Posted On:
10 NOV 2026 5:27PM by PIB Chandigarh
ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ, ਸ਼੍ਰੀ ਰਾਮਨਾਥ ਠਾਕੁਰ ਨੇ, ਦੇਸ਼-ਵਿਆਪੀ 'ਖੇਤ ਬਚਾਓ ਅਭਿਆਨ' ਦੇ ਹਿੱਸੇ ਵਜੋਂ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸਵਰੂਪਨਗਰ ਬਲਾਕ ਵਿੱਚ ਸਥਿਤ ਸੁਭਾਸ਼ਨਗਰ ਵਿਖੇ ICAR-ਨੈਸ਼ਨਲ ਇੰਸਟੀਟਿਊਟ ਆਫ਼ ਨੈਚੂਰਲ ਫਾਈਬਰ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ICAR-NINFET) ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਸ ਪ੍ਰੋਗਰਾਮ ਨੇ ਖੇਤੀਯੋਗ ਜ਼ਮੀਨ ਦੀ ਸੰਭਾਲ, ਮਿੱਟੀ ਦੀ ਸਿਹਤ ਦੀ ਬਹਾਲੀ ਅਤੇ ਖੇਤੀਬਾੜੀ ਲਈ ਇੱਕ ਟਿਕਾਊ ਪਹੁੰਚ ਵਜੋਂ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਪ੍ਰਤੀ ਭਾਰਤ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਇਸ ਵਿੱਚ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਲੇ ਲਈ ਮਿੱਟੀ ਦੇ ਸਰੋਤਾਂ ਨੂੰ ਸੁਰੱਖਿਅਤ ਰੱਖਣ, ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ 'ਤੇ ਬਹੁਤ ਜ਼ਿਆਦਾ ਨਿਰਭਰਤਾ ਨੂੰ ਘਟਾਉਣ ਅਤੇ ਵਾਤਾਵਰਣ-ਅਨੁਕੂਲ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ।
ਇਕੱਠ ਨੂੰ ਸੰਬੋਧਨ ਕਰਦਿਆਂ, ਮਿੱਟੀ ਦੀ ਸਿਹਤ ਬਣਾਈ ਰੱਖਣ ਲਈ ਕੁਦਰਤੀ ਖੇਤੀ ਨੂੰ ਅਪਣਾਉਣ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਨੂੰ ਘੱਟ ਤੋਂ ਘੱਟ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ, ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਅਤੇ ਵਾਤਾਵਰਣਕ ਸੰਤੁਲਨ ਨੂੰ ਉਤਸ਼ਾਹਿਤ ਕਰਨ ਲਈ ਕੁਦਰਤੀ ਖੇਤੀ ਨੂੰ ਇੱਕ ਮਹੱਤਵਪੂਰਨ ਵਿਧੀ ਦੱਸਿਆ। ਉਨ੍ਹਾਂ ਨੇ ਕਿਸਾਨਾਂ ਨੂੰ ਲੰਬੇ ਸਮੇਂ ਤੱਕ ਖੇਤੀ ਉਤਪਾਦਕਤਾ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਜਲਵਾਯੂ-ਅਨੁਕੂਲ ਖੇਤੀਬਾੜੀ ਢੰਗਾਂ, ਵਿਗਿਆਨਕ ਕਾਢਾਂ ਅਤੇ ਆਧੁਨਿਕ ਤਕਨੀਕਾਂ ਨੂੰ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ।
ਉਨ੍ਹਾਂ ਨੇ ਮਿੱਟੀ ਨੂੰ ਇੱਕ ਜੀਵਤ ਸਰੋਤ ਵਜੋਂ ਸੰਭਾਲਣ ਅਤੇ ਖੇਤੀਬਾੜੀ ਇਨਪੁਟਸ ਲਈ ਇੱਕ ਸੰਤੁਲਿਤ, ਲੋੜ-ਅਧਾਰਿਤ ਪ੍ਰਬੰਧਨ ਨੂੰ ਅਪਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ, ਪੌਸ਼ਟਿਕ ਤੱਤਾਂ ਦੀ ਵਰਤੋਂ ਦੀ ਕੁਸ਼ਲਤਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਸੌਇਲ ਹੈਲਥ ਕਾਰਡਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਟਿਕਾਊ ਅਤੇ ਕੁਦਰਤੀ ਖੇਤੀ ਅਭਿਆਸਾਂ ਨੂੰ ਅਪਣਾਉਣ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਤਕਨੀਕੀ ਮਾਰਗਦਰਸ਼ਨ, ਵਿਵਹਾਰਕ ਪ੍ਰਦਰਸ਼ਨਾਂ ਅਤੇ ਵਿਸਥਾਰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ (KVKs) ਦੀ ਭੂਮਿਕਾ 'ਤੇ ਚਾਨਣਾ ਪਾਇਆ।
ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਜੈਵਿਕ ਖਾਦਾਂ ਅਤੇ ਜੈਵਿਕ-ਕੀਟਨਾਸ਼ਕਾਂ ਦੀ ਵਰਤੋਂ ਸਮੇਤ – ਖੇਤੀ ਦੇ ਰਵਾਇਤੀ ਖੇਤੀਬਾੜੀ ਅਭਿਆਸਾਂ -ਨੂੰ ਮੁੜ ਤੋਂ ਅਪਣਾਉਣ ਦੀ ਅਪੀਲ ਕੀਤੀ, ਤਾਂ ਜੋ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਿਹਤਮੰਦ ਅਤੇ ਉੱਚ-ਗੁਣਵੱਤਾਪੂਰਨ ਉਪਜ ਹਾਸਲ ਕਰਨ ਵਿੱਚ ਮਦਦ ਮਿਲ ਸਕੇ।
ਇਸ ਸਮਾਗਮ ਦਾ ਆਯੋਜਨ ICAR-NINFET ਦੁਆਰਾ ਕੀਤਾ ਗਿਆ ਸੀ।
ਇਸ ਸਮਾਗਮ ਵਿੱਚ ਦੇਸ਼ ਭਰ ਵਿੱਚ 22 ਅਕਤੂਬਰ ਤੋਂ 30 ਨਵੰਬਰ, 2026 ਤੱਕ ਆਯੋਜਿਤ ਕੀਤੀਆਂ ਜਾ ਰਹੀਆਂ ਰਬੀ ਫਸਲਾਂ ਲਈ ਖੇਤ ਬਚਾਓ ਅਭਿਆਨ ਦੇ ਮੂਲ ਸੰਦੇਸ਼ ਨੂੰ ਦੁਹਰਾਇਆ ਗਿਆ ਕਿ ਤੰਦਰੁਸਤ ਮਿੱਟੀ ਹੀ ਸਿਹਤਮੰਦ ਫਸਲਾਂ, ਟਿਕਾਊ ਖੇਤੀ ਅਤੇ ਕਿਸਾਨਾਂ ਦੀ ਖੁਸ਼ਹਾਲੀ ਦਾ ਅਧਾਰ ਹੈ। ਖੇਤੀਬਾੜੀ ਸਰੋਤਾਂ ਦੀ ਸੰਭਾਲ ਕਰਨ ਅਤੇ ਲੰਬੇ ਸਮੇਂ ਲਈ ਭੋਜਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣਾ ਅਤੇ ਵਾਤਾਵਰਣ ਪੱਖੋਂ ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ।

****
ਐੱਸਐੱਸਐੱਸ/ਏਐੱਸ /ਬਲਜੀਤ ਸਿੰਘ...10.11.2026