Posted On:
26 NOV 2026 4:10PM by PIB Chandigarh
ਉਪ-ਰਾਸ਼ਟਰਪਤੀ ਨੇ ਇਸ ਮੌਕੇ ਨੂੰ ਭਾਰਤ ਦੀ ਲੋਕਤੰਤਰੀ ਯਾਤਰਾ ਦਾ ਇੱਕ ਇਤਿਹਾਸਕ ਪੜਾਅ ਦੱਸਦਿਆਂ ਕਿਹਾ ਕਿ ਸੰਵਿਧਾਨ ਨੂੰ ਸਾਰੀਆਂ ਅਨੁਸੂਚਿਤ ਭਾਸ਼ਾਵਾਂ ਵਿੱਚ ਉਪਲਬਧ ਕਰਵਾਉਣਾ ਭਾਰਤ ਦੀ ਭਾਸ਼ਾਈ ਵਿਭਿੰਨਤਾ ਅਤੇ ਲੋਕਤੰਤਰੀ ਸ਼ਮੂਲੀਅਤ ਦਾ ਜਸ਼ਨ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਤ-ਭਾਸ਼ਾ ਵਿੱਚ ਸੰਵਿਧਾਨ ਦੀ ਉਪਲਬਧਤਾ ਨਾਲ ਨਾਗਰਿਕ ਸ਼ਾਸਨ ਪ੍ਰਣਾਲੀ, ਆਪਣੇ ਸੰਵਿਧਾਨਕ ਅਧਿਕਾਰਾਂ, ਫ਼ਰਜ਼ਾਂ ਅਤੇ ਕਦਰਾਂ-ਕੀਮਤਾਂ ਨੂੰ ਬਿਹਤਰ ਢੰਗ ਨਾਲ ਸਮਝ ਸਕਣਗੇ।
ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਸੰਵਿਧਾਨ ਦੀ ਖਰੜਾ ਕਮੇਟੀ ਦੇ ਚੇਅਰਮੈਨ ਡਾ. ਬੀ. ਆਰ. ਅੰਬੇਡਕਰ ਅਤੇ ਸੰਵਿਧਾਨ ਸਭਾ ਦੇ ਹੋਰ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੰਵਿਧਾਨ ਕੇਵਲ ਇੱਕ ਕਾਨੂੰਨੀ ਢਾਂਚਾ ਹੀ ਨਹੀਂ, ਸਗੋਂ ਰਾਸ਼ਟਰ ਦੀ ਜਿਊਂਦੀ-ਜਾਗਦੀ ਆਤਮਾ ਹੈ। ਉਨ੍ਹਾਂ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਉਨ੍ਹਾਂ ਦੀ ਟੀਮ ਦੇ ਸੰਵਿਧਾਨ ਨੂੰ ਆਮ ਜਨਤਾ ਦੇ ਹੋਰ ਨੇੜੇ ਲਿਆਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਯਤਨ ਭਾਰਤ ਦੀ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਉਪ-ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੀਆਂ ਭਾਸ਼ਾਵਾਂ ਅਤੇ ਗਿਆਨ ਪਰੰਪਰਾਵਾਂ ਦੀ ਸੰਭਾਲ ਅਤੇ ਪ੍ਰਫੁੱਲਤਾ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 'ਗਿਆਨ ਭਾਰਤਮ' ਅਤੇ 'ਕਾਸ਼ੀ ਤਮਿਲ ਸੰਗਮਮ' ਭਾਰਤ ਦੀ ਸੱਭਿਅਤਾਗਤ ਵਿਰਾਸਤ ਨੂੰ ਸੰਭਾਲਣ ਅਤੇ ਵੱਖ-ਵੱਖ ਖੇਤਰਾਂ ਵਿਚਕਾਰ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਕਿਹਾ ਕਿ ਭਾਰਤ ਦੀ ਅਸਲ ਤਾਕਤ ਉਸ ਦੀ ਵਿਭਿੰਨਤਾ ਵਿੱਚ ਹੈ ਅਤੇ ਭਾਸ਼ਾਵਾਂ ਕੇਵਲ ਸੰਵਾਦ ਦਾ ਮਾਧਿਅਮ ਹੀ ਨਹੀਂ, ਸਗੋਂ ਸੱਭਿਆਚਾਰ, ਪਰੰਪਰਾ ਅਤੇ ਪਛਾਣ ਦੀਆਂ ਵਾਹਕ ਵੀ ਹਨ। ਉਨ੍ਹਾਂ ਸਾਰੀਆਂ ਭਾਰਤੀ ਭਾਸ਼ਾਵਾਂ ਪ੍ਰਤੀ ਆਪਸੀ ਸਤਿਕਾਰ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਵਿਅਕਤੀ ਦਾ ਆਪਣੀ ਮਾਤ-ਭਾਸ਼ਾ ਪ੍ਰਤੀ ਵਿਸ਼ੇਸ਼ ਲਗਾਅ ਹੁੰਦਾ ਹੈ, ਪਰ ਦੂਜਿਆਂ ਦੀਆਂ ਭਾਸ਼ਾਵਾਂ ਅਤੇ ਮਾਤ-ਭਾਸ਼ਾਵਾਂ ਦਾ ਸਤਿਕਾਰ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਨਾਗਰਿਕਾਂ ਨੂੰ ਆਪਣੀ ਮਾਤ-ਭਾਸ਼ਾ ਦਾ ਜਸ਼ਨ ਮਨਾਉਣ ਅਤੇ ਭਾਰਤ ਨੂੰ ਇੱਕ ਸਦਭਾਵਨਾ ਭਰਪੂਰ ਰਾਸ਼ਟਰ ਬਣਾਉਣ ਵਾਲੀ ਅਮੀਰ ਭਾਸ਼ਾਈ ਵਿਭਿੰਨਤਾ ਨੂੰ ਅਪਣਾਉਣ ਦਾ ਸੱਦਾ ਦਿੱਤਾ।
ਉਪ-ਰਾਸ਼ਟਰਪਤੀ ਨੇ ਮਹਾਂਕਵੀ ਸੁਬਰਾਮਨੀਅਮ ਭਾਰਤੀ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤ ਵਿੱਚ ਭਾਵੇਂ ਅਨੇਕਾਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ, ਪਰ ਦੇਸ਼ ਦੇ ਵਿਚਾਰ, ਉਮੰਗਾਂ ਅਤੇ ਕਾਰਜ ਰਾਸ਼ਟਰ ਦੀ ਸੇਵਾ ਲਈ ਇੱਕਜੁੱਟ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ 22 ਅਨੁਸੂਚਿਤ ਭਾਸ਼ਾਵਾਂ ਵਿੱਚ ਸੰਵਿਧਾਨ ਦਾ ਜਾਰੀ ਹੋਣਾ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਭਾਵਨਾ ਨੂੰ ਸਾਕਾਰ ਕਰਦਾ ਹੈ ਅਤੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਟੀਚੇ ਦੀ ਦਿਸ਼ਾ ਵਿੱਚ ਦੇਸ਼ ਦੀ ਯਾਤਰਾ ਨੂੰ ਹੋਰ ਮਜ਼ਬੂਤ ਬਣਾਏਗਾ।
ਉਪ-ਰਾਸ਼ਟਰਪਤੀ ਨੇ ਸਾਰਿਆਂ ਨੂੰ 'ਰਾਸ਼ਟਰ ਪਹਿਲਾਂ' ਦੇ ਮਾਰਗਦਰਸ਼ਕ ਸਿਧਾਂਤ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੀਆਂ ਭਾਸ਼ਾਵਾਂ ਦੀ ਸੰਭਾਲ, ਉਨ੍ਹਾਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਲਈ ਇੱਕ ਮਜ਼ਬੂਤ ਅਤੇ ਇੱਕਜੁੱਟ ਰਾਸ਼ਟਰ ਦਾ ਹੋਣਾ ਜ਼ਰੂਰੀ ਹੈ।
ਇਸ ਮੌਕੇ 'ਤੇ ਕੇਂਦਰੀ ਕਾਨੂੰਨ ਅਤੇ ਨਿਆਂ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ, ਵਿਧਾਨਕ ਵਿਭਾਗ ਦੇ ਸਕੱਤਰ ਡਾ. ਰਾਜੀਵ ਮਣੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
****
ਪੀਆਰ/ਏਐੱਸਐੱਮ/ਵੀਐੱਮ