Posted On:
29 OCT 2026 6:46PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਕੱਲ੍ਹ (30 ਅਕਤੂਬਰ 2026) ਗੁਜਰਾਤ ਦੇ ਬਨਾਸਕਾਂਠਾ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੀ 24ਵੀਂ ਕਿਸ਼ਤ ਜਾਰੀ ਕਰਨਗੇ। ਇਸ ਕਿਸ਼ਤ ਦੇ ਤਹਿਤ ਦੇਸ਼ ਭਰ ਦੇ 9.34 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18,690 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੀ ਟ੍ਰਾਂਸਫਰ ਕੀਤੀ ਜਾਵੇਗੀ, ਜੋ ਕਿਸਾਨਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਣ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਪ੍ਰਧਾਨ ਮੰਤਰੀ ਖੇਤੀਬਾੜੀ ਸਟੋਰੇਜ, ਪ੍ਰੋਸੈੱਸਿੰਗ ਅਤੇ ਸਬੰਧਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਤਹਿਤ ਸਥਾਪਿਤ 521 ਯੂਨਿਟਾਂ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ 12 ਬਾਗਬਾਨੀ ਕਲਸਟਰਾਂ ਦਾ ਉਦਘਾਟਨ ਕਰਨਗੇ।
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਮੱਧ ਪ੍ਰਦੇਸ਼ ਦੇ ਰਾਏਸੇਨ ਵਿੱਚ ਪੀਐੱਮ-ਕਿਸਾਨ ਦੀ 24ਵੀਂ ਕਿਸ਼ਤ ਜਾਰੀ ਕਰਨ ਦੇ ਮੌਕੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਪ੍ਰੋਗਰਾਮ ਵਿੱਚ ਖੇਤਰ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਇਹ ਆਯੋਜਨ ਕਿਸਾਨਾਂ ਦੀ ਭਲਾਈ, ਖੁਸ਼ਹਾਲੀ ਅਤੇ ਸਸ਼ਕਤੀਕਰਣ ਦੇ ਪ੍ਰਤੀ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦੁਹਰਾਉਣ ਦੇ ਨਾਲ-ਨਾਲ ਪੀਐੱਮ-ਕਿਸਾਨ ਅਤੇ ਵਿਭਾਗ ਦੀਆਂ ਹੋਰ ਪ੍ਰਮੁੱਖ ਪਹਿਲਕਦਮੀਆਂ ਦੇ ਮਹੱਤਵ ਨੂੰ ਰੇਖਾਂਕਿਤ ਕਰਨ ਲਈ ਇੱਕ ਮਹੱਤਵਪੂਰਨ ਪਲੈਟਫਾਰਮ ਪ੍ਰਦਾਨ ਕਰੇਗਾ।
ਪੀਐੱਮ-ਕਿਸਾਨ ਦੀਆਂ ਪਹਿਲੀਆਂ 23 ਕਿਸ਼ਤਾਂ ਰਾਹੀਂ ਯੋਗ ਕਿਸਾਨਾਂ ਨੂੰ 4.47 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ। ਇਹ ਯੋਜਨਾ ਡਾਇਰੈਕਟ ਬੈਨੀਫਿਟ ਟ੍ਰਾਂਸਫਰ ਰਾਹੀਂ ਯੋਗ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ, ਜਿਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਅਤੇ ਘਰੇਲੂ ਖਰਚਿਆਂ ਨੂੰ ਪੂਰਾ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਉਨ੍ਹਾਂ ਦੀ ਆਜੀਵਿਕਾ ਸੁਰੱਖਿਆ ਨੂੰ ਸਹਾਇਤਾ ਮਿਲਦੀ ਹੈ।
ਖੇਤੀਬਾੜੀ ਭਾਰਤ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਜੋ ਕਰੋੜਾਂ ਕਿਸਾਨਾਂ ਦੀ ਆਜੀਵਿਕਾ ਦਾ ਅਧਾਰ ਹੈ ਅਤੇ ਦੇਸ਼ ਦੀ ਖੁਰਾਕ ਅਤੇ ਪੋਸ਼ਣ ਸੁਰੱਖਿਆ ਯਕੀਨੀ ਬਣਾਉਂਦੀ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ ਸਰਕਾਰ ਨੇ ਪਿਛਲੇ 12 ਵਰ੍ਹਿਆਂ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ, ਆਧੁਨਿਕ ਖੇਤੀਬਾੜੀ ਅਭਿਆਸਾਂ ਨੂੰ ਹੁਲਾਰਾ ਦੇਣ ਅਤੇ ਖੇਤੀਬਾੜੀ ਖੇਤਰ ਵਿੱਚ ਆਤਮਨਿਰਭਰਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ।
ਪ੍ਰਮੁੱਖ ਪਹਿਲ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ), ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਕਿਸਾਨ ਕ੍ਰੈਡਿਟ ਕਾਰਡ, ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਅਤੇ ‘ਪਰ ਡ੍ਰੌਪ ਮੋਰ ਕ੍ਰੌਪ ਸ਼ਾਮਲ ਹਨ। ਇਨ੍ਹਾਂ ਉਪਾਵਾਂ ਦਾ ਉਦੇਸ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ, ਜੋਖਮ ਸੁਰੱਖਿਆ ਨੂੰ ਮਜ਼ਬੂਤ ਕਰਨਾ, ਖੇਤੀਬਾੜੀ ਲੋਨ ਤੱਕ ਪਹੁੰਚ ਵਿੱਚ ਸੁਧਾਰ ਕਰਨਾ ਅਤੇ ਕਿਸਾਨਾਂ ਦੇ ਸਮੁੱਚੇ ਸਸ਼ਕਤੀਕਰਣ ਲਈ ਤਕਨਾਲੋਜੀ-ਅਧਾਰਿਤ ਖੇਤੀਬਾੜੀ ਸ਼ਾਸਨ ਨੂੰ ਹੁਲਾਰਾ ਦੇਣਾ ਹੈ।
ਸਰਕਾਰ ਖੁਰਾਕ ਤੇਲਾਂ ‘ਤੇ ਰਾਸ਼ਟਰੀ ਮਿਸ਼ਨ ਅਤੇ ਦਾਲਾਂ ਵਿੱਚ ਆਤਮਨਿਰਭਰਤਾ ਮਿਸ਼ਨ ਵਰਗੀ ਪਹਿਲ ਰਾਹੀਂ ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਨੂੰ ਵੀ ਅੱਗੇ ਵਧਾ ਰਹੀ ਹੈ। ਇਸ ਤੋਂ ਇਲਾਵਾ, ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਦੇਸ਼ ਭਰ ਵਿੱਚ ਕਲਸਟਰਾਂ ਦੇ ਵਿਕਾਸ ਰਾਹੀਂ ਕਿਸਾਨਾਂ ਨੂੰ ਟਿਕਾਊ ਖੇਤੀਬਾੜੀ ਵਿਧੀਆਂ ਨੂੰ ਅਪਣਾਉਣ ਲਈ ਪ੍ਰੋਤਸਾਹਿਤ ਕਰ ਰਿਹਾ ਹੈ।
ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਬਿਹਤਰ ਕੀਮਤ ਦਿਵਾਉਣ ਵਿੱਚ ਵਾਢੀ ਤੋਂ ਬਾਅਦ ਪ੍ਰਬੰਧਨ (ਪੋਸਟ-ਹਾਰਵੈਸਟ ਮੈਨੇਜਮੈਂਟ) ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਮਹੱਤਵ ਨੂੰ ਪਛਾਣਦੇ ਹੋਏ, ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐੱਫ) ਗੋਦਾਮਾਂ, ਕੋਲਡ ਸਟੋਰੇਜ ਸੁਵਿਧਾਵਾਂ, ਪ੍ਰਾਇਮਰੀ ਪ੍ਰੋਸੈੱਸਿੰਗ ਸੈਂਟਰਾਂ ਅਤੇ ਹੋਰ ਜ਼ਰੂਰੀ ਖੇਤੀਬਾੜੀ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨੂੰ ਹੁਲਾਰਾ ਦਿੰਦਾ ਹੈ। ਏਆਈਐੱਫ ਦੇ ਤਹਿਤ 2.28 ਲੱਖ ਤੋਂ ਵੱਧ ਪ੍ਰੋਜੈਕਟਾਂ ਵਿੱਚ ਲਗਭਗ 1.75 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜਿਸ ਨੇ ਦੇਸ਼ ਭਰ ਵਿੱਚ ਮਹੱਤਵਪੂਰਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਮਰਥਨ ਦਿੱਤਾ ਹੈ। ਇਨ੍ਹਾਂ ਨਿਵੇਸ਼ਾਂ ਨਾਲ ਸਟੋਰੇਜ ਅਤੇ ਪ੍ਰੋਸੈੱਸਿੰਗ ਸਮਰੱਥਾਵਾਂ ਦੇ ਮਜ਼ਬੂਤ ਹੋਣ, ਵਾਢੀ ਤੋਂ ਬਾਅਦ ਹੋਣ ਵਾਲੇ ਨੁਕਸਾਨ ਵਿੱਚ ਕਮੀ ਆਉਣ, ਬਜ਼ਾਰ ਤੱਕ ਪਹੁੰਚ ਵਿੱਚ ਸੁਧਾਰ ਹੋਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਬਿਹਤਰ ਕੀਮਤ ਮਿਲਣ ਦੀ ਉਮੀਦ ਹੈ।
ਸਰਕਾਰ ਉੱਚ-ਮੁੱਲ ਵਾਲੀਆਂ ਖੇਤੀਬਾੜੀ ਗਤੀਵਿਧੀਆਂ, ਵਿਸ਼ੇਸ਼ ਤੌਰ ‘ਤੇ ਬਾਗਬਾਨੀ ਵੱਲੋਂ ਵਿਭਿੰਨਤਾ ਨੂੰ ਵੀ ਹੁਲਾਰਾ ਦੇ ਰਹੀ ਹੈ ਤਾਂ ਜੋ ਆਮਦਨ ਦੇ ਮੌਕੇ ਵਧਣ ਅਤੇ ਖੇਤੀ ਵਧੇਰੇ ਲਾਭਕਾਰੀ ਬਣੇ। ਬਾਗਬਾਨੀ ਕਲਸਟਰਾਂ ਦਾ ਵਿਕਾਸ ਬਾਗਬਾਨੀ ਵੈਲਿਊ ਚੇਨ ਨੂੰ ਮਜ਼ਬੂਤ ਕਰਨ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਦੇ ਉਤਪਾਦਨ ਅਤੇ ਮਾਰਕੀਟਿੰਗ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਇਹ ਪਹਿਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ, ਖੇਤੀਬਾੜੀ ਬੁਨਿਆਦੀ ਢਾਂਚੇ ਦਾ ਆਧੁਨਿਕੀਕਰਣ ਕਰਨ, ਫਸਲ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਇੱਕ ਸਮ੍ਰਿੱਧ, ਸਸ਼ਕਤ ਅਤੇ ਆਤਮਨਿਰਭਰ ਖੇਤੀਬਾੜੀ ਖੇਤਰ ਦੇ ਨਿਰਮਾਣ ਦੇ ਸਰਕਾਰੀ ਯਤਨਾਂ ਨੂੰ ਹੋਰ ਗਤੀ ਪ੍ਰਦਾਨ ਕਰੇਗੀ।
*********
ਐੱਸਐੱਸ/ਡੀਕੇ/ਏਕੇ