Posted On:
26 NOV 2026 2:56PM by PIB Chandigarh
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪ੍ਰੈੱਸ ਇਨਫਰਮੇਸ਼ਨ ਬਿਊਰੋ ਜਲੰਧਰ ਅਤੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ ਜਲੰਧਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ, ਜਲੰਧਰ ਵਿਖੇ ਸੰਵਿਧਾਨ ਦਿਵਸ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਾਗਰਿਕ ਫ਼ਰਜ਼ਾਂ ਬਾਰੇ ਜਾਗਰੂਕ ਕਰਨਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਪੀ.ਆਈ.ਬੀ. ਤੇ ਸੀ.ਬੀ.ਸੀ. ਦੇ ਅਧਿਕਾਰੀਆਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸਹੁੰ ਚੁੱਕੀ ਗਈ, ਜਿਸ ਰਾਹੀਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦਾ ਪ੍ਰਣ ਲਿਆ ਗਿਆ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਦਿਨੇਸ਼ ਵਰਮਾ ਵੱਲੋਂ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਇਤਿਹਾਸਕ ਅਤੇ ਲੋਕਤੰਤਰੀ ਮਹੱਤਤਾ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਤੋਂ ਜਾਣੂ ਕਰਵਾਇਆ ਅਤੇ ਜ਼ੋਰ ਦਿੱਤਾ ਕਿ ਜਾਗਰੂਕ ਨਾਗਰਿਕ ਬਣਨ ਲਈ ਅਧਿਕਾਰਾਂ ਦੀ ਸਮਝ ਹੋਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਪੱਤਰ ਸੂਚਨਾ ਦਫ਼ਤਰ, ਜਲੰਧਰ ਤੋਂ ਡਾ. ਸੁਖਦੀਪ ਸਿੰਘ ਅਤੇ ਕੇਂਦਰੀ ਸੰਚਾਰ ਬਿਊਰੋ, ਜਲੰਧਰ ਤੋਂ ਗੁਰਕਮਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਪ੍ਰਤੀ ਉਨ੍ਹਾਂ ਦੇ ਮੌਲਿਕ ਫ਼ਰਜ਼ਾਂ ਜਿਵੇਂ ਕਿ ਰਾਸ਼ਟਰੀ ਝੰਡੇ ਅਤੇ ਰਾਸ਼ਟਰੀ ਗੀਤ ਦਾ ਸਤਿਕਾਰ ਕਰਨਾ, ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣਾ, ਵਿਗਿਆਨਕ ਸੋਚ ਅਪਣਾਉਣਾ ਅਤੇ ਜਨਤਕ ਜਾਇਦਾਦ ਦੀ ਰਾਖੀ ਕਰਨਾ ਆਦਿ ਸਬੰਧੀ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਨੂੰ ਵੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ।

ਇਸ ਸਮਾਗਮ ਦੌਰਾਨ ਵਿਦਿਆਰਥੀਆਂ ਅੰਦਰ ਸਿਰਜਣਾਤਮਕ ਰੁਚੀ ਪੈਦਾ ਕਰਨ ਅਤੇ ਸੰਵਿਧਾਨ ਬਾਰੇ ਉਨ੍ਹਾਂ ਦੀ ਸਮਝ ਨੂੰ ਹੋਰ ਵਧਾਉਂਦੇ ਹੋਏ ਪੇਂਟਿੰਗ ਮੁਕਾਬਲਾ ਅਤੇ ਲੇਖ ਰਚਨਾ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਆਪਣੇ ਹੁਨਰ ਤੇ ਵਿਚਾਰਾਂ ਰਾਹੀਂ ਭਾਰਤੀ ਸੰਵਿਧਾਨ ਦੀ ਮਹੱਤਤਾ ਨੂੰ ਦਰਸਾਇਆ।
ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲਲ ਅਤੇ ਸਮੂਹ ਸਟਾਫ ਵੱਲੋਂ ਮੁਕਾਬਲਿਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
**********
ਸ.ਸ./ਗ.ਸ.