Posted On:
26 NOV 2026 4:34PM by PIB Chandigarh
ਸੱਭਿਆਚਾਰ ਮੰਤਰਾਲੇ ਨੇ ਨਵੀਂ ਦਿੱਲੀ ਦੇ ਦਵਾਰਕਾ ਸਥਿਤ ਸੱਭਿਆਚਾਰਕ ਸਰੋਤ ਅਤੇ ਸਿਖਲਾਈ ਕੇਂਦਰ (ਸੀਸੀਆਰਟੀ) ਕੰਪਲੈਕਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਾਲ ਭਰ ਚੱਲੇ ਯਾਦਗਾਰੀ ਸਮਾਗਮਾਂ ਦਾ ਸਮਾਪਨ ਪ੍ਰੋਗਰਾਮ ਆਯੋਜਿਤ ਕੀਤਾ। ਇਸ ਪ੍ਰੋਗਰਾਮ ਵਿੱਚ ਜ਼ਮੀਰ ਦੀ ਸੁਤੰਤਰਤਾ, ਧਾਰਮਿਕ ਸੁਤੰਤਰਤਾ ਅਤੇ ਮਨੁੱਖਤਾ ਦੀ ਭਲਾਈ ਲਈ ਗੁਰੂ ਤੇਗ਼ ਬਹਾਦਰ ਜੀ ਦੀ ਸਰਵਉੱਚ ਸ਼ਹਾਦਤ ਨੂੰ ਯਾਦ ਕੀਤਾ ਗਿਆ।
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦਾ ਸਾਲ ਭਰ ਚੱਲਣ ਵਾਲਾ ਯਾਦਗਾਰੀ ਸਮਾਗਮ 24 ਨਵੰਬਰ, 2025 ਤੋਂ 24 ਨਵੰਬਰ, 2026 ਤੱਕ ਮਨਾਇਆ ਗਿਆ। ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਇਸ ਦੀ ਸ਼ੁਰੂਆਤ ਕੀਤੀ ਗਈ। ਇਸ ਯਾਦਗਾਰੀ ਸਮਾਗਮ ਤਹਿਤ ਦੇਸ਼ ਭਰ ਵਿੱਚ ਪ੍ਰੋਗਰਾਮਾਂ ਦੀ ਇੱਕ ਲੜੀ ਕਰਵਾਈ ਗਈ, ਜਿਨ੍ਹਾਂ ਦਾ ਉਦੇਸ਼ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਰਵਉੱਚ ਸ਼ਹਾਦਤ ਨੂੰ ਉਜਾਗਰ ਕਰਨਾ ਸੀ। ਇਸ ਯਾਦਗਾਰੀ ਸਮਾਗਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਨਮਾਨ ਵਿੱਚ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੇ ਗਏ।

ਸਮਾਪਤੀ ਸਮਾਰੋਹ ਵਿੱਚ ਕੇਂਦਰੀ ਸੱਭਿਆਚਾਰ ਅਤੇ ਟੂਰਿਜ਼ਮ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ਼੍ਰੀ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤੀ ਹਵਾਈ ਸੈਨਾ ਦੇ ਸਾਬਕਾ ਹਵਾਈ ਸੈਨਾ ਮੁਖੀ ਸ਼੍ਰੀ ਅਮਰ ਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਇਸ ਮੌਕੇ ‘ਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਪ੍ਰੋਗਰਾਮ ਵਿੱਚ ਸ਼ਬਦ ਕੀਰਤਨ, ਇੱਕ ਪ੍ਰਦਰਸ਼ਨੀ ਅਤੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਰਵਉੱਚ ਸ਼ਹਾਦਤ ਨੂੰ ਉਜਾਗਰ ਕਰਨ ਵਾਲੀ ਇੱਕ ਲਘੂ ਫ਼ਿਲਮ ਪੇਸ਼ ਕੀਤੀ ਗਈ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਉਨ੍ਹਾਂ ਦੇ ਦਇਆ, ਸਾਹਸ, ਮਨੁੱਖੀ ਮਾਣ-ਸਨਮਾਨ ਅਤੇ ਜ਼ਮੀਰ ਦੀ ਸੁਤੰਤਰਤਾ ਪ੍ਰਤੀ ਸਨਮਾਨ ਦੇ ਸੰਦੇਸ਼ ‘ਤੇ ਚਿੰਤਨ ਕਰਨ ਦਾ ਮੌਕਾ ਮਿਲਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਇਹ ਮੌਕਾ ਸਿਰਫ਼ ਇੱਕ ਪ੍ਰੋਗਰਾਮ ਦੀ ਸਮਾਪਤੀ ਨਹੀਂ, ਸਗੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਯਾਦਗਾਰ, ਸ਼ਰਧਾ, ਚਿੰਤਨ ਅਤੇ ਜਨ-ਜਾਗਰੂਕਤਾ ਦੀ ਸਾਲ ਭਰ ਚੱਲੀ ਮੁਹਿੰਮ ਦੀ ਸਮਾਪਤੀ ਸੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਯਾਦਗਾਰੀ ਸਮਾਗਮ ਦਾ ਉਦੇਸ਼ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣਾ ਅਤੇ ਮੌਜੂਦਾ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਸਮਝਣ, ਅਪਣਾਉਣ ਅਤੇ ਅੱਗੇ ਵਧਾਉਣ ਦੇ ਯੋਗ ਬਣਾਉਣਾ ਸੀ।
ਉਨ੍ਹਾਂ ਅੱਗੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮਨੁੱਖੀ ਉਪਲਬਧੀਆਂ ਦਾ ਮੁਲਾਂਕਣ ਸਿਰਫ਼ ਭੌਤਿਕ ਉਪਲਬਧੀਆਂ ਦੇ ਅਧਾਰ ‘ਤੇ ਨਹੀਂ ਕੀਤਾ ਜਾ ਸਕਦਾ। ਮਨੁੱਖੀ ਜੀਵਨ ਅਤੇ ਤਰੱਕੀ ਦਾ ਅਸਲ ਉਦੇਸ਼ ਅਜਿਹੇ ਸਮਾਜ ਦਾ ਨਿਰਮਾਣ ਕਰਨਾ ਹੈ, ਜਿੱਥੇ ਹਰੇਕ ਵਿਅਕਤੀ ਦੀ ਸੁਤੰਤਰਤਾ ਅਤੇ ਮਾਣ-ਸਨਮਾਨ ਦੀ ਰੱਖਿਆ ਹੋਵੇ ਅਤੇ ਇਨ੍ਹਾਂ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਅੱਜ ਵੀ ਇਨ੍ਹਾਂ ਕਦਰਾਂ-ਕੀਮਤਾਂ ਦੀ ਦਿਸ਼ਾ ਵਿੱਚ ਮਾਰਗਦਰਸ਼ਨ ਪ੍ਰਦਾਨ ਕਰਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰਸੰਗਿਕ ਬਣੀਆਂ ਰਹਿਣਗੀਆਂ।

ਭਾਰਤੀ ਹਵਾਈ ਸੈਨਾ ਦੇ ਸਾਬਕਾ ਹਵਾਈ ਸੈਨਾ ਮੁਖੀ ਸ਼੍ਰੀ ਅਮਰ ਪ੍ਰੀਤ ਸਿੰਘ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਦੂਜਿਆਂ ਦੇ ਅਧਿਕਾਰਾਂ ਅਤੇ ਆਸਥਾ ਦੀ ਸੁਤੰਤਰਤਾ ਦੀ ਰੱਖਿਆ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਵਿਅਕਤੀ ਆਪਣੀ ਆਸਥਾ ਅਤੇ ਵਿਸ਼ਵਾਸਾਂ ਦੀ ਰੱਖਿਆ ਕਰਨ ਦਾ ਯਤਨ ਕਰਦੇ ਹਨ, ਜਦਕਿ ਗੁਰੂ ਤੇਗ਼ ਬਹਾਦਰ ਜੀ ਨੇ ਦੂਜਿਆਂ ਦੇ ਵਿਸ਼ਵਾਸਾਂ ਅਤੇ ਉਨ੍ਹਾਂ ਦੀ ਸੁਤੰਤਰਤਾ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹੀ ਗੱਲ ਗੁਰੂ ਜੀ ਦੀ ਸ਼ਹਾਦਤ ਨੂੰ ਸੱਚਮੁੱਚ ਅਸਧਾਰਨ ਬਣਾਉਂਦੀ ਹੈ ਅਤੇ ਇਸ ਨੂੰ ਨਿਰਸਵਾਰਥਤਾ ਅਤੇ ਸਾਹਸ ਦੀ ਇੱਕ ਸਦੀਵੀ ਮਿਸਾਲ ਬਣਾਉਂਦੀ ਹੈ।
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ਼੍ਰੀ ਇਕਬਾਲ ਸਿੰਘ ਲਾਲਪੁਰਾ ਨੇ ਸਾਲ ਭਰ ਚੱਲੇ ਯਾਦਗਾਰੀ ਸਮਾਗਮ ਦੇ ਆਯੋਜਨ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਦੇਸ਼ ਭਰ ਦੇ ਲੋਕਾਂ ਤੱਕ ਪਹੁੰਚਾਉਣ ਲਈ ਸੱਭਿਆਚਾਰ ਮੰਤਰਾਲੇ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸੱਭਿਆਚਾਰ ਮੰਤਰਾਲੇ ਦੇ ਸੰਯੁਕਤ ਸਕੱਤਰ ਸ਼੍ਰੀ ਸਮਰ ਨੰਦਾ ਨੇ ਦੇਸ਼ ਭਰ ਦੇ ਲੋਕਾਂ ਤੱਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਨੂੰ ਪਹੁੰਚਾਉਣ ਲਈ ਮੰਤਰਾਲੇ ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਰਵਾਏ ਗਏ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਗੱਲ ਨੂੰ ਰੇਖਾਂਕਿਤ ਕੀਤਾ ਕਿ ਇਨ੍ਹਾਂ ਪ੍ਰੋਗਰਾਮਾਂ ਨੇ ਵਿਦਵਾਨਾਂ, ਕਲਾਕਾਰਾਂ, ਧਾਰਮਿਕ ਸੰਗਠਨਾਂ ਅਤੇ ਸਥਾਨਕ ਭਾਈਚਾਰਿਆਂ ਨੂੰ ਇੱਕ ਸਾਂਝੇ ਮੰਚ ‘ਤੇ ਲਿਆ ਕੇ ਗੁਰੂ ਸਾਹਿਬ ਜੀ ਦੇ ਆਦਰਸ਼ਾਂ ਨੂੰ ਸਾਂਝਾ ਕਰਨ ਅਤੇ ਉਨ੍ਹਾਂ ‘ਤੇ ਚਿੰਤਨ ਕਰਨ ਦਾ ਮੌਕਾ ਪ੍ਰਦਾਨ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਸੱਭਿਆਚਾਰਕ ਸਰੋਤ ਅਤੇ ਸਿਖਲਾਈ ਕੇਂਦਰ (ਸੀਸੀਆਰਟੀ) ਨੇ ਵਿਦਿਆਰਥੀਆਂ ਨੂੰ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਸਕੂਲਾਂ ਵਿੱਚ ਵਿੱਦਿਅਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ। ਇਸ ਪਹਿਲਕਦਮੀ ਤਹਿਤ 220 ਸਕੂਲਾਂ ਵਿੱਚ ਵਰਕਸ਼ਾਪਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚ ਲਗਭਗ 68,000 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਯਤਨਾਂ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਦਇਆ, ਨਿਰਸਵਾਰਥਤਾ, ਨਿਡਰਤਾ, ਸੇਵਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਤੋਂ ਜਾਣੂ ਕਰਵਾਉਣਾ ਸੀ।
ਇਨ੍ਹਾਂ ਪਹਿਲਕਦਮੀਆਂ ਰਾਹੀਂ ਸੱਭਿਆਚਾਰ ਮੰਤਰਾਲੇ ਨੇ ਭਾਰਤ ਦੀ ਸਮ੍ਰਿੱਧ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਪ੍ਰਮੋਸ਼ਨ ਅਤੇ ਮਹਾਨ ਅਧਿਆਤਮਿਕ ਸ਼ਖ਼ਸੀਅਤਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।

***************
ਐੱਮ ਅੰਨਾਦੁਰਾਈ/ਏਕੇ