਟਸ’ (ਏਪੀਆਈ) ਅਤੇ ਜ਼ਰੂਰੀ ਕੱਚੇ ਮਾਲ ਦੇ ਘਰੇਲੂ ਉਤਪਾਦਨ ਨੂੰ ਤਰਜੀਹ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਮੁੱਖ ਸਕੱਤਰਾਂ ਨੂੰ ਅਮਲ ਨਾਲ ਸਬੰਧਤ ਕਮੀਆਂ ਨੂੰ ਦੂਰ ਕਰਨ ਲਈ ਹਰ ਮਹੀਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਯੋਜਨਾਵਾਂ ਦੀ ਸਮੀਖਿਆ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਣ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸ਼ਾਸਨ ਪ੍ਰਣਾਲੀ ਨੂੰ ਖਰਚੇ ਦੀ ਰਕਮ ਦੀ ਬਜਾਏ ਨਤੀਜਿਆਂ ’ਤੇ ਵਧੇਰੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਨਤਕ ਖ਼ਰਚ ਲੋਕਾਂ ਦੇ ਜੀਵਨ ਵਿੱਚ ਠੋਸ ਸੁਧਾਰ ਲਿਆਵੇ। ਅਭਿਲਾਸ਼ੀ ਜ਼ਿਲ੍ਹਿਆਂ ਅਤੇ ਅਭਿਲਾਸ਼ੀ ਬਲਾਕ ਪ੍ਰੋਗਰਾਮਾਂ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਪਛੜੇ ਖੇਤਰਾਂ ਵਿੱਚ ਵਿਕਾਸ ਨੂੰ ਤੇਜ਼ ਕਰਨ ਲਈ ਵੱਖ-ਵੱਖ ਯੋਜਨਾਵਾਂ ਦੇ ਏਕੀਕਰਨ, ਨਿਯਮਿਤ ਨਿਗਰਾਨੀ ਅਤੇ ਸਥਾਨਕ ਜਵਾਬਦੇਹੀ ਦੀ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸ਼ਾਸਨ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਭਲਾਈ ਯੋਜਨਾਵਾਂ ਦੀ ਸਪੁਰਦਗੀ ਵਿੱਚ ਸੁਧਾਰ ਲਈ ਕੀਤੇ ਗਏ ਨਿਰੰਤਰ ਯਤਨਾਂ ਸਦਕਾ ਲਗਭਗ 25 ਕਰੋੜ ਲੋਕਾਂ ਨੂੰ ਬਹੁ-ਆਯਾਮੀ ਗ਼ਰੀਬੀ ਵਿੱਚੋਂ ਬਾਹਰ ਨਿਕਲਣ ਵਿੱਚ ਮਦਦ ਮਿਲੀ ਹੈ।
ਅਹਿਮਦਾਬਾਦ ਰੇਲਵੇ ਸਟੇਸ਼ਨ ਦੇ ਮੁੜ ਵਿਕਾਸ ਦੀ ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਨੇ ਯਾਤਰੀਆਂ ਦੀ ਸਹੂਲਤ ਅਤੇ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਦੇਸ਼ ਭਰ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮੁੜ ਵਿਕਸਤ ਕੀਤੇ ਗਏ ਸਟੇਸ਼ਨਾਂ ਨੂੰ ‘ਬਹੁ-ਮਾਧਿਅਮ ਆਵਾਜਾਈ ਕੇਂਦਰਾਂ’ ਵਜੋਂ ਕੰਮ ਕਰਨਾ ਚਾਹੀਦਾ ਹੈ, ਜਿੱਥੇ ਮੈਟਰੋ ਅਤੇ ਹੋਰ ਆਵਾਜਾਈ ਨੈੱਟਵਰਕਾਂ ਨਾਲ ਬਿਹਤਰ ਸੰਪਰਕ ਹੋਵੇ।
ਪ੍ਰਧਾਨ ਮੰਤਰੀ ਨੇ ਸਬੰਧਤ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਕਿਹਾ ਕਿ ਉਹ ਰੁਕਾਵਟਾਂ ਨੂੰ ‘ਮਿਸ਼ਨ ਮੋਡ’ ਵਿੱਚ ਦੂਰ ਕਰਨ, ਕੇਂਦਰ-ਰਾਜ ਸਰਕਾਰਾਂ ਅਤੇ ਵੱਖ-ਵੱਖ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਉੱਚ ਪੱਧਰ ’ਤੇ ਇਸ ਦੀ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਨੇ ਹਰ ਪੱਧਰ ’ਤੇ ਸਰਗਰਮ ਕਾਰਜ-ਸੱਭਿਆਚਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਅਪਣਾਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸੰਭਾਵੀ ਚੁਣੌਤੀਆਂ ਦਾ ਪਹਿਲਾਂ ਤੋਂ ਅੰਦਾਜ਼ਾ ਲਗਾਉਣਾ, ਸਮੇਂ ਸਿਰ ਫ਼ੈਸਲੇ ਲੈਣਾ ਅਤੇ ਸਪੱਸ਼ਟ ਜਵਾਬਦੇਹੀ ਤੈਅ ਕਰਨਾ ਜ਼ਰੂਰੀ ਹੈ।
****
ਐੱਮਜੇਪੀਐੱਸ/ਐੱਸਐੱਸ/ਵੀਜੇ